ਰਾਸ਼ਟਰੀ ਭਾਵਨਾ ਤੇ ਸ਼ਾਨੋ ਸ਼ੌਕਤ ਨਾਲ ਖੇਡ ਸਟੇਡੀਅਮ 'ਚ ਕਰਵਾਇਆ ਜਾਏਗਾ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ- ਡੀ.ਸੀ ਗਿੱਲ

Last Updated: Jan 06 2020 18:01
Reading time: 1 min, 40 secs

ਆਉਂਦੇ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਬੰਧੀ ਫਤਹਿਗੜ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਗਣਤੰਤਰ ਦਿਵਸ ਸਮਾਗਮ ਸਬੰਧੀ ਕੀਤੀ ਜਾਣ ਵਾਲੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਅਤੇ ਜਾਇਜ਼ਾ ਲੈਣ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਰਿਪੋਰਟ ਹਾਸਲ ਕਰਦੇ ਹੋਏ ਵਿੱਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਨੂੰ ਰਾਸ਼ਟਰੀ ਭਾਵਨਾ ਨਾਲ ਮਨਾਉਣ ਲਈ ਸਮੂਹ ਅਧਿਕਾਰੀ ਤੇ ਮੁਲਾਜ਼ਮ ਗਣਤੰਤਰ ਦਿਵਸ ਸਮਾਰੋਹ ਦੀ ਸ਼ਾਨੋ-ਸ਼ੌਕਤ ਨੂੰ ਵਧਾਉਣ ਲਈ ਪੂਰੀ ਤਨਦੇਹੀ ਨਾਲ ਆਪਣੇ ਫ਼ਰਜ਼ ਨਿਭਾਉਣ।

ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ, ਹੋਮ ਗਾਰਡ, ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਐਨ.ਸੀ.ਸੀ ਕੈਡਿਟ, ਸਕਾਊਟਸ ਦੀਆਂ ਟੁਕੜੀਆਂ ਸ਼ਾਨਦਾਰ ਮਾਰਚ ਪਾਸਟ 'ਚ ਹਿੱਸਾ ਲੈਣਗੀਆਂ। ਇਸ ਤੋਂ ਇਲਾਵਾ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ ਸ਼ੋਅ ਤੇ ਡੰਬਲ ਸ਼ੋਅ ਪੇਸ਼ ਕੀਤਾ ਜਾਵੇਗਾ। ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਸਭਿਆਚਾਰਕ ਵਿਰਸੇ ਨੂੰ ਦਰਸ਼ਾਉਣ ਵਾਲਾ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਵਿਕਾਸ ਨੂੰ ਦਰਸ਼ਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਗਿੱਲ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਵਿੱਚ ਸਰਕਾਰੀ ਸਕੂਲਾਂ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਨ੍ਹਾਂ ਵੱਲੋਂ ਗਣਤੰਤਰ ਦਿਵਸ ਸਮਾਗਮ ਸਬੰਧੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।

ਗਿੱਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਸਾਫ ਸੁਥਰੇ ਪਾਣੀ, ਸਿਹਤ ਸੇਵਾਵਾਂ, ਸਾਫ ਸਫਾਈ ਅਤੇ ਮੋਬਾਇਲ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸ਼ਹੀਦੀ ਸਭਾ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ਅਸਿਸਟੈਂਟ ਡਿਪਟੀ ਕਮਿਸ਼ਨਰ (ਜ) ਜਸਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ, ਐਸ.ਡੀ.ਐਮ ਫ਼ਤਹਿਗੜ ਸਾਹਿਬ ਸੰਜੀਵ ਕੁਮਾਰ, ਡੀ.ਐਸ.ਪੀ (ਡੀ) ਹਰਦੀਪ ਸਿੰਘ ਬਡੂੰਗਰ, ਜ਼ਿਲ੍ਹਾ ਮਾਲ ਅਫ਼ਸਰ ਅਰਸ਼ਦੀਪ ਸਿੰਘ ਥਿੰਦ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।