ਸ਼ਰਾਬ ਦੇ ਨਜਾਇਜ਼ ਧੰਦੇ ਦਾ ਪਰਦਾਫਾਸ਼, ਦੋ ਕਾਬੂ

Last Updated: Sep 14 2019 14:58
Reading time: 1 min, 12 secs

ਆਬਕਾਰੀ ਵਿਭਾਗ ਸਰਕਲ ਜ਼ੀਰਾ ਅਤੇ ਥਾਣਾ ਲੱਖੋ ਕੇ ਬਹਿਰਾਮ ਦੇ ਵਲੋਂ ਨਜਾਇਜ਼ ਸ਼ਰਾਬ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਹੋਇਆ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਫੜੇ ਗਏ ਦੋਵਾਂ ਵਿਅਕਤੀਆਂ ਦੇ ਵਿਰੁੱਧ ਮਾਮਲੇ ਦਰਜ ਕੀਤੇ ਗਏ ਹਨ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਲੱਖੋ ਕੇ ਬਹਿਰਾਮ ਦੇ ਏਐਸਆਈ ਆਤਮਾ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਸਮੇਤ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲੈ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਦੇ ਵਲੋਂ ਇੱਕ ਕਾਰ ਨੂੰ ਰੋਕਿਆ ਗਿਆ, ਜਿਸ ਵਿੱਚ ਇੱਕ ਵਿਅਕਤੀ ਸਵਾਰ ਸੀ। ਪੁਲਿਸ ਨੇ ਦਾਅਵਾ ਕਰਦਿਆਂ ਹੋਇਆ ਦੱਸਿਆ ਕਿ ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਦੇ ਵਿੱਚੋਂ 15 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।

ਪੁਲਿਸ ਮੁਤਾਬਿਕ ਸ਼ਰਾਬ ਸਮੇਤ ਫੜੇ ਗਏ ਵਿਅਕਤੀ ਦੀ ਪਛਾਣ ਅਮਰੀਕ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪੰਜੇ ਕੇ ਉਤਾੜ ਝੁੱਗੇ ਛਿੱਲੀਆਂ ਵਾਲੇ ਵਜੋਂ ਹੋਈ ਹੈ, ਜਿਸ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਆਬਕਾਰੀ ਵਿਭਾਗ ਸਰਕਲ ਜ਼ੀਰਾ ਦੇ ਹੌਲਦਾਰ ਤੇਜ਼ ਬਹਾਦਰ ਸਿੰਘ ਨੇ ਦਾਅਵਾ ਕਰਦਿਆਂ ਹੋਇਆ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੇ ਵਲੋਂ ਬੀਤੇ ਦਿਨ ਬਸਤੀ ਮਾਛੀਆਂ ਜ਼ੀਰਾ ਵਿਖੇ ਇੱਕ ਘਰ 'ਤੇ ਛਾਪੇਮਾਰੀ ਕਰਦਿਆਂ ਹੋਇਆ ਘਰ ਵਿੱਚੋਂ 14 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ, ਜਦੋਂਕਿ ਇੱਕ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਮੁਤਾਬਿਕ ਸ਼ਰਾਬ ਸਮੇਤ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਬਸਤੀ ਮਾਛੀਆਂ ਵਾਲੀ ਵਜੋਂ ਹੋਈ ਹੈ, ਜਿਸ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ।