ਕੈਬਿਨਟ ਵਿੱਚ ਵਾਧਾ 18 ਦਸੰਬਰ ਤੋਂ ਬਾਅਦ: ਕੈਪਟਨ

Last Updated: Dec 07 2017 21:16

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਜਾਰਤ ਵਿੱਚ ਵਾਧਾ ਗੁਜਰਾਤ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੀਤਾ ਜਾਵੇਗਾ, ਪਰ ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਉਪ-ਮੁੱਖ ਮੰਤਰੀ ਲਗਾਉਣਾ ਕਾਂਗਰਸ ਦੀ ਰਵਾਇਤ ਨਹੀਂ ਹੈ। ਸੂਬੇ ਦੇ ਸ਼ਹਿਰੀ ਵਿਕਾਸ ਲਈ ਪਾਰਟੀ ਦੀ ਯੋਜਨਾਬੰਦੀ ਸਬੰਧੀ ਦਸਤਾਵੇਜ਼ ਜਾਰੀ ਕਰਨ ਮੌਕੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਨੂੰ ਖਾਰਿਜ ਕੀਤਾ ਕਿ ਕਾਂਗਰਸ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਵਿੱਚ ਅਸਫਲ ਹੋਈ ਹੈ। ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਿਨਟ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ ਅਤੇ ਜ਼ਿਲ੍ਹੇ ਦੇ ਕਾਂਗਰਸੀ ਵਿਧਾਇਕਾਂ ਦੀ ਹਾਜ਼ਰੀ ਵਿੱਚ ਸ਼ਹਿਰੀ ਵਿਕਾਸ ਨੂੰ ਲੈ ਕੇ ਪਾਰਟੀ ਦੇ ਵਿਜ਼ਨ ਨੂੰ ਜਾਰੀ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ 8 ਮਹੀਨਿਆਂ ਵਿੱਚ ਸਾਰੇ ਵਾਅਦੇ ਪੂਰੇ ਕਰਨੇ ਸੰਭਵ ਨਹੀਂ, ਜਦ ਕਿ ਸੂਬਾ ਅਕਾਲੀ-ਭਾਜਪਾ ਸਰਕਾਰ ਦੀਆਂ ਬੇਨਿਯਮੀਆਂ ਕਾਰਨ ਪੂਰੀ ਤਰ੍ਹਾਂ ਵਿੱਤੀ ਸੰਕਟ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਅਤੇ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫ਼ੋਨ ਦੇਣ ਦਾ ਕੰਮ ਮਿਊਂਪਸਲ ਚੋਣਾਂ ਤੋਂ ਬਾਅਦ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਸਨਅਤ ਮਾਲੀ ਸਾਧਨ ਜੁਟਾਉਣ ਵਿੱਚ ਸਹਾਇਤਾ ਦੇ ਰਹੀ ਹੈ ਅਤੇ ਮਾਰਚ ਮਹੀਨੇ ਸੂਬਾ ਸਰਕਾਰ ਨੇ 5000 ਕਰੋੜ ਤੋਂ ਵੱਧ ਦੇ ਸਨਅਤੀ ਸਮਝੌਤੇ ਕੀਤੇ ਹਨ। ਜੀ.ਐਸ.ਟੀ ਦੇ ਮੁੱਦੇ 'ਤੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚ ਵੱਡੀ ਸਮੱਸਿਆ ਲਾਗੂ ਕਰਨ ਦੀ ਆ ਰਹੀ ਹੈ ਜੋ ਕਿ ਕਾਹਲੀ ਵਿੱਚ ਕੀਤੀ ਗਈ ਹੈ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਸੂਬੇ ਦੀ ਐਕਸਾਈਜ਼ ਨੀਤੀ ਵਿੱਚ ਤਬਦੀਲੀ ਲਈ ਕੇਰਲਾ, ਤਾਮਿਲਨਾਡੂ ਅਤੇ ਰਾਜਸਥਾਨ ਦੀਆਂ ਨੀਤੀਆਂ ਘੋਖੀਆਂ ਜਾ ਰਹੀਆਂ ਹਨ। ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਭਾਈ ਭਤੀਜਾਵਾਦ ਦੇ ਭਾਰੂ ਹੋਣ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੋਣ ਜਿੱਤ ਸਕਣ ਦੀ ਸਮਰੱਥਾ ਵਾਲੇ ਉਮੀਦਵਾਰਾਂ ਨੂੰ ਕਮੇਟੀ ਦੀ ਫੀਡ ਬੈਕ ਦੇ ਅਧਾਰ 'ਤੇ ਟਿਕਟਾਂ ਦਿੱਤੀਆਂ ਗਈਆਂ ਹਨ। 

ਗੁਜਰਾਤ ਚੋਣਾਂ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੀਨੀਅਰ ਆਗੂਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਉੱਥੇ ਕਾਂਗਰਸ ਪਾਰਟੀ ਬਰਾਬਰੀ ਦੀ ਟੱਕਰ 'ਤੇ ਹੈ ਅਤੇ ਸੰਭਾਵਨਾ ਹੈ ਕਿ ਵੋਟਰ ਸੱਤਾ 'ਚ ਪਰਿਵਰਤਨ ਲੈ ਆਉਣਗੇ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਬਤੌਰ ਕਾਂਗਰਸ ਪ੍ਰਧਾਨ ਚੋਣ ਪਾਰਟੀ ਵਿੱਚ ਵੱਡਾ ਉਤਸ਼ਾਹ ਭਰੇਗੀ। ਪੰਜਾਬ ਵਿੱਚ ਕੱਟੜਪੰਥੀਆਂ ਵੱਲੋਂ ਹਾਲ ਹੀ ਵਿੱਚ ਕੀਤੀਆਂ ਕਾਰਵਾਈਆਂ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰੀ ਏਜੰਸੀਆਂ ਨਾਲ ਇਸ ਮੁੱਦੇ ਨਾਲ ਨਜਿੱਠ ਰਹੀ ਹੈ। ਜੇਲ੍ਹਾਂ 'ਚੋਂ ਗੈਂਗਸਟਰਾਂ ਵੱਲੋਂ ਮੋਬਾਈਲ ਫ਼ੋਨ ਆਦਿ ਵਰਤੇ ਜਾਣ ਬਾਰੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਕੰਮ ਲਈ ਜੇਲ੍ਹਾਂ ਵਿੱਚ ਵਿਸ਼ੇਸ਼ ਜੈਮਰ ਲਗਾਏ ਜਾ ਰਹੇ ਹਨ। ਕੇਬਲ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕਿਸੇ ਇੱਕ ਧਿਰ ਲਈ ਨਹੀਂ ਬਲਕਿ ਪ੍ਰੈੱਸ ਦੀ ਆਜ਼ਾਦੀ ਵਾਸਤੇ ਸਾਰਿਆਂ ਨੂੰ ਬਰਾਬਰ ਮੌਕੇ ਦੇ ਰਹੀ ਹੈ।