ਤਨਖ਼ਾਹ ਨਾ ਮਿਲਣ ਦੇ ਰੋਸ ਚ ਪਾਵਰਕਾਮ ਠੇਕਾ ਮੁਲਾਜ਼ਮਾਂ ਨੇ ਕੀਤਾ ਸਰਕਾਰ ਦਾ ਪਿੱਟ ਸਿਆਪਾ

Last Updated: Jan 02 2020 17:43
Reading time: 1 min, 42 secs

ਪਿਛਲੇ ਕਈ ਮਹੀਨੇ ਤੋਂ ਰੁਕੀਆਂ ਤਨਖ਼ਾਹਾਂ ਅਤੇ ਲਟਕ ਰਹੀਆਂ ਮੰਗਾਂ ਦਾ ਕੋਈ ਨਿਪਟਾਰਾ ਨਾ ਕੀਤੇ ਜਾਣ ਦੇ ਖ਼ਿਲਾਫ਼ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਜੀਟੀ ਰੋਡ ਸਥਿਤ ਸਥਾਨਕ ਬਿਜਲੀ ਦਫ਼ਤਰ ਸਾਹਮਣੇ ਪ੍ਰਦੇਸ਼ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੇ ਖ਼ਿਲਾਫ਼ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਵਰਕਾਮ ਅਤੇ ਟਰਾਂਸਕੋ ਅਧੀਨ ਠੇਕੇ ਮੁਲਾਜ਼ਮਾਂ ਨੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਰੁਕੀ ਤਨਖ਼ਾਹ ਰਿਲੀਜ਼ ਕੀਤੇ ਜਾਵੇ ਅਤੇ ਹੋਰ ਮੰਗਾਂ ਨੂੰ ਜਲਦੀ ਤੋਂ ਜਲਦੀ ਸਵੀਕਾਰ ਕੀਤਾ ਜਾਵੇ।

ਇਸ ਮੌਕੇ ਯੂਨੀਅਨ ਆਗੂ ਗੁਰਪ੍ਰੀਤ ਸਿੰਘ ਮਾਣਕੀ ਨੇ ਦੱਸਿਆ ਕਿ ਪਾਵਰਕਾਮ ਅਧੀਨ ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਬੀਤੇ ਸਤੰਬਰ ਮਹੀਨੇ ਤੋਂ ਸਬੰਧਿਤ ਠੇਕੇਦਾਰਾਂ ਵੱਲੋਂ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਤੌਰ ਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਮੁਸ਼ਕਿਲ ਹੋਇਆ ਪਿਆ ਹੈ। ਮੁਲਾਜ਼ਮਾਂ ਦੀਆਂ ਰੁਕੀਆਂ ਤਨਖ਼ਾਹਾਂ ਨੂੰ ਰਿਲੀਜ਼ ਕਰਨ ਸਬੰਧੀ ਯੂਨੀਅਨ ਦੇ ਪ੍ਰਦੇਸ਼ ਪ੍ਰਧਾਨ ਦੀ ਅਗਵਾਈ ਚ ਪਾਵਰਕਾਮ ਮੈਨੇਜਮੈਂਟ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮੱਸਿਆਵਾਂ ਪ੍ਰਤੀ ਜਾਣੂ ਕਰਵਾਇਆ ਗਿਆ ਸੀ।

ਇਸਦੇ ਬਾਅਦ ਉੱਚ ਅਧਿਕਾਰੀਆਂ ਵੱਲੋਂ ਠੇਕੇਦਾਰਾਂ ਦੇ ਰਿਕਾਰਡ ਚੈਕ ਕਰਨ ਸਬੰਧੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਕਮੇਟੀ ਵੱਲੋਂ ਜਾਂਚ ਦੌਰਾਨ ਠੇਕੇਦਾਰਾਂ ਦਾ ਰਿਕਾਰਡ ਸਹੀਂ ਨਹੀਂ ਪਾਇਆ ਗਿਆ ਸੀ। ਠੇਕਾ ਮੁਲਾਜ਼ਮਾਂ ਨੂੰ ਈਪੀਐਫ ਦੀ ਕਟੌਤੀ, ਵੀ.ਐਸ.ਆਈ ਅਤੇ ਡੀ.ਸੀ ਰੇਟ ਨਹੀਂ ਦਿੱਤਾ ਜਾ ਰਿਹਾ। ਪਾਵਰਕਾਮ ਮੈਨੇਜਮੈਂਟ ਵੱਲੋਂ ਬਿੱਲ ਨਾ ਪਾਸ ਕੀਤੇ ਜਾਣ ਦੇ ਚੱਲਦੇ ਠੇਕਾ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕੀਆਂ ਗਈਆਂ ਹਨ ਅਤੇ ਜਿਸ ਕਾਰਨ ਠੇਕਾ ਮੁਲਾਜ਼ਮਾਂ ਚ ਮੈਨੇਜਮੈਂਟ ਅਤੇ ਠੇਕੇਦਾਰਾਂ ਦੇ ਖ਼ਿਲਾਫ਼ ਰੋਸ ਹੈ। ਇਸ ਤੋਂ ਇਲਾਵਾ ਠੇਕੇਦਾਰਾਂ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਈ.ਪੀ.ਐਫ ਸਬੰਧੀ ਕੋਈ ਹਿਸਾਬ ਨਹੀਂ ਦਿੱਤਾ ਜਾ ਰਿਹਾ ਅਤੇ ਈ.ਐਸ.ਆਈ ਕਾਰਡ ਵੀ ਨਹੀਂ ਬਣਾਏ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਠੇਕਾ ਮੁਲਾਜ਼ਮਾਂ ਦੀ ਮੰਗ ਹੈ ਕਿ ਈ.ਐਸ.ਆਈ ਕਾਰਡ ਬਣਾਉਣ ਦੇ ਨਾਲ ਡੀ.ਸੀ. ਰੇਟ ਤੇ ਤਨਖ਼ਾਹ ਦਿੱਤੀ ਜਾਵੇ। ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਸ਼ਿਕਾਇਤਾਂ ਅਤੇ ਮੰਗਾਂ ਸਬੰਧੀ ਕਈ ਵਾਰ ਉਪ ਮੰਡਲ ਅਫ਼ਸਰਾਂ ਨੂੰ ਜਾਣੂ ਕਰਵਾਇਆ ਗਿਆ ਹੈ ਪਰ ਇਸ ਦਿਸ਼ਾ ਵੱਲ ਕੋਈ ਕਾਰਵਾਈ ਨਹੀਂ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਦੀ ਰੋਕੀ ਤਨਖ਼ਾਹ ਨੂੰ ਜਲਦੀ ਰਿਲੀਜ਼ ਕੀਤਾ ਜਾਵੇ ਅਤੇ ਹੋਰ ਮੰਗਾਂ ਨੂੰ ਸਵੀਕਾਰ ਕਰਕੇ ਲਾਗੂ ਕੀਤਾ ਜਾਵੇ। ਜੇਕਰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਕੀਤਾ ਜਾਵੇਗਾ।