ਝੋਨੇ ਦੀ ਪਰਾਲੀ ਨਾ ਫੂਕਣ ਵਾਲੇ ਕਿਸਾਨਾਂ ਨੂੰ ਸਰਕਾਰ ਦੇਵੇਗੀ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ

Last Updated: Nov 14 2019 18:46
Reading time: 1 min, 22 secs

ਝੋਨੇ ਦੀ ਫ਼ਸਲ ਦੀ ਕਟਾਈ ਹੋਣ ਦੇ ਬਾਅਦ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ 'ਚ ਹੀ ਜਲਾਉਣ ਤੋਂ ਕਿਸਾਨਾਂ ਨੂੰ ਰੋਕਣ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਤੇ ਪੰਜਾਬ ਸਰਕਾਰ ਨੇ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਗੈਰ-ਬਾਸਮਤੀ ਝੋਨਾ ਲਗਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ ਜਿਸ ਕੋਲ ਆਪਣੇ, ਪਤਨੀ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂਅ ਤੇ ਕੁੱਲ 5 ਏਕੜ ਤੱਕ ਹੀ ਜ਼ਮੀਨ ਦੀ ਮਾਲਕੀ ਹੈ ਅਤੇ ਇਸ ਜ਼ਮੀਨ ਜਾਂ ਇਸਦੇ ਕਿਸੇ ਹਿੱਸੇ 'ਚ ਗੈਰ-ਬਾਸਮਤੀ ਝੋਨੇ ਦੀ ਖੇਤੀ ਕਰਦਾ ਹੋਵੇ ਅਤੇ ਖੇਤ ਦੇ ਕਿਸੇ ਵੀ ਹਿੱਸੇ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਹੋਵੇ।

ਇਹ ਮੁਆਵਜ਼ਾ ਹਾਸਲ ਕਰਨ ਸਬੰਧੀ ਵਿਸਥਾਰ 'ਚ ਜਾਣਕਾਰੀ ਦਿੰਦੇ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਉਕਤ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਪਰਿਵਾਰ ਦੇ ਮੁਖੀ ਵੱਲੋਂ ਪਿੰਡ ਦੀ ਪੰਚਾਇਤ ਕੋਲ ਉਪਲਬਧ ਸਵੈ-ਘੋਸ਼ਣਾ ਪੱਤਰ ਵਿੱਚ ਮੰਗੀ ਗਈ ਜਾਣਕਾਰੀ ਭਰ ਕੇ 30 ਨਵੰਬਰ 2019 ਤੱਕ ਪੰਚਾਇਤ ਕੋਲ ਜਮਾਂ ਕਰਵਾਈ ਜਾਵੇ, ਜਿਸਦੀ ਤਸਦੀਕ ਕਰਨ ਉਪਰੰਤ ਮੁਆਵਜ਼ੇ ਦੀ ਰਾਸ਼ੀ ਸਰਕਾਰ ਵੱਲੋਂ ਸਿੱਧੀ ਯੋਗ ਕਿਸਾਨ ਦੇ ਬੈਂਕ ਖਾਤੇ ਵਿੱਚ ਪਾਈ ਜਾਵੇਗੀ।

ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂੰਹਦ ਨੂੰ ਬਿਲਕੁਲ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨਾ ਸਿੱਧੇ ਤੌਰ ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ ਅਤੇ ਇਹ ਕਦਮ ਚੁੱਕਣ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।