ਨਾਬਾਲਗ ਨੂੰ ਅਗਵਾ ਕਰਕੇ ਬਲਾਤਕਾਰ ਕਰਨ ਦੇ ਦੋਸ਼ੀ ਨੂੰ ਹੋਈ ਦੱਸ ਸਾਲ ਦੀ ਸਜ਼ਾ

Jatinder Singh
Last Updated: Jan 11 2018 15:03

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਦੇ ਨਾਲ ਬਲਾਤਕਾਰ ਕਰਨ ਦੇ ਕਰੀਬ ਇੱਕ ਸਾਲ ਪਹਿਲਾਂ ਦਰਜ ਹੋਏ ਮਾਮਲੇ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਨੂੰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਦੱਸ ਸਾਲ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਦੋਸ਼ੀ ਨੂੰ ਸੱਤ ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਕਥਿਤ ਦੋਸ਼ੀ ਮਨੋਜ ਕੁਮਾਰ ਦੇ ਖ਼ਿਲਾਫ਼ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਬਲਾਤਕਾਰ ਕਰਨ ਅਤੇ ਪੋਸਕੋ ਐਕਟ ਤਹਿਤ ਥਾਣਾ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ।

ਮਿਲੀ ਜਾਣਕਾਰੀ ਦੇ ਮੁਤਾਬਿਕ ਬਲਾਤਕਾਰ ਦਾ ਸ਼ਿਕਾਰ ਹੋਈ ਪੀੜਤ ਲੜਕੀ ਦੇ ਪਿਤਾ ਨੇ 16 ਫਰਵਰੀ 2017 'ਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੋਈ ਅਣਪਛਾਤਾ ਵਿਅਕਤੀ ਉਸ ਦੇ ਰਿਹਾਇਸ਼ੀ ਏਰੀਆ ਪੱਕਾ ਸ਼ਾਂਤੀ ਨਗਰ ਇਲਾਕੇ ਚੋਂ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਆਪਣੇ ਨਾਲ ਅਗਵਾ ਕਰਕੇ ਫ਼ਰਾਰ ਹੋ ਗਿਆ ਹੈ।

ਇਸ ਮਾਮਲੇ ਸਬੰਧੀ ਪੁਲਿਸ ਥਾਣਾ ਗੋਬਿੰਦਗੜ੍ਹ 'ਚ ਤਾਇਨਾਤ ਏ.ਐਸ.ਆਈ ਨਰਿੰਦਰ ਸਿੰਘ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ ਦਰਜ ਕਰਕੇ ਪੜਤਾਲ ਸ਼ੁਰੂ ਕੀਤੀ ਸੀ। ਬਾਅਦ 'ਚ ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਕਥਿਤ ਦੋਸ਼ੀ ਮਨੋਜ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦੇ ਖ਼ਿਲਾਫ਼ ਨਾਬਾਲਗ ਲੜਕੀ ਦੇ ਨਾਲ ਬਲਾਤਕਾਰ ਕਰਨ ਅਤੇ ਪੋਸਕੋ ਐਕਟ ਅਧੀਨ ਮਾਮਲਾ ਦਰਜ ਕਰਨ ਦੇ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਸੀ।

ਨਾਬਾਲਗ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲਿਜਾਂਦੇ, ਉਸ ਦੇ ਨਾਲ ਜ਼ਬਰਦਸਤੀ ਬਲਾਤਕਾਰ ਕੀਤੇ ਜਾਣ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਨਵਜੋਤ ਕੌਰ ਦੀ ਅਦਾਲਤ ਨੇ ਪੁਲਿਸ ਵੱਲੋਂ ਲਗਾਏ ਗਏ ਬਲਾਤਕਾਰ ਅਤੇ ਜਾਨਲੇਵਾ ਧਮਕੀਆਂ ਦੇਣ ਦੇ ਇਲਜ਼ਾਮਾਂ ਨੂੰ ਸਹੀ ਠਹਿਰਾਉਂਦੇ ਹੋਏ ਦੋਸ਼ੀ ਮਨੋਜ ਕੁਮਾਰ ਨੂੰ ਦੱਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਉਸ ਨੂੰ ਸੱਤ ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਹਾਲਤ 'ਚ ਉਸ ਨੂੰ ਤਿੰਨ ਮਹੀਨ ਦੀ ਵਾਧੂ ਸਜ਼ਾ ਭੁਗਤਣੀ ਪਵੇਗੀ।