ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਬਟਾਲਾ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਂਜਲੀ

Last Updated: Oct 21 2019 12:14
Reading time: 2 mins, 21 secs

ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਸੂਬੇ ਤੇ ਦੇਸ਼ 'ਚ ਅਮਨ-ਸ਼ਾਂਤੀ ਅਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਫੁੱਟਪਾਊ ਤਾਕਤਾਂ ਦੇ ਮਨਸੂਬੇ ਨਾਕਾਮ ਕਰਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ। ਪੰਜਾਬ ਪੁਲਿਸ ਉਨ੍ਹਾਂ ਮਹਾਨ ਯੋਧਿਆਂ ਦੀ ਸ਼ਹਾਦਤ ਨੂੰ ਸਿੱਜਦਾ ਕਰਦੀ ਹੋਈ ਇਹ ਪ੍ਰਣ ਕਰਦੀ ਹੈ ਕਿ ਪੁਲਿਸ ਦਾ ਹਰੇਕ ਜਵਾਨ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਹਰ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਹਮੇਸ਼ਾ ਤਿਆਰ ਰਹੇਗਾ। ਇਹ ਪ੍ਰਗਟਾਵਾ ਐੱਸ.ਪੀ. ਹੈੱਡ-ਕੁਆਟਰ ਪੁਲਿਸ ਜ਼ਿਲ੍ਹਾ ਬਟਾਲਾ ਸ. ਨਿਰਮਲਜੀਤ ਸਿੰਘ ਨੇ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਸੋਗ ਪਰੇਡ ਦਿਵਸ (ਪੁਲਿਸ ਕੋਮੈਮੋਰੇਸ਼ਨ ਡੇ ਪਰੇਡ) ਮੌਕੇ ਸ਼ਹੀਦ ਹੋਏ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕਰਦਿਆਂ ਆਪਣੇ ਸੰਬੋਧਨ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਅੱਜ ਦੇ ਦਿਨ 21 ਅਕਤੂਬਰ 1959 ਨੂੰ ਲਦਾਖ ਦੇ ਹੌਟ ਸਪਰਿੰਗਜ਼ ਵਿਖੇ ਚੀਨ ਦੇ ਬਾਰਡਰ 'ਤੇ ਪੈਟਰੋਲਿੰਗ ਕਰ ਰਹੀ ਸੀ.ਆਰ.ਪੀ.ਐੱਫ ਦੀ ਟੁੱਕੜੀ 'ਤੇ ਚੀਨੀ ਫੌਜੀਆਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ, ਜਿਸਦਾ ਸਾਡੇ ਦੇਸ਼ ਦੇ ਜਵਾਨਾਂ ਨੇ ਬੜੀ ਦਲੇਰੀ ਤੇ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਦੇਸ਼ ਦੀ ਰਾਖੀ ਲਈ ਇਹ ਜਵਾਨ ਸ਼ਹਾਦਤ ਪ੍ਰਾਪਤ ਕਰ ਗਏ ਸਨ। ਸ. ਨਿਰਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸ਼ਹੀਦਾਂ ਦੀ ਯਾਦ ਵਿੱਚ ਸਾਲ 1960 ਤੋਂ ਦੇਸ਼ ਦੀਆਂ ਸਾਰੀਆਂ ਪੁਲਿਸ ਫੋਰਸਿਜ਼, ਸੁਰੱਖਿਆ ਬਲਾਂ ਵੱਲੋਂ ਲਏ ਗਏ ਫੈਸਲੇ ਮੁਤਾਬਕ ਹਰ ਸਾਲ 21 ਅਕਤੂਬਰ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜਾਨਾਂ ਵਾਰਨ ਵਾਲੇ ਬਹਾਦਰ ਜਵਾਨਾਂ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਹੈ।

ਐੱਸ.ਪੀ. ਬਟਾਲਾ ਸ. ਨਿਰਮਲਜੀਤ ਸਿੰਘ ਨੇ ਕਿਹਾ ਕਿ ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਪੂਰਾ ਦੇਸ਼ ਹਮੇਸ਼ਾ ਆਪਣੇ ਸ਼ਹੀਦਾਂ ਦਾ ਕਰਜ਼ਦਾਰ ਰਹੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਤਵਾਦ ਨੂੰ ਖਤਮ ਕਰਨ ਲਈ ਬੜੀ ਬਹਾਦਰੀ ਨਾਲ ਲੜਾਈ ਲੜੀ ਹੈ ਅਤੇ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀ ਤੋਂ ਲੈ ਕੇ ਸਿਪਾਹੀ ਤੱਕ ਨੇ ਸ਼ਹਾਦਤ ਦਾ ਜਾਮ ਪੀਤਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਨੂੰ ਖਤਮ ਕਰਨ ਲਈ ਪੁਲਿਸ ਜ਼ਿਲ੍ਹਾ ਬਟਾਲਾ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਅਤੇ ਬਟਾਲਾ ਪੁਲਿਸ ਦੇ 117 ਜਵਾਨਾਂ ਨੇ ਅਮਨ ਸ਼ਾਂਤੀ ਕਾਇਮ ਕਰਨ ਲਈ ਆਪਣੀਆਂ ਜਾਨਾਂ ਵਾਰ ਕੇ ਸ਼ਹਾਦਤਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਹਰ ਦੁੱਖ-ਸੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ।

ਇਸ ਤੋਂ ਪਹਿਲਾਂ ਐਸ.ਪੀ. ਬਟਾਲਾ ਸ. ਨਿਰਮਲਜੀਤ ਸਿੰਘ ਨੇ ਸ਼ਹੀਦੀ ਸਮਾਰਕ 'ਤੇ ਫੁੱਲ ਮਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਡੀ.ਐੱਸ.ਪੀ. ਲਖਵਿੰਦਰ ਸਿੰਘ, ਡੀ.ਐੱਸ.ਪੀ. ਦੇਵ ਸਿੰਘ, ਡੀ.ਐੱਸ.ਪੀ. ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ, ਡੀ.ਐੱਸ.ਪੀ. ਤ੍ਰਿਪਤਾ ਸੂਦ, ਪੁਲਿਸ ਜ਼ਿਲ੍ਹਾ ਬਟਾਲਾ ਦੇ ਸਮੂਹ ਥਾਣਿਆਂ ਦੇ ਐੱਸ.ਐੱਚ.ਓਜ. ਅਤੇ ਸ਼ਹੀਦ ਪਰਿਵਾਰਾਂ ਵੱਲੋਂ ਸ਼ਹੀਦੀ ਸਮਾਰਕ 'ਤੇ ਫੁੱਲ ਚੜ੍ਹਾ ਕੇ ਸ਼ਹੀਦਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਡੀ.ਐੱਸ.ਪੀ. ਮਾਧਵੀ ਸ਼ਰਮਾ ਦੀ ਅਗਵਾਈ ਹੇਠ ਬਟਾਲਾ ਪੁਲਿਸ ਦੇ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦ ਅਫਸਰਾਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ।

ਡੀ.ਐੱਸ.ਪੀ. (ਡੀ.) ਲਖਵਿੰਦਰ ਸਿੰਘ ਨੇ ਪਿਛਲੇ ਸਾਲ ਦੌਰਾਨ ਦੇਸ਼ ਦੀਆਂ ਵੱਖ-ਵੱਖ ਸੁਰੱਖਿਆ ਫੋਰਸਾਂ ਦੇ ਸ਼ਹੀਦ ਹੋਏ 292 ਅਫਸਰਾਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਨੂੰ ਯਾਦ ਕੀਤਾ। ਇਸ ਮੌਕੇ ਐੱਸ.ਪੀ. ਬਟਾਲਾ ਸ. ਨਿਰਮਜੀਤ ਸਿੰਘ ਨੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਦਾ ਆਦਰ-ਮਾਣ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।