ਤਿੰਨ ਸਾਲ ਵਿੱਚ ਰਾਜ ਵਿੱਚ 55000 ਕਰੋੜ ਰੁਪਏ ਦਾ ਨਿਵੇਸ਼ ਹੋਇਆ (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Dec 06 2019 13:44
Reading time: 1 min, 24 secs

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ ਪੰਜਾਬ ਦੀ ਤਰੱਕੀ ਦੇ ਨਵੇਂ ਰਾਹ ਖੋਲ੍ਹੇਗਾ। ਇਸ ਨਾਲ ਰਾਜ ਵਿੱਚ ਉਦਯੋਗਾਂ ਨੂੰ ਹੁਲਾਰਾ ਮਿਲੇਗਾ ਅਤੇ ਰੋਜ਼ਗਾਰ ਦੇ ਨਵੇਂ ਪੈਦਾ ਹੋਣ ਵਾਲੇ ਮੌਕੇ ਸਾਡੇ ਨੌਜਵਾਨਾਂ ਦੇ ਹੱਥਾਂ ਨੂੰ ਕੰਮ ਦੇਣਗੇ। ਇਹ ਗੱਲ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਆਖੀ। ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਬਣਾਈ ਗਈ ਉਦਯੋਗ ਨੀਤੀ ਕਾਰਨ ਰਾਜ ਵਿੱਚ ਲਗਾਤਾਰ ਨਿਵੇਸ਼ ਆਕਰਸ਼ਿਤ ਹੋ ਰਿਹਾ ਹੈ ਅਤੇ ਦੁਨੀਆ ਭਰ ਤੋਂ ਉਦਯੋਗਪਤੀ ਅਤੇ ਨਿਵੇਸ਼ਕ ਇੱਥੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਤਿੰਨ ਸਾਲ ਵਿੱਚ ਰਾਜ ਵਿੱਚ 55000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਮਹੌਲ ਉਦਯੋਗਾਂ ਲਈ ਬਹੁਤ ਸਾਜ਼ਗਾਰ ਹੈ। ਉਨ੍ਹਾਂ ਨੇ ਕਿਹਾ ਕਿ ਇੱਥੇ ਸਰਕਾਰ ਨੇ ਉਦਯੋਗਾਂ ਲਈ ਨਿਯਮਾਂ ਨੂੰ ਸਰਲ ਕੀਤਾ ਹੈ ਅਤੇ ਸਿੰਗਲ ਵਿੰਡੋ ਪ੍ਰਣਾਲੀ ਲਾਗੂ ਕੀਤੀ ਹੈ।

ਇਸੇ ਤਰਾਂ ਉਦਯੋਗਾਂ ਨੂੰ ਸਸਤੀ ਬਿਜਲੀ ਅਤੇ ਹਰ ਪ੍ਰਕਾਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸੰਮੇਲਨ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਨਿਵੇਸ਼ਕ ਪੰਜਾਬ ਵਿੱਚ ਉਪਲਬਧ ਬੁਨਿਆਦੀ ਢਾਂਚੇ, ਵਪਾਰ ਕਰਨ ਦੀ ਸੁਖਾਲੀ ਪਹੁੰਚ, ਉਦਯੋਗਾਂ ਲਈ ਸਾਜ਼ਗਾਰ ਮਹੌਲ, ਉਦਯੋਗਾਂ ਲਈ ਸ਼ਾਨਦਾਰ ਨੀਤੀਆਂ ਆਦਿ ਤੋਂ ਜਾਣੂ ਹੋਣਗੇ ਅਤੇ ਇਸ ਨਾਲ ਰਾਜ ਵਿੱਚ ਹੋਰ ਨਿਵੇਸ਼ ਆਉਣ ਦੀ ਰਾਹ ਖੁੱਲ੍ਹੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸੇ ਸਾਜ਼ਗਾਰ ਮਹੌਲ ਤੋਂ ਨਿਵੇਸ਼ਕਾਂ ਨੂੰ ਜਾਣੂ ਕਰਵਾਉਣ ਲਈ ਸੂਬਾ ਸਰਕਾਰ ਮੋਹਾਲੀ ਵਿਖੇ ਨਿਵੇਸ਼ ਸੰਮੇਲਨ ਕਰਵਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਛੋਟੇ ਅਤੇ ਲਘੂ ਉਦਯੋਗਾਂ ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਾਜ਼ਗਾਰ ਮਹੌਲ ਨਾਲ ਨਵੇਂ ਉਦਯੋਗ ਲੱਗਣਗੇ ਤਾਂ ਇਸ ਨਾਲ ਰਾਜ ਦੇ ਮਾਲੀਏ ਵਿੱਚ ਤਾਂ ਵਾਧਾ ਹੋਵੇਗਾ ਹੀ ਸਗੋਂ ਇਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।