ਖੇਡ ਮੰਤਰੀ ਰਾਣਾ ਸੋਢੀ ਅਤੇ ਡੀਸੀ ਨੇ ਕਰਵਾਈ ਝੋਨੇ ਦੀ ਖ਼ਰੀਦ ਸ਼ੁਰੂ

Last Updated: Oct 09 2019 18:20
Reading time: 1 min, 24 secs

ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਤੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਬੁੱਧਵਾਰ ਨੂੰ ਦਾਣਾ ਮੰਡੀ ਗੁਰੂਹਰਸਹਾਏ ਅਤੇ ਪੰਜੇ ਕੇ ਉਤਾੜ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਐੱਸ.ਡੀ.ਐੱਮ. ਗੁਰੂਹਰਸਹਾਏ ਕੁਲਦੀਪ ਬਾਵਾ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿੰਕੀ ਵੱਲੋਂ ਪੂਰੇ ਸੂਬੇ ਅੰਦਰ ਝੋਨੇ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਉਨ੍ਹਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਨਾਲੋ-ਨਾਲ ਸਾਫ਼ ਕਰਕੇ ਤੁਲਾਈ ਕੀਤੀ ਜਾਵੇਗੀ ਤੇ ਜਲਦੀ ਹੀ ਉਸ ਦਾ ਪੈਸਾ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇਗਾ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਕਿ ਕਿਸਾਨਾਂ ਨੂੰ ਜ਼ਿਆਦਾ ਦੇਰ ਮੰਡੀਆਂ ਵਿੱਚ ਨਾ ਬੈਠਣਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪੰਜੇ ਕੇ ਉਤਾੜ ਵਿਖੇ ਨਵੀਂ ਬਣੀ ਮਾਰਕੀਟ ਕਮੇਟੀ ਬਣਾਈ ਗਈ ਹੈ, ਜਿੱਥੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਰਕੀਟ ਕਮੇਟੀ ਦੇ ਮੈਂਬਰ, ਚੇਅਰਮੈਨ ਤੇ ਵਾਈਸ ਚੇਅਰਮੈਨ ਹੋਣਗੇ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਇੱਥੋਂ ਦੀ ਆਮਦਨ ਲਗਭਗ 4 ਕਰੋੜ ਦੇ ਕਰੀਬ ਹੋਵੇਗੀ।  ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਉਸ ਦੀ ਖ਼ਰੀਦ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਤਹਿ ਕੀਤੇ ਮਾਪਦੰਡਾਂ ਤੋਂ ਵੱਧ ਨਮੀ ਵਾਲੇ ਝੋਨੇ ਨੂੰ ਮੰਡੀਆਂ 'ਚ ਨਾ ਲਾਹੁਣ ਦੇਣ। ਉਨ੍ਹਾਂ ਟਰੱਕ ਅਪਰੇਟਰਾਂ ਨੂੰ ਕਿਹਾ ਕਿ ਖ਼ਰੀਦੇ ਹੋਏ ਝੋਨੇ ਦੀ ਲਿਫ਼ਟਿੰਗ ਨਾਲੋ-ਨਾਲ ਕੀਤੀ ਜਾਵੇ।