ਪਵਨ ਕੁਮਾਰ ਗੋਇਲ ਨੇ ਸੰਭਾਲਿਆ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦਾ ਅਹੁਦਾ

Last Updated: Jan 06 2020 16:57
Reading time: 1 min, 10 secs

ਫ਼ਰੀਦਕੋਟ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਲਾਲ ਭਗਵਾਨ ਦਾਸ ਗੋਇਲ ਦੇ ਸਪੁੱਤਰ ਐਡਵੋਕੇਟ ਪਵਨ ਕੁਮਾਰ ਗੋਇਲ ਜੈਤੋ ਵੱਲੋਂ ਅੱਜ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਅਤੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਸਨਮਾਨ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਹਾਲ ਵਿਖੇ ਵਿਸ਼ਾਲ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿੱਚ ਕੁਸ਼ਲਦੀਪ ਸਿੰਘ ਢਿੱਲੋਂ, ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਫ਼ਰੀਦਕੋਟ, ਫ਼ਰੀਦਕੋਟ ਤੋਂ ਲੋਕ ਸਭਾ ਦੇ ਮੈਂਬਰ ਜਨਾਬ ਮੁਹੰਮਦ ਸਦੀਕ ਸਮੇਤ ਜ਼ਿਲ੍ਹੇ ਦੇ ਕਾਂਗਰਸ ਪਾਰਟੀ ਨਾਲ ਸਬੰਧਿਤ ਸਮੂਹ ਆਗੂ ਵਰਕਰ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਦੇ ਚੇਅਰਮੈਨ ਅਤੇ ਪੰਚ ਸਰਪੰਚ ਵੀ ਹਾਜ਼ਰ ਸਨ।

ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਫ਼ਰੀਦਕੋਟ ਦੇ ਟਕਸਾਲੀ ਕਾਂਗਰਸੀ ਪਰਿਵਾਰ ਦੇ ਮਰਹੂਮ ਲਾਲਾ ਭਗਵਾਨਦਾਸ ਜੀ ਦੇ ਲੜਕੇ ਐਡਵੋਕੇਟ ਪਵਨ ਗੋਇਲ ਨੂੰ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਬਣਾ ਕੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਵਨ ਗੋਇਲ ਆਪਣੇ ਸਿਆਸੀ ਤਜਰਬੇ ਅਤੇ ਸੂਝ ਬੂਝ ਨਾਲ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਯੋਜਨਾ ਬਣਾਉਣਗੇ ਅਤੇ ਉਸ ਨੂੰ ਲਾਗੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਕਸਰ ਬਾਕੀ ਨਹੀਂ ਛੱਡੀ ਜਾਵੇਗੀ।