ਜੋਜੋ ਸਮਗਲਰ ਹੈਰੋਇਨ ਸਮੇਤ ਚੜਿਆ ਨਾਰਕੋਟਿਕ ਕੰਟਰੋਲ ਸੈੱਲ ਹੱਥੇਂ.!!

Last Updated: Aug 27 2019 11:51
Reading time: 0 mins, 55 secs

ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੇ ਵੱਲੋਂ ਜੋਜੋ ਨਾਂਅ ਦੇ ਇੱਕ ਸਮੱਗਲਰ ਨੂੰ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਥਾਣਾ ਕੈਂਟ ਫਿਰੋਜ਼ਪੁਰ ਦੇ ਵੱਲੋਂ ਉਕਤ ਸਮੱਗਲਰ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੇ ਸਬ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਬੀਤੇ ਦਿਨ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਸ਼ਮਸ਼ਾਨਘਾਟ ਰੋਡ ਕੈਂਟ ਫਿਰੋਜ਼ਪੁਰ ਵਿਖੇ ਤਾਇਨਾਤ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਦੇ ਵੱਲੋਂ ਸ਼ੱਕ ਦੇ ਤਹਿਤ ਇੱਕ ਮੋਟਰਸਾਈਕਲ ਵਿਅਕਤੀ ਨੂੰ ਰੋਕਿਆ ਗਿਆ।  

ਪੁਲਿਸ ਨੇ ਦਾਅਵਾ ਕਰਦਿਆ ਹੋਇਆ ਦੱਸਿਆ ਕਿ ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਮੁਤਾਬਿਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਲੱਖਾਂ ਰੁਪਏ ਹੈ। ਪੁਲਿਸ ਨੇ ਦੱਸਿਆ ਕਿ ਫੜੇ ਗਏ ਸਮੱਗਲਰ ਦੀ ਪਛਾਣ ਅੰਕੁਸ਼ ਉਰਫ਼ ਜੋਜੋ ਪੁੱਤਰ ਸੁਭਾਸ਼ ਵਾਸੀ ਵਾਰਡ ਨੰਬਰ 6 ਘੁਮਿਆਰ ਮੰਡੀ ਫਿਰੋਜ਼ਪੁਰ ਕੈਂਟ ਵਜੋਂ ਹੋਈ ਹੈ। ਸਬ ਇੰਸਪੈਕਟਰ ਨੇ ਦੱਸਿਆ ਕਿ ਉਕਤ ਸਮੱਗਲਰ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।