ਭੁੱਕੀ ਚੂਰੇ ਪੋਸਤ ਸਮੇਤ ਸਿਟੀ ਪੁਲਿਸ ਨੇ ਚੁੱਕਿਆ ਬੰਦਾ !!!

Last Updated: Dec 18 2019 15:02
Reading time: 0 mins, 54 secs

ਸਿਟੀ ਫ਼ਿਰੋਜ਼ਪੁਰ ਪੁਲਿਸ ਦੇ ਵੱਲੋਂ ਬੀਤੇ ਦਿਨ ਗਸ਼ਤ ਦੇ ਦੌਰਾਨ ਇੱਕ ਵਿਅਕਤੀ ਨੂੰ ਭੁੱਕੀ ਚੂਰੇ ਪੋਸਤ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਵੱਲੋਂ ਉਕਤ ਵਿਅਕਤੀ ਦੇ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਏਐਸਆਈ ਹਰਨੇਕ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਬੀਤੇ ਦਿਨ ਬਜਾਜ ਡੇਅਰੀ ਫ਼ਿਰੋਜ਼ਪੁਰ ਸ਼ਹਿਰ ਕੋਲ ਗਸ਼ਤ ਕਰ ਰਹੇ ਸੀ ਤਾਂ ਇਸੇ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਸ਼ੱਕ ਦੇ ਤਹਿਤ ਇੱਕ ਵਿਅਕਤੀ ਨੂੰ ਰੋਕਿਆ।

ਪੁਲਿਸ ਨੇ ਦਾਅਵਾ ਕਰਦਿਆਂ ਦੱਸਿਆ ਕਿ ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ, ਉਸ ਦੇ ਕਬਜ਼ੇ ਵਿੱਚੋਂ 5 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਪੁਲਿਸ ਮੁਤਾਬਿਕ ਫੜੇ ਗਏ ਵਿਅਕਤੀ ਦੀ ਪਛਾਣ ਨਰਿੰਦਰ ਪਾਲ ਪੁੱਤਰ ਕਰਨੈਲ ਸਿੰਘ ਵਾਸੀ ਝੋਕ ਹਰੀ ਹਰ ਥਾਣਾ ਕੁਲਗੜੀ ਜ਼ਿਲ੍ਹਾ ਫ਼ਿਰੋਜ਼ਪੁਰ ਹਾਲ ਬਸਤੀ ਮੱਖਣ ਸਿੰਘ ਥਾਣਾ ਸਦਰ ਫ਼ਿਰੋਜ਼ਪੁਰ ਵਜੋਂ ਹੋਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਅਜਮੇਰ ਸਿੰਘ ਨੇ ਦੱਸਿਆ ਕਿ ਏਐਸਆਈ ਹਰਨੇਕ ਸਿੰਘ ਦੁਆਰਾ ਗ੍ਰਿਫ਼ਤਾਰ ਕੀਤੇ ਗਏ ਨਰਿੰਦਰ ਪਾਲ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।