ਸੁਖਬੀਰ ਵੱਲੋਂ ਪਾਰਟੀ ਕਾਰਕੁੰਨਾਂ ਨੂੰ ਹੜ੍ਹ-ਪੀੜਤਾਂ ਦੀ ਮਦਦ ਕਰਨ ਦੀ ਅਪੀਲ !!!

Last Updated: Aug 19 2019 19:29
Reading time: 1 min, 54 secs

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਹੜ੍ਹ ਪੀੜਤ ਇਲਾਕਿਆਂ ਵਿੱਚ ਜਾ ਕੇ ਸਾਰੇ ਹੜ੍ਹ-ਪੀੜਤਾਂ ਦੀ ਮਦਦ ਕਰਨ। ਇਸਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਪ੍ਰਸ਼ਾਸਨ ਨੂੰ ਹੜ੍ਹ-ਪੀੜਤਾਂ ਨੂੰ ਤੁਰੰਤ ਮੁਆਵਜ਼ਾ ਦੇਣ ਦਾ ਨਿਰਦੇਸ਼ ਜਾਰੀ ਕਰਨ। ਇੱਥੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਰਿਪੋਰਟਾਂ ਮਿਲੀਆਂ ਹਨ ਕਿ ਯੂਥ ਅਕਾਲੀ ਦਲ ਨੇ ਨਵਾਂਸ਼ਹਿਰ ਅਤੇ ਰੋਪੜ ਦੇ ਪਿੰਡਾਂ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਵੱਧ ਚੜ੍ਹ ਕੇ ਕੰਮ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੈਂ ਸਾਰੇ ਅਕਾਲੀ ਕਾਰਕੁੰਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਹੜ੍ਹਾਂ ਦਾ ਸ਼ਿਕਾਰ ਹੋਏ ਸਾਡੇ ਭੈਣਾਂ-ਭਰਾਵਾਂ ਦੀ ਮਦਦ ਲਈ ਅੱਗੇ ਆਉਣ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨ। ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ 2022 ਵਿੱਚ ਅਕਾਲੀ-ਭਾਜਪਾ ਸਰਕਾਰ ਦੁਬਾਰਾ ਸੱਤਾ ਵਿੱਚ ਆ ਗਈ ਤਾਂ ਉਹ ਫਿਰੋਜ਼ਪੁਰ ਦਾ ਬਠਿੰਡਾ ਵਾਂਗ ਵਿਕਾਸ ਕਰਨਗੇ। ਉਨ੍ਹਾਂ ਕਿਹਾ ਕਿ ਬਤੌਰ ਸੰਸਦ ਮੈਂਬਰ ਵੀ ਉਹ ਇਸ ਜ਼ਿਲ੍ਹੇ ਵਿੱਚ ਵਧੀਆ ਰੇਲ ਆਵਾਜਾਈ ਤੋਂ ਲੈ ਕੇ ਫੂਡ ਪ੍ਰੋਸੈਸਿੰਗ ਯੂਨਿਟ ਲਗਵਾਉਣ ਤੱਕ ਬਹੁਤ ਸਾਰੇ ਕਾਰਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਕੇਂਦਰੀ ਸਿਹਤ ਮੰਤਰੀ ਨੂੰ ਮਿਲ ਕੇ ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਕੇਂਦਰ ਦਾ ਜਲਦੀ ਉਦਘਾਟਨ ਕਰਨ ਦੀ ਬੇਨਤੀ ਕੀਤੀ ਸੀ।

ਅਕਾਲੀ ਦਲ ਪ੍ਰਧਾਨ ਨੇ ਹਰ ਪਰਿਵਾਰ ਨੂੰ ਸਾਲਾਨਾ 5 ਲੱਖ ਰੁਪਏ ਤੱਕ ਦਾ ਇਲਾਜ ਕਰਵਾਉਣ ਦੀ ਸਹੂਲਤ ਦੇਣ ਵਾਲੀ ਕੇਂਦਰ ਸਰਕਾਰ ਦੀ ਆਯੂਸ਼ਮਾਨ ਭਾਰਤ ਮੈਡੀਕਲ ਬੀਮਾ ਸਕੀਮ ਨੂੰ ਇੱਕ ਸਾਲ ਤੋਂ ਵੱਧ ਸਮੇਂ ਤੱਕ ਲਾਗੂ ਨਾ ਕਰਕੇ ਗਰੀਬਾਂ ਤਬਕਿਆਂ ਦੀ ਅਣਦੇਖੀ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫਟਕਾਰਿਆ। ਉਨ੍ਹਾਂ ਕਿਹਾ ਕਿ ਇਹ ਸਿਰਫ ਸਿਆਸੀ ਕਾਰਣਾਂ ਕਰਕੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਕੀਮ ਦਾ ਸਿਹਰਾ ਲੈਣ ਲਈ ਇਸਦਾ ਨਾਂਅ ਬਦਲ ਕੇ ਸਰਬ ਸਿਹਤ ਬੀਮਾ ਯੋਜਨਾ ਰੱਖ ਦਿੱਤਾ ਹੈ। ਜਦਕਿ ਸਚਾਈ ਇਹ ਹੈ ਕਿ ਇਸ ਸਕੀਮ ਵਾਸਤੇ 60 ਫੀਸਦੀ ਰਾਸ਼ੀ ਕੇਂਦਰ ਸਰਕਾਰ ਨੇ ਦਿੱਤੀ ਹੈ।

ਬਾਦਲ ਨੇ ਕਿਹਾ ਕਿ ਕਿੰਨੀ ਨਿੰਦਣਯੋਗ ਗੱਲ ਹੈ ਕਿ ਨਿਰਦੋਸ਼ ਜਾਨਾਂ ਨੂੰ ਬਚਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੈਡੀਕਲ ਬੀਮਾ ਸਕੀਮ ਨੂੰ ਇੱਕ ਸਾਲ ਬਾਅਦ ਉਸ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਨਮ ਵਰ੍ਹੇਗੰਢ ਉੱਤੇ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸਦੇ ਹੱਥ ਦਿੱਲੀ ਵਿੱਚ ਬੇਗੁਨਾਹ ਸਿੱਖਾਂ ਦੇ ਖੂਨ ਨਾਲ ਲਿੱਬੜੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਾਂਗਰਸ ਸਰਕਾਰ ਦੀ ਇਸ ਹਰਕਤ ਅਤੇ ਕੇਂਦਰੀ ਸਕੀਮਾਂ 'ਤੇ ਸਿਆਸਤ ਕਰਨ ਦੀ ਕਾਰਵਾਈ ਦੀ ਨਿੰਦਾ ਕਰਦੇ ਹਾਂ।