ਲੋਕ ਭਲਾਈ ਸਕੀਮਾਂ ਨੂੰ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ: ਸੋਮ ਪ੍ਰਕਾਸ਼

Last Updated: Jan 06 2020 18:14
Reading time: 2 mins, 18 secs

ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਵੱਲੋਂ ਜ਼ਿਲੇ ਵਿੱਚੋਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਮੌਜੂਦਗੀ ਵਿੱਚ ਜਿਲ੍ਹਾ ਵਿਕਾਸ ਕੇਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੋਮ ਪ੍ਰਕਾਸ਼ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਇਨ੍ਹਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜ ਜਲਦ ਮੁਕੰਮਲ ਕੀਤੇ ਜਾਣ, ਤਾਂ ਜੋ ਕਰੋੜਾਂ ਰੁਪਏ ਦੇ ਹੋਰ ਪ੍ਰਾਜੈਕਟ ਲਿਆਂਦੇ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਬਲਾਕ ਵਾਈਜ਼ ਲਾਭਪਾਤਰੀਆਂ ਦੀਆਂ ਸੂਚੀਆਂ ਤਿਆਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਵੀ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲੈਂਦੇ ਰਹਿਣਾ ਚਾਹੀਦਾ ਹੈ, ਤਾਂ ਜੋ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਹੋਣ ਦੇ ਨਾਲ-ਨਾਲ ਸਕੀਮਾਂ ਸੁਚਾਰੂ ਢੰਗ ਨਾਲ ਲਾਗੂ ਹੋ ਸਕਣ। 

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕਰਨ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿਣ। ਇਸ ਦੌਰਾਨ ਉਨ੍ਹਾਂ ਐਮ. ਪੀ ਲੈਡ, ਆਟਾ-ਦਾਲ ਸਕੀਮ, ਕੌਮੀ ਸਮਾਜਿਕ ਸਹਾਇਤਾ ਪ੍ਰੋਗਰਾਮ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਬੇਟੀ ਬਚਾਓ ਬੇਟੀ ਪੜਾਓ, ਮਨਰੇਗਾ, ਸਰਵ ਸਿੱਖਿਆ ਅਭਿਆਨ, ਕੌਮੀ ਸਿਹਤ ਮਿਸ਼ਨ, ਆਯੂਸ਼ਮਾਨ ਭਾਰਤ, ਸਵੱਛ ਭਾਰਤ, ਦੀਨ ਦਿਆਲ ਉਪਾਧਿਆਏ ਗ੍ਰਾਮ ਜੋਤੀ ਯੋਜਨਾ, ਡਿਜੀਟਲ ਇੰਡੀਆ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਸਾਂਸਦ ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੈਨਸ਼ਨਾਂ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਆਵਾਸ ਯੋਜਨਾ ਆਦਿ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ ਅਤੇ ਇਨ੍ਹਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਸਬੰਧਤ ਅਧਿਕਾਰੀਆਂ ਵੱਲੋਂ ਇਨਾਂ ਯੋਜਨਾਵਾਂ ਤਹਿਤ ਜ਼ਿਲੇ ਵਿੱਚ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਿਲੇ ਵਿੱਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਵਿਖਾਈ ਜਾ ਰਹੀ ਹੈ ਅਤੇ ਇਸ ਬਾਰੇ ਸਬੰਧਤ ਵਿਭਾਗਾਂ ਤੋਂ ਲਗਾਤਾਰ ਰਿਵਿਊ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਇਨਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ. ਡੀ.ਐਮ ਫਗਵਾੜਾ ਗੁਰਮੀਤ ਸਿੰਘ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ.ਪੀ.ਆਂਗਰਾ, ਸਹਾਇਕ ਕਮਿਸ਼ਨਰ ਡਾ.ਸ਼ਿਖਾ ਭਗਤ, ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ.ਚਾਰੂਮਿਤਾ, ਐਸ.ਡੀ. ਐਮ ਭੁਲੱਥ ਰਣਦੀਪ ਸਿੰਘ ਹੀਰ, ਐਸ. ਡੀ. ਐਮ ਫਗਵਾੜਾ ਗੁਰਵਿੰਦਰ ਸਿੰਘ ਜੌਹਲ, ਜਿਲ੍ਹਾ ਮਾਲ ਅਫ਼ਸਰ ਪਰਮਜੀਤ ਸਿੰਘ ਸਹੋਤਾ, ਸਕੱਤਰ ਜਿਲ੍ਹਾ ਪ੍ਰੀਸ਼ਦ ਗੁਰਦਰਸ਼ਨ ਲਾਲ ਕੁੰਡਲ, ਉੱਪ ਅਰਥ ਤੇ ਅੰਕੜਾ ਸਲਾਹਕਾਰ ਮੈਡਮ ਰਾਣੀ ਤੋਂ ਇਲਾਵਾ ਸਮੂਹ ਬੀ.ਡੀ.ਪੀ.ਓਜ਼, ਈ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।