ਰੋਜ਼ਗਾਰ ਮੇਲਿਆਂ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਏਡੀਸੀ ਨੇ ਯੂਥ ਕਲੱਬਾਂ ਨਾਲ ਕੀਤੀ ਮੀਟਿੰਗ

Last Updated: Sep 11 2019 12:46
Reading time: 1 min, 16 secs

ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਫਤਹਿਗੜ 19 ਸਤੰਬਰ ਤੋਂ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਸਬੰਧੀ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਾਗਰੂਕ ਕਰਕੇ ਇਨ੍ਹਾਂ ਮੇਲਿਆਂ 'ਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਕਿ ਉਹ ਇਨ੍ਹਾਂ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਪੈਰਾਂ ਤੇ ਖੜੇ ਹੋ ਸਕਣ। ਇਨ੍ਹਾਂ ਵਿੱਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫ਼ਸਰ ਕਮ ਅਸਿਸਟੈਂਟ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੂਥ ਕਲੱਬਾਂ ਨਾਲ ਮੀਟਿੰਗ ਦੌਰਾਨ ਕੀਤਾ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਏਡੀਸੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਯੂਥ ਕਲੱਬ ਵੱਧ ਤੋਂ ਵੱਧ ਨੌਜਵਾਨਾਂ ਖਾਸ ਕਰਕੇ ਪਿੰਡਾਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਸਬੰਧੀ ਜਾਗਰੂਕ ਕਰਨ। ਇਸ ਕੰਮ ਲਈ ਯੂਥ ਕਲੱਬ ਪਿੰਡ ਦੀਆਂ ਸਾਂਝੀਆਂ ਥਾਵਾਂ ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਕਈ ਨਾਮਵਰ ਕੰਪਨੀਆਂ ਸਮੇਤ ਵੱਖ-ਵੱਖ ਕੰਪਨੀਆਂ ਕਰੀਬ 6 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਮੌਕੇ ਲੈ ਕੇ ਸ਼ਾਮਲ ਹੋਣਗੀਆਂ। ਇਸਦੇ ਨਾਲ ਨਾਲ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਘੱਟ ਵਿਆਜ ਦਰ ਤੇ ਕਰਜ਼ੇ ਵੀ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਨੇ ਇਸ ਮੌਕੇ ਯੂਥ ਕਲੱਬਾਂ ਦੇ ਮੈਂਬਰਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਸਬੰਧੀ ਜਾਣਕਾਰੀ ਦੇਣ ਲਈ ਪ੍ਰਕਾਸ਼ਿਤ ਕਰਵਾਏ ਪੋਸਟਰ ਵੀ ਸੌਂਪੇ ਤਾਂ ਕਿ ਇਨ੍ਹਾਂ ਪੋਸਟਰਾਂ ਨੂੰ ਸਾਂਝੀਆਂ ਥਾਵਾਂ ਤੇ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਮੀਟਿੰਗ ਵਿੱਚ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਅਰਵਿੰਦਰ ਕੌਰ, ਮਾਡਲ ਕਰੀਅਰ ਸੈਂਟਰ ਦੇ ਯੰਗ ਪ੍ਰੋਫੈਸ਼ਨਲ ਰਾਹੁਲ ਵੋਹਰਾ, ਕਰੀਅਰ ਕਾਊਂਸਲਰ ਅਨੁਜ ਦੱਤਾ, ਨਹਿਰੂ ਯੁਵਾ ਕੇਂਦਰ ਦੀ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਸ਼ੀਨੂੰ ਬਾਲਾ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਯੂਥ ਕਲੱਬਾਂ ਦੇ ਮੈਂਬਰ ਵੀ ਮੌਜੂਦ ਸਨ।