ਬਰਗਾੜੀ 'ਚ ਹੋਈ ਧਾਰਮਿਕ ਗ੍ਰੰਥ ਦੀ ਬੇਅਦਬੀ ਦੀ ਜਾਂਚ ਰਿਪੋਰਟ ਇਸ ਮਹੀਨੇ ਸਰਕਾਰ ਨੂੰ ਸੋਂਪੀ ਜਾਵੇਗੀ: ਜਸਟਿਸ ਰਣਜੀਤ ਸਿੰਘ

Last Updated: Dec 07 2017 19:52

ਬੀਤੇ ਸਮੇਂ ਦੌਰਾਨ ਜ਼ਿਲ੍ਹਾ ਫਤਹਿਗੜ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕੀਤੇ ਜਾਣ ਦੀਆਂ ਵਾਪਰੀਆਂ ਘਟਨਾਵਾਂ ਦੀ ਜਾਂਚ ਸੰਬੰਧੀ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੇ ਗਏ ਕਮਿਸ਼ਨ ਦੀ ਟੀਮ ਨੇ ਫਤਹਿਗੜ ਸਾਹਿਬ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ। ਇਸ ਦੌਰਾਨ ਕਮਿਸ਼ਨ ਨੇ ਬੇਅਦਬੀ ਦੀ ਘਟਨਾਵਾਂ ਸਬੰਧੀ ਸ਼ਿਕਾਇਤਕਰਤਾ ਅਤੇ ਗਵਾਹਾਂ ਤੋਂ ਇਲਾਵਾ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਦੇ ਬਿਆਨ ਦਰਜ ਕੀਤੇ।

ਸੂਬੇ ਅੰਦਰ ਵੱਖ-ਵੱਖ ਹਿੱਸਿਆਂ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਦੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੇ ਕਮਿਸ਼ਨ ਦੇ ਚੇਅਰਮੈਨ ਰਿਟਾ. ਜਸਟਿਸ ਰਣਜੀਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਸਿੰਧੜਾਂ ਅਤੇ ਰੇਲਵੇ ਸਟੇਸ਼ਨ ਫ਼ਤਿਹਗੜ੍ਹ ਸਾਹਿਬ ਵਿਖੇ ਪਵਿੱਤਰ ਗ੍ਰੰਥਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਬਾਦ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਰਗਾੜੀ ਵਿਖੇ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਜਾਂਚ ਮੁਕੰਮਲ ਕਰਕੇ ਇਸੇ ਮਹੀਨੇ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਪਿੱਛੇ ਛੁਪੀਆਂ ਗੈਰ ਸਮਾਜੀ ਤਾਕਤਾਂ ਦਾ ਪਤਾ ਲਗਾਉਣ ਅਤੇ ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਸਬੰਧੀ ਸਰਕਾਰ ਵੱਲੋਂ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਪਹਿਲਾਂ ਮੋਹਾਲੀ ਜ਼ਿਲ੍ਹੇ 'ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਗਈ ਹੈ। ਇਸ ਦੇ ਬਾਦ ਵੀਰਵਾਰ ਨੂੰ ਫ਼ਤਿਹਗੜ੍ਹ ਸਾਹਿਬ ਦੇ ਇਲਾਕਿਆਂ 'ਚ ਪਹੁੰਚ ਕੇ ਜਾਂਚ ਕੀਤੀ ਗਈ ਹੈ। ਇਸ ਦੇ ਉਪਰੰਤ ਕਮਿਸ਼ਨ ਰੋਪੜ ਤੇ ਪਟਿਆਲਾ ਵਿਖੇ ਜਾਂਚ ਕਰੇਗਾ।

ਜਸਟਿਸ ਰਣਜੀਤ ਸਿੰਘ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਕੀਤੀ ਗਈ ਜਾਂਚ ਦੌਰਾਨ ਪਹਿਲੀ ਨਜ਼ਰੇ ਇਹ ਲੱਗਦਾ ਹੈ ਕਿ ਇਨ੍ਹਾਂ ਘਟਨਾਵਾਂ ਪਿੱਛੇ ਕਿਸੇ ਸੰਗਠਿਤ ਸੰਸਥਾ ਜਾਂ ਸ਼ਰਾਰਤੀ ਅਨਸਰਾਂ ਦਾ ਹੱਥ ਨਹੀਂ ਲੱਗਦਾ ਹੈ। ਕਮਿਸ਼ਨ ਵੱਲੋਂ ਇਨ੍ਹਾਂ ਘਟਨਾਵਾਂ ਦੀ ਬਾਰੀਕੀ ਨਾਲ ਜਾਂਚ ਕਰਨ ਉਪਰੰਤ ਹੀ ਕਿਸੇ ਨਤੀਜੇ 'ਤੇ ਪਹੁੰਚਿਆ ਜਾ ਸਕਦਾ ਹੈ। ਕਮਿਸ਼ਨ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਦੇ ਕਾਰਨਾਂ ਸੰਬੰਧੀ ਜਾਣੂ ਕਰਵਾਏਗਾ। ਇਸ ਦੇ ਨਾਲ ਹੀ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ ਸਬੰਧੀ ਲੋੜੀਂਦੇ ਉਪਾਅ ਕਰਨ ਲਈ ਸਰਕਾਰ ਨੂੰ ਉਸਾਰੂ ਸੁਝਾਅ ਵੀ ਦਿੱਤੇ ਜਾਣਗੇ।

ਜਸਟਿਸ ਰਣਜੀਤ ਸਿੰਘ ਨੇ ਸਬ ਡਵੀਜ਼ਨ ਅਮਲੋਹ ਦੇ ਪਿੰਡ ਅੰਬੇਮਾਜਰਾ ਤੇ ਚਤਰਪੁਰਾ ਅਤੇ ਖਮਾਣੋਂ ਦੇ ਪਿੰਡ ਬਦੇਸ਼ਾਂ ਕਲਾਂ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਪੁਲਿਸ ਵੱਲੋਂ ਇਨ੍ਹਾਂ ਘਟਨਾਵਾਂ 'ਚ ਬਣਾਏ ਗਏ ਗਵਾਹਾਂ ਨਾਲ ਗੱਲਬਾਤ ਕਰਦੇ ਹੋਏ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਹੋਰ ਪਤਵੰਤਿਆਂ ਤੋਂ ਵੀ ਬੇਅਦਬੀ ਦੀਆਂ ਘਟਨਾਵਾਂ ਦੀ ਵਿਸਥਾਰ ਸਹਿਤ ਜਾਣਕਾਰੀ ਇਕੱਤਰ ਕੀਤੀ। ਉਨ੍ਹਾਂ ਪਿੰਡ ਵਾਸੀਆਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਪੁਲਿਸ ਵੱਲੋਂ ਕੀਤੀ ਗਈ ਜਾਂਚ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਤੇ ਹੋਰ ਧਾਰਮਿਕ ਸਥਾਨਾਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਕਿ ਕਿਸੇ ਕਿਸਮ ਦੀ ਅਣ ਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਸ ਦੇ ਨਾਲ ਹੀ ਪੰਚਾਇਤਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਗੁਰਦੁਆਰਾ ਸਾਹਿਬਾਨ ਦੀ ਨਿਗਰਾਨੀ ਲਈ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਸਲਾਹ ਵੀ ਦਿੱਤੀ।