ਜ਼ਮੀਨੀ ਰੰਜਿਸ਼ ਦੇ ਚੱਲਦਿਆਂ ਵਿਅਕਤੀ 'ਤੇ ਕਾਤਲਾਨਾ ਹਮਲਾ, ਰੈਫ਼ਰ!!

Last Updated: Sep 11 2019 13:41
Reading time: 1 min, 2 secs

ਨਜ਼ਦੀਕੀ ਪਿੰਡ ਸੋਢੀ ਨਗਰ ਵਿਖੇ ਜ਼ਮੀਨੀ ਝਗੜੇ ਦੇ ਚੱਲਦਿਆਂ ਇੱਕ ਵਿਅਕਤੀ 'ਤੇ ਕਾਤਲਾਨਾ ਹਮਲਾ ਕਰਦਿਆਂ ਹੋਇਆਂ, ਉਸ ਦੀ ਬੇਰਹਿਮੀ ਦੇ ਨਾਲ ਕੁੱਟਮਾਰ ਕੀਤੀ ਗਈ। ਹਮਲਾ ਕਰਨ ਦੇ ਦੋਸ਼ ਵਿੱਚ ਪੁਲਿਸ ਥਾਣਾ ਘੱਲ ਖੁਰਦ ਦੇ ਵੱਲੋਂ ਤਿੰਨ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਲਦੇਵ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਸੋਢੀ ਨਗਰ ਨੇ ਘੱਲ ਖੁਰਦ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਕਿ ਉਨ੍ਹਾਂ ਦਾ ਜ਼ਮੀਨੀ ਝਗੜਾ ਹਰਬੰਸ ਸਿੰਘ, ਦਇਆ ਸਿੰਘ ਅਤੇ ਮਨਦੀਪ ਸਿੰਘ ਦੇ ਨਾਲ ਚੱਲਦਾ ਆ ਰਿਹਾ ਸੀ। ਬਲਦੇਵ ਸਿੰਘ ਨੇ ਦੋਸ਼ ਲਗਾਇਆ ਕਿ ਇਸੇ ਰੰਜਿਸ਼ ਦੇ ਚੱਲਦਿਆ ਉਕਤ ਵਿਅਕਤੀਆਂ ਨੇ ਮੁੱਦਈ ਦੀ ਹਮਮਸ਼ਵਰਾ ਹੋ ਕੇ ਹਮਲਾ ਕਰਦਿਆ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ ਹਨ।

ਬਲਦੇਵ ਸਿੰਘ ਮੁਤਾਬਿਕ ਸੱਟਾਂ ਵੱਜਣ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਪਰਿਵਾਰ ਵਾਲਿਆਂ ਦੇ ਵੱਲੋਂ ਉਸ ਨੂੰ ਸਥਾਨਕ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਹਾਲਤ ਗੰਭੀਰ ਵੇਖਦਿਆ ਹੋਇਆ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿਥੇ ਮੁੱਦਈ ਦਾ ਇਲਾਜ਼ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਲਦੇਵ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਹਰਬੰਸ ਸਿੰਘ ਪੁੱਤਰ ਮੋਹਣ ਸਿੰਘ, ਦਇਆ ਪੁੱਤਰ ਹਰਬੰਸ ਸਿੰਘ ਅਤੇ ਮਨਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀਅਨ ਸੋਢੀ ਨਗਰ ਦੇ ਵਿਰੁੱਧ ਆਈਪੀਸੀ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।