ਪਹਿਲੀ ਪਾਤਸ਼ਾਹੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੈੱਡ ਕਰਾਸ ਸੁਸਾਇਟੀ ਵੱਲੋਂ ਭਲਕੇ ਖੂਨਦਾਨ ਕੈਂਪ

Last Updated: Nov 14 2019 14:07
Reading time: 0 mins, 54 secs

ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਰੈੱਡ ਕਰਾਸ ਸੁਸਾਇਟੀ, ਐਸ.ਏ.ਐਸ ਨਗਰ ਵੱਲੋਂ ਵਿਸ਼ਵਾਸ਼ ਫਾਊਂਡੇਸ਼ਨ ਦੇ ਸਹਿਯੋਗ ਨਾਲ ਭਲਕੇ 15 ਨਵੰਬਰ ਨੂੰ ਸੈਕਟਰ-78 ਸਥਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸਤੋਂ ਇਲਾਵਾ ਨਵਜੰਮੇ ਬੱਚਿਆਂ ਦੀਆਂ ਮਾਵਾਂ ਅਤੇ ਗਰਭਵਤੀ ਔਰਤਾਂ ਨੂੰ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਤੇ ਪੌਸ਼ਟਿਕ ਖੁਰਾਕ ਲੈਣ ਸੰਬੰਧੀ ਜਾਗਰੂਕ ਵੀ ਕੀਤਾ ਜਾਵੇਗਾ।

ਖੂਨਦਾਨ ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਸਿਸਟੈਂਟ ਡਿਪਟੀ ਕਮਿਸ਼ਨਰ (ਜ) ਕਮ ਰੈੱਡ ਕਰਾਸ ਸੁਸਾਇਟੀ ਦੇ ਵਾਈਸ ਪ੍ਰੈਜ਼ੀਡੈਂਟ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਅਗਵਾਈ ਵਿੱਚ ਲਗਾਏ ਜਾ ਰਹੇ ਇਸ ਖੂਨਦਾਨ ਕੈਂਪ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਧਿਕਾਰੀ ਤੇ ਸਮੂਹ ਸਟਾਫ਼ ਸ਼ਾਮਲ ਹੋਵੇਗਾ। ਉਨ੍ਹਾਂ ਨੇ ਦਾਨੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪੁੱਜ ਕੇ ਖ਼ੂਨਦਾਨ ਕਰਨ। ਇਸ ਸੰਬੰਧੀ ਜਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾਂਦੇ ਪੋਸ਼ਣ ਅਭਿਆਨ ਤਹਿਤ ਗਰਭਵਤੀ ਔਰਤਾਂ ਨੂੰ ਹਰੀਆਂ ਸਬਜ਼ੀਆਂ ਉਗਾਉਣ ਲਈ ਰੈੱਡ ਕਰਾਸ ਦੇ ਸਹਿਯੋਗ ਨਾਲ ਗਮਲੇ ਅਤੇ ਬੀਜ ਦਿੱਤੇ ਜਾਣਗੇ ਤਾਂ ਕਿ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਮਿਲਣ ਵਿੱਚ ਕੋਈ ਦਿੱਕਤ ਨਾ ਆਵੇ।