ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੀ ਜ਼ਮੀਨ ਦੇ ਰਿਕਾਰਡ 'ਚ ਦਰਜ ਹੋਵੇਗੀ 'ਰੈੱਡ ਐਂਟਰੀ'

Last Updated: Oct 18 2019 14:24
Reading time: 1 min, 46 secs

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਰਾਜ ਸਰਕਾਰ ਨੇ ਕਮਰ-ਕੱਸੇ ਕਰ ਲਏ ਹਨ। ਰਾਜ ਸਰਕਾਰ ਵੱਲੋਂ ਇਸ ਮਕਸਦ ਲਈ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੂਬੇ ਦੇ 8000 ਪਿੰਡਾਂ ਵਿੱਚ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾ ਰਿਹਾ ਹੈ। ਇਨ੍ਹਾਂ ਪਿੰਡਾਂ ਦੀ ਸ਼ਨਾਖਤ ਖੇਤੀਬਾੜੀ ਵਿਭਾਗ ਵੱਲੋਂ ਕੀਤੀ ਗਈ ਹੈ। ਇਨ੍ਹਾਂ ਵਿੱਚ ਉਹ ਪਿੰਡ ਸ਼ਾਮਲ ਹਨ ਜੋ ਰਵਾਇਤੀ ਤੌਰ 'ਤੇ ਪਰਾਲੀ ਸਾੜਦੇ ਹਨ। ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ਨੂੰ ਖੇਤਾਂ ਵਿੱਚ ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਵਾਸਤੇ ਜ਼ਮੀਨੀ ਪੱਧਰ 'ਤੇ ਸਮੁੱਚੀ ਮਸ਼ੀਨਰੀ ਸਰਗਰਮ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਪਿੰਡਾਂ ਵਿੱਚ ਤਾਇਨਾਤ ਕੀਤੇ ਇਹ ਨੋਡਲ ਅਫ਼ਸਰ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਸਿਹਤ ਨੂੰ ਹੋਣ ਵਾਲੇ ਖਤਰਨਾਕ ਨੁਕਸਾਨਾਂ ਬਾਰੇ ਜਾਗਰੂਕ ਕਰਨਗੇ ਅਤੇ ਨਾਲ ਹੀ ਪਰਾਲੀ ਨੂੰ ਅੱਗ ਨਾ ਲੱਗੇ ਇਸ ਲਈ ਸਖਤ ਚੌਕਸੀ ਵਰਤਣਗੇ।

ਰਾਜ ਸਰਕਾਰ ਦੇ ਇਸ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਸਹਿਕਾਰਤਾ, ਮਾਲ, ਬਾਗਬਾਨੀ ਅਤੇ ਭੌਂ ਸੰਭਾਲ ਵਿਭਾਗ ਅਤੇ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਿਡ ਆਪਸੀ ਤਾਲਮੇਲ ਰਾਹੀਂ ਪਰਾਲੀ ਸਾੜਨ ਦੇ ਗੈਰ-ਸਿਹਤਮੰਦ ਅਮਲ ਨੂੰ ਰੋਕਣ ਲਈ ਸਾਂਝੇ ਤੌਰ 'ਤੇ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਨੋਡਲ ਅਫਸਰ ਵੱਖ-ਵੱਖ ਸਰਗਰਮੀਆਂ ਕਰਨਗੇ ਜਿਨ੍ਹਾਂ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦਾ ਪ੍ਰਬੰਧ ਕਰਨਗੇ ਅਤੇ ਪਿੰਡਾਂ ਵਿੱਚ ਕਿਸਾਨਾਂ ਨੂੰ ਪੈਂਫ਼ਲਿਟ ਤੇ ਹੋਰ ਸਮਗਰੀ ਵੰਡਣਗੇ।

ਇਸ ਤੋਂ ਇਲਾਵਾ ਇਹ ਨੋਡਲ ਅਫ਼ਸਰ ਗੁਰਦੁਆਰਿਆਂ ਤੋਂ ਜਾਂ ਹੋਰ ਸਾਧਨਾਂ ਰਾਹੀਂ ਪਰਾਲੀ ਨਾ ਸਾੜਨ ਬਾਰੇ ਅਨਾਊਂਸਮੈਂਟਾਂ ਕਰਵਾਉਣਗੇ। ਇਨ੍ਹਾਂ ਨੋਡਲ ਅਫਸਰਾਂ ਨੂੰ ਰੈਲੀਆਂ ਅਤੇ ਜਾਗਰੂਕਤਾ ਲੈਕਚਰ ਕਰਵਾਉਣ ਵਾਸਤੇ ਪਿੰਡਾਂ ਦੇ ਸਕੂਲਾਂ ਦੇ ਨਾਲ ਸੰਪਰਕ ਕਰਨ ਦਾ ਕਾਰਜ ਸੌਂਪਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਵੀ ਪਰਾਲੀ ਸਾੜਨ ਦੇ ਮੁੱਦੇ 'ਤੇ ਸੰਵੇਦਨਸ਼ੀਲ ਬਣਾਇਆ ਜਾ ਸਕੇ ਅਤੇ ਉਹ ਆਪਣੇ ਮਾਪਿਆਂ ਨੂੰ ਪਰਾਲੀ ਨਾ ਸਾੜਨ ਬਾਰੇ ਆਖ ਸਕਣ ਅਤੇ ਇਸ ਨਾਲ ਪੈਂਦੇ ਮਾੜੇ ਪ੍ਰਭਾਵ ਬਾਰੇ ਆਪਣੇ ਮਾਪਿਆਂ ਨੂੰ ਜਾਗਰੂਕ ਕਰ ਸਕਣ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਕਿਸਾਨ ਖੁੱਲੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਂਦਾ ਹੈ ਤਾਂ ਨੋਡਲ ਅਫਸਰ ਮਾਲ ਪਟਵਾਰੀ ਦੀ ਸਹਾਇਤਾ ਨਾਲ ਸਬੰਧਤ ਜ਼ਮੀਨ ਮਾਲਕ ਦੇ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕਰਵਾਉਣ ਨੂੰ ਯਕੀਨੀ ਬਣਾਏਗਾ। ਇਸੇ ਤਰ੍ਹਾਂ ਨੋਡਲ ਅਫਸਰ ਸੂਬਾ ਸਰਕਾਰ/ਬੋਰਡਾਂ/ਕਾਰਪੋਰੇਸ਼ਨਾਂ/ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਅਤੇ ਪੰਚਾਇਤੀ ਜ਼ਮੀਨੀ ਲਈ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣਗੇ।