ਪੁਰਾਣੀ 'ਕਿੜ' ਦੇ ਚੱਲਦਿਆਂ ਬੰਦੇ 'ਤੇ ਕੀਤਾ ਹਮਲਾ !!!

Last Updated: Dec 06 2019 13:28
Reading time: 1 min, 10 secs

ਪਿੰਡ ਚੁੱਘਾ ਦੇ ਰਹਿਣ ਵਾਲੇ ਇੱਕ ਵਿਅਕਤੀ 'ਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਬੀਤੇ ਦਿਨ 6 ਲੋਕਾਂ ਨੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਇਸ ਸਬੰਧ ਵਿੱਚ ਪੁਲਿਸ ਦੇ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕਰਮਜੀਤ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਪਿੰਡ ਚੁੱਘਾ ਨੇ ਪੁਲਿਸ ਥਾਣਾ ਗੁਰੂਹਰਸਹਾਏ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਕਿ ਉਨ੍ਹਾਂ ਦਾ ਅੰਗਰੇਜ ਸਿੰਘ ਉਰਫ਼ ਕਾਲਾ ਅਤੇ ਜਸਕਰਨ ਸਿੰਘ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲਦਾ ਆ ਰਿਹਾ ਸੀ।

ਕਰਮਜੀਤ ਸਿੰਘ ਨੇ ਦੋਸ਼ ਲਗਾਇਆ ਕਿ ਇਸੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹੋਇਆਂ ਉਕਤ ਅੰਗਰੇਜ ਅਤੇ ਜਸਕਰਨ ਨੇ ਆਪਣੇ 4 ਹੋਰ ਸਾਥੀਆਂ ਨਾਲ ਮਿਲ ਕੇ ਹਮਮਸ਼ਵਰਾ ਹੋ ਕੇ ਮੁੱਦਈ ਨੂੰ ਘੇਰ ਕੇ ਉਸਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਕਰਮਜੀਤ ਸਿੰਘ ਨੇ ਦੱਸਿਆ ਕਿ ਸੱਟਾਂ ਵੱਜਣ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਪਰਿਵਾਰ ਵਾਲਿਆਂ ਵੱਲੋਂ ਉਸ ਨੂੰ ਪਹਿਲੋਂ ਸਥਾਨਕ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਹਾਲਤ ਗੰਭੀਰ ਵੇਖਦਿਆਂ ਹੋਇਆਂ ਮੁੱਦਈ ਨੂੰ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫ਼ਰ ਕਰ ਦਿੱਤਾ ਗਿਆ।

ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਗੁਰਚਰਨ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਕਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅੰਗਰੇਜ ਸਿੰਘ ਉਰਫ਼ ਕਾਲਾ ਪੁੱਤਰ ਸੁਖਦੇਵ ਸਿੰਘ ਅਤੇ ਜਸਕਰਨ ਸਿੰਘ ਪੁੱਤਰ ਹਾਕਮ ਸਿੰਘ ਵਾਸੀਅਨ ਪਿੰਡ ਚੁੱਗਾ ਅਤੇ 4 ਅਣਪਛਾਤੇ ਵਿਅਕਤੀਆਂ ਦੇ ਵਿਰੁੱਧ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਏਐਸਆਈ ਗੁਰਚਰਨ ਸਿੰਘ ਨੇ ਦਾਅਵਾ ਕਰਦਿਆਂ ਹੋਇਆਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸਬੰਧੀ ਪੁਲਿਸ ਦੇ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।