ਸਰਕਾਰ ਦਾ ਐਲਾਨ: ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ !!!

Last Updated: Oct 18 2019 18:19
Reading time: 1 min, 5 secs

ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਜ਼ਮੀਨੀ ਪੱਧਰ ਤੇ ਸਮੁੱਚੀ ਮਸ਼ੀਨਰੀ ਸਰਗਰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਲਈ ਪਰਾਲੀ ਸਾੜਨ ਨਾਲ ਵਾਤਾਵਰਨ ਅਤੇ ਸਿਹਤ ਨੂੰ ਹੋਣ ਵਾਲੇ ਖ਼ਤਰਨਾਕ ਨੁਕਸਾਨ ਤੋਂ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਹ ਜਾਣਕਾਰੀ ਡੀਸੀ ਪ੍ਰਦੀਪ ਕੁਮਾਰ ਨੇ ਸ਼ੁੱਕਰਵਾਰ ਨੂੰ 'ਪਰਾਲੀ ਦੀ ਸੁਚੱਜੀ ਸਾਂਭ ਸੰਭਾਲ' ਬਾਰੇ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਡੀਸੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਫ਼ਸਲੀ ਰਹਿੰਦ-ਖੂੰਹਦ ਦੇ ਮਸ਼ੀਨਾਂ ਰਾਹੀਂ ਸੁਚਾਰੂ ਪ੍ਰਬੰਧਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਖੇਤੀਬਾੜੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕੰਬਾਈਨਾਂ ਦੇ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਦੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਐਸ.ਐਮ.ਐਸ. ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹੇ ਅੰਦਰ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨਾ ਸਾੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਨੂੰ ਮਹੱਤਵਪੂਰਨ ਸਮਾਗਮਾਂ ਤੇ ਸਨਮਾਨਿਤ ਕੀਤਾ ਜਾਵੇ। ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਠੇਕੇ 'ਤੇ ਦਿੱਤੀ ਗਈ ਪੰਚਾਇਤੀ ਜ਼ਮੀਨ ਦੇ ਕਾਸ਼ਤਕਾਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵੀ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ ਵੀ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਹਦਾਇਤ ਕੀਤੀ।