ਪੈਨਸ਼ਨ ਸਕੀਮਾਂ ਦੇ ਲਾਭਪਾਤਰਾਂ ਨੂੰ ਵਿਧਾਇਕ ਜੀ.ਪੀ ਨੇ ਵੰਡੇ ਮਨਜ਼ੂਰੀ ਪੱਤਰ

Last Updated: Jan 08 2018 18:04

ਵੱਖ-ਵੱਖ ਪੈਨਸ਼ਨ ਸਕੀਮਾਂ ਦੇ ਲਾਭਪਾਤਰਾਂ ਨੂੰ ਮਨਜ਼ੂਰ ਹੋਈਆਂ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੰਡਣ ਸਬੰਧੀ ਖੇੜਾ ਬਲਾਕ 'ਚ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੌਰਾਨ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਦੇ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ 100 ਲਾਭਪਾਤਰਾਂ ਨੂੰ ਪੈਨਸ਼ਨ ਦੇ ਮਨਜ਼ੂਰੀ ਪੱਤਰ ਵੰਡੇ।

ਸਮਾਰੋਹ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਗਰੀਬ ਤੇ ਪਿਛੜੇ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਰੂਰਤਮੰਦ ਪਰਿਵਾਰਾਂ ਦੇ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹਨ। ਮੌਜੂਦਾ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਤੇ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਵਰਗਾਂ ਪ੍ਰਤੀ ਬਣਦੀ ਜ਼ਿੰਮੇਵਾਰੀ ਪ੍ਰਤੀ ਸੁਚੇਤ ਹੈ ਅਤੇ ਸਰਕਾਰ ਵੱਲੋਂ 14.50 ਲੱਖ ਬਿਰਧ ਵਿਅਕਤੀਆਂ, 1.70 ਲੱਖ ਆਸ਼ਰਿਤ ਬੱਚਿਆਂ, 1.90 ਲੱਖ ਦਿਵਯਾਂਗ ਵਿਅਕਤੀਆਂ ਅਤੇ 3.80 ਲੱਖ ਵਿਧਵਾਵਾਂ ਤੇ ਬੇਸਹਾਰਾ ਇਸਤਰੀਆਂ ਨੂੰ ਦਿੱਤੀ ਜਾਂਦੀ 500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਰਾਸ਼ੀ ਨੂੰ ਵਧਾ ਕੇ 750 ਰੁਪਏ ਕੀਤਾ ਗਿਆ ਹੈ।

ਵਿਧਾਇਕ ਜੀ.ਪੀ. ਨੇ ਦੱਸਿਆ ਕਿ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪਿਛੜੀਆਂ ਸ਼੍ਰੇਣੀਆਂ, ਈਸਾਈ ਭਾਈਚਾਰੇ ਦੀਆਂ ਲੜਕੀਆਂ, ਵਿਧਵਾਵਾਂ ਅਤੇ ਤਲਾਕਸ਼ੁਦਾ ਤੇ ਕਿਸੇ ਵੀ ਜਾਤੀ ਨਾਲ ਸੰਬੰਧਿਤ ਵਿਧਵਾਵਾਂ ਦੀਆਂ ਲੜਕੀਆਂ ਨੂੰ ਉਨ੍ਹਾਂ ਦੇ ਵਿਆਹ ਮੌਕੇ ਦਿੱਤੀ ਜਾਣ ਵਾਲੀ 15 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਨੂੰ ਵਧਾ ਕੇ ਆਸ਼ੀਰਵਾਦ ਸਕੀਮ ਅਧੀਨ 21 ਹਜ਼ਾਰ ਰੁਪਏ ਕੀਤਾ ਗਿਆ ਹੈ ਤਾਂ ਕਿ ਇਨ੍ਹਾਂ ਵਰਗਾਂ ਨਾਲ ਸੰਬੰਧਿਤ ਲੜਕੀਆਂ ਦੀ ਸ਼ਾਦੀ ਮੌਕੇ ਇਨ੍ਹਾਂ ਦੀ ਆਰਥਿਕ ਮਦਦ ਕੀਤੀ ਜਾ ਸਕੇ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਨੇ ਅੱਗੇ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਵਿਕਾਸ ਸਿਰਫ਼ ਕਾਂਗਰਸ ਸਰਕਾਰ ਨੇ ਕਰਵਾਇਆ ਹੈ ਅਤੇ ਵੱਖ-ਵੱਖ ਇਮਾਰਤਾਂ ਦਾ ਨਿਰਮਾਣ ਕਾਂਗਰਸ ਸਰਕਾਰ ਦੇ ਸਮੇਂ ਅੰਦਰ ਹੀ ਹੋਇਆ ਹੈ। ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਰਾਜ ਨੂੰ ਆਰਥਿਕ ਪੱਖੋਂ ਤਬਾਹ ਕਰਕੇ ਰੱਖ ਦਿੱਤਾ ਸੀ ਜਿਸ ਨੂੰ ਮੁੱਖ ਮੰਤਰੀ ਪੰਜਾਬ ਦੀ ਵਿਕਾਸਮਈ ਸੋਚ ਸਦਕਾ ਮੁੜ ਲੀਹ 'ਤੇ ਲਿਆਂਦਾ ਜਾ ਰਿਹਾ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਸੈਂਪਲੀ, ਸਤਵੀਰ ਸਿੰਘ ਨੌਗਾਵਾਂ, ਮਨੋਜ ਕਪੂਰ ਚੁੰਨੀ, ਜਸਵਿੰਦਰ ਸਿੰਘ ਚੁੰਨੀ, ਸ਼ਾਮ ਗੌਤਮ, ਲਖਵੀਰ ਸਿੰਘ, ਹਸਬੀਰ ਸਿੰਘ ਕੱਜਲ ਮਾਜਰਾ ਅਤੇ ਦਰਸ਼ਨ ਸਿੰਘ ਮੈਣ ਮਾਜਰੀ ਆਦਿ ਵੀ ਮੌਜੂਦ ਸਨ।