ਸਤਲੁਜ ਦਰਿਆ ਕੰਢੇ ਚੱਲਦੇ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਦਾ ਪਰਦਾਫਾਸ਼, ਮੁਲਜ਼ਮ ਫ਼ਰਾਰ

Last Updated: Jan 06 2020 11:56
Reading time: 1 min, 8 secs

ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਦੇ ਵੱਲੋਂ ਸਤਲੁਜ ਦਰਿਆ ਕੰਢੇ ਚੱਲਦੇ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਦਾ ਪਰਦਾਫਾਸ਼ ਕਰਦੇ ਹੋਇਆਂ ਉੱਥੋਂ 110 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਦਕਿ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਪੁਲਿਸ ਦੇ ਵੱਲੋਂ ਉਕਤ ਮੁਲਜ਼ਮ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਦਰ ਫਿਰੋਜ਼ਪੁਰ ਦੇ ਏਐੱਸਆਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਰੇਸ਼ਮ ਸਿੰਘ ਉਰਫ ਬਿਲੂ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਕਾਰੋਬਾਰ ਕਰਦਾ ਆ ਰਿਹਾ ਹੈ ਅਤੇ ਅੱਜ ਵੀ ਸਤਲੁਜ ਦਰਿਆ ਦੇ ਪਰਲੇ ਪਾਸੇ ਨਾਜਾਇਜ਼ ਸ਼ਰਾਬ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ।

ਪੁਲਿਸ ਨੇ ਦਾਅਵਾ ਕਰਦਿਆਂ ਹੋਇਆਂ ਦੱਸਿਆ ਕਿ ਮੁਖਬਰ ਤੋਂ ਸੂਚਨਾ ਮਿਲਦਿਆਂ ਸਾਰ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਦੇ ਵੱਲੋਂ ਦਰਿਆ ਬਣਨਗੇ ਰੇਡ ਕੀਤੀ ਗਈ ਤਾਂ ਰੇਸ਼ਮ ਸਿੰਘ ਸ਼ਰਾਬ ਛੱਡ ਕੇ ਭੱਜ ਗਿਆ। ਪੁਲਿਸ ਨੇ ਦੱਸਿਆ ਕਿ ਜਦੋਂ ਸ਼ਰਾਬ ਦੀ ਬੋਤਲਾਂ ਦੀ ਗਿਣਤੀ ਕੀਤੀ ਗਈ ਤਾਂ 110 ਸ਼ਰਾਬ ਦੀਆਂ ਨਾਜਾਇਜ਼ ਬੋਤਲਾਂ ਉਕਤ ਜਗ੍ਹਾ ਤੋਂ ਬਰਾਮਦ ਹੋਈਆਂ। ਪੁਲਿਸ ਨੇ ਦੱਸਿਆ ਕਿ ਰੇਸ਼ਮ ਸਿੰਘ ਬਿੱਲੂ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਪਿੰਡ ਝੁੱਗੇ ਨਿਹੰਗਾਂ ਵਾਲੇ ਦੇ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਦੀ ਗ੍ਰਿਫ਼ਤਾਰੀ ਸਬੰਧੀ ਉਨ੍ਹਾਂ ਵੱਲੋਂ ਥਾਂ-ਥਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।