ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼

Last Updated: Nov 08 2019 19:14
Reading time: 1 min, 25 secs

ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅਧਿਕਾਰੀਆਂ ਨੂੰ ਪਰਾਲੀ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਉਨ੍ਹਾਂ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਨਾਲ ਸਬੰਧਿਤ ਪਿੰਡਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਿਕ ਪਰਾਲੀ ਸਾੜਨ ਵਾਲਿਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਜ਼ਮੀਨੀ ਪੱਧਰ 'ਤੇ ਸਮੁੱਚੀ ਮਸ਼ੀਨਰੀ ਸਰਗਰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰਨ ਤੋਂ ਇਲਾਵਾ ਉਨ੍ਹਾਂ ਦੀ ਜ਼ਮੀਨ ਦੇ ਰਿਕਾਰਡ ਵਿੱਚ 'ਰੈੱਡ ਐਂਟਰੀ' ਦਰਜ ਕਰਨਾ ਵੀ ਸ਼ਾਮਿਲ ਹੈ।

ਉਨ੍ਹਾਂ ਪਰਾਲੀ ਨਾ ਸਾੜਨ ਵਾਲੇ ਜ਼ਿਲ੍ਹੇ ਦੇ ਕਿਸਾਨਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਾਨੂੰਨ ਦੀ ਪਾਲਣਾ ਕਰਨ ਵਾਲੇ ਜ਼ਿਲ੍ਹੇ ਦੇ ਹਰੇਕ ਨਾਗਰਿਕ ਦਾ ਸਤਿਕਾਰ ਕਰਦਾ ਹੈ, ਪਰ ਮਾਨਵੀ ਹਿੱਤ ਵਿੱਚ ਜਾਰੀ ਕੀਤੀਆਂ ਹਦਾਇਤਾਂ ਦੀ ਜਾਣ-ਬੁੱਝ ਕੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਢੁਕਵੀਂ ਕਾਨੂੰਨੀ ਕਾਰਵਾਈ ਲਈ ਵੀ ਵਚਨਬੱਧ ਹੈ, ਤਾਂ ਜੋ ਕੁਝ ਲੋਕਾਂ ਦੀਆਂ ਗ਼ਲਤ ਕਾਰਵਾਈਆਂ ਦਾ ਖ਼ਮਿਆਜ਼ਾ ਬਾਕੀ ਲੋਕਾਂ ਨੂੰ ਨਾ ਭੁਗਤਣਾ ਪਵੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਤੇ ਕਿਸਾਨ ਹਿਤੈਸ਼ੀ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਕੇ ਇਸ ਦੀ ਸੁਚੱਜੀ ਸਾਂਭ-ਸੰਭਾਲ ਕੀਤੀ ਜਾਵੇ, ਤਾਂ ਜੋ 550 ਸਾਲਾਂ ਸ਼ਤਾਬਦੀ ਸਮਾਗਮਾਂ ਮੌਕੇ ਆ ਰਹੀਆਂ ਸੰਗਤਾਂ ਨੂੰ ਸ਼ੁੱਧ ਵਾਤਾਵਰਨ ਅਤੇ ਆਬੋ-ਹਵਾ ਮਿਲ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਡੀ. ਡੀ. ਪੀ. ਓ ਹਰਜਿੰਦਰ ਸਿੰਘ ਸੰਧੂ, ਮੁੱਖ ਖੇਤੀਬਾੜੀ ਅਫ਼ਸਰ ਕੰਵਲਜੀਤ ਸਿੰਘ, ਖੇਤੀਬਾੜੀ ਅਫ਼ਸਰ ਅਸ਼ਵਨੀ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ।