ਵਿਧਾਇਕ ਜੀ, ਸਾਨੂੰ ਲੋਹੜੀ ਪਾਓ ਤੇ ਸਾਡੀ ਮੀਟਿੰਗ ਮੁੱਖ ਮੰਤਰੀ ਨਾਲ ਕਰਵਾਓ.!!!

Last Updated: Jan 11 2018 17:42

ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲੋਂ ਪੰਜਾਬ ਵਾਸੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਹਰ ਘਰ ਵਿੱਚ ਇੱਕ ਮੈਂਬਰ ਜੋ ਬੇਰੁਜ਼ਗਾਰ ਹੈ, ਉਸ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਪਰ ਕਾਂਗਰਸ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਉਕਤ ਵਾਅਦੇ ਭੁੱਲ ਗਈ ਹੈ ਅਤੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ। ਜੀ ਹਾਂ, ਇਹ ਬਿਲਕੁੱਲ ਸੱਚ ਹੈ! ਕਿਉਂਕਿ ਪਹਿਲੋਂ ਰੱਖੇ ਹੋਏ ਮੁਲਾਜ਼ਮਾਂ ਨੂੰ ਨਾ ਤਾਂ ਪੂਰੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾ ਹੀ ਰਹਿੰਦੇ ਕੱਚੇ ਮੁਲਾਜ਼ਮਾਂ ਨੂੰ ਪੱਕਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮ ਆਗੂਆਂ ਵਿੱਚ ਰੋਸ ਦੀ ਲਹਿਰ ਹੈ।

ਆਉਣ ਵਾਲੀ 13 ਜਨਵਰੀ ਨੂੰ ਲੋਹੜੀ ਵਾਲੇ ਦਿਨ "ਐਮ.ਐਲ.ਏ ਸਾਹਿਬ ਸਾਨੂੰ ਲੋਹੜੀ ਪਾਓ ਸਾਡੀ ਮੁੱਖ ਮੰਤਰੀ ਨਾਲ ਮੀਟਿੰਗ ਕਰਾਓ" ਦੇ ਨਾਅਰੇ ਨਾਲ ਮੁਲਾਜ਼ਮਾਂ ਵੱਲੋਂ ਮੰਤਰੀਆਂ ਅਤੇ ਵਿਧਾਇਕਾਂ ਦੇ ਘਰ ਲੋਹੜੀ ਮੰਗਣ ਜਾਣ ਦਾ ਐਲਾਨ ਕਰ ਦਿੱਤਾ ਹੈ। ਮੁਲਾਜ਼ਮਾਂ ਵੱਲੋਂ ਨਵੇਂ ਸਾਲ ਵਾਲੇ ਦਿਨ ਕੀਤੇ ਸੰਘਰਸ਼ ਤੋਂ ਬਾਅਦ ਸਰਕਾਰ ਵੱਲੋਂ ਗੱਲਬਾਤ ਨਾ ਕਰਨ 'ਤੇ ਲੋਹੜੀ ਦੇ ਤਿਉਹਾਰ ਵਾਲੇ ਦਿਨ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ ਅਤੇ ਮੁਲਾਜ਼ਮਾਂ ਵੱਲੋਂ ਕੀਤੇ ਐਲਾਨ ਅਨੁਸਾਰ ਠੇਕਾ ਮੁਲਾਜ਼ਮ ਲੋਹੜੀ ਵਾਲੇ ਦਿਨ ਮੰਤਰੀਆਂ ਤੇ ਵਿਧਾਇਕਾਂ ਦੇ ਘਰ ਖਾਲੀ ਪੀਪੇ ਲੈ ਕੇ ਮੁੱਖ ਮੰਤਰੀ ਦੀ ਮੀਟਿੰਗ ਮੰਗਣ ਜਾਣਗੇ।

ਨਿਊਜ਼ ਨੰਬਰ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦੇ ਹੋਏ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਆਗੂ ਜਨਕ ਸਿੰਘ ਸਰਬਜੀਤ ਸਿੰਘ, ਰਜਿੰਦਰ ਸਿੰਘ, ਵਰਿੰਦਰ ਸਿੰਘ ਸੁਨੀਲ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦਾ ਇੱਕ ਵਫ਼ਦ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੂੰ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਮਿਲਿਆ ਅਤੇ ਉਨ੍ਹਾਂ ਨੂੰ ਕਾਂਗਰਸ ਸਰਕਾਰ ਦੇ ਵਾਅਦਿਆਂ ਦੀ ਯਾਦਗਾਰੀ ਤਸਵੀਰ ਦਿੱਤੀ।

ਆਗੂਆਂ ਨੇ ਦੱਸਿਆ ਕਿ ਕੈਪਟਨ ਸੰਦੀਪ ਸੰਧੂ ਵੱਲੋਂ ਮੁਲਾਜ਼ਮਾਂ ਦੀ ਸਰਕਾਰ ਜਾਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਦਾ ਕੋਈ ਠੋਸ ਹੁੰਗਾਰਾ ਨਹੀਂ ਭਰਿਆ ਗਿਆ, ਜਿਸ ਤੋਂ ਜਾਪਦਾ ਹੈ ਕਿ ਸਰਕਾਰ ਨੌਜਵਾਨ ਮੁਲਾਜ਼ਮਾਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਸਰਕਾਰ ਕਿਸੇ ਅਣਹੋਣੀ ਨੂੰ ਉਡੀਕ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦੇ ਢਿੱਲ ਮੱਠ ਤੇ ਅਡੀਅਲ ਰਵੱਈਏ ਦੇ ਰੋਸ ਵਜੋਂ ਮੁਲਾਜ਼ਮ 13 ਜਨਵਰੀ ਨੂੰ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਘਰ ਖਾਲੀ ਪੀਪੇ ਲੈ ਕੇ ਲੋਹੜੀ ਮੰਗਣ ਜਾਣਗੇ ਅਤੇ ਇਸ ਦੌਰਾਨ ਲੋਹੜੀ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਦੇ ਸਮੇਂ ਦੀ ਮੰਗ ਕਰਨਗੇ।

ਉਪਰੋਕਤ ਆਗੂਆਂ ਨੇ ਇਹ ਵੀ ਕਿਹਾ ਕਿ ਉਹ ਕਾਂਗਰਸ ਸਰਕਾਰ ਨੂੰ ਕੀਤੇ ਵਾਅਦੇ ਭੁੱਲਣ ਨਹੀਂ ਦੇਣਗੇ। ਵਿਧਾਨ ਸਭਾ ਵੱਲੋਂ ਪਾਸ ਕੀਤੇ ਐਕਟ ਨੂੰ ਲਾਗੂ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਸਰਕਾਰ ਨੂੰ ਕੋਈ ਵਾਧੂ ਪੈਸਾ ਜਾਰੀ ਨਹੀਂ ਕਰਨਾ ਪੈਣਾ ਫਿਰ ਵੀ ਸਰਕਾਰ ਨੇ ਚੁੱਪ ਵੱਟੀ ਹੋਈ ਹੈ। ਵੋਟਾਂ ਦੌਰਾਨ ਸੁਵਿਧਾ ਮੁਲਾਜ਼ਮਾਂ ਦੇ ਅੰਦੋਲਨ ਦੀ ਹਮਾਇਤ ਕਰਨ ਵਾਲੇ ਮੁੱਖ ਮੰਤਰੀ ਤੇ ਵਿਧਾਨ ਸਭਾ ਸਪੀਕਰ ਨੂੰ ਹੁਣ ਸੁਵਿਧਾ ਮੁਲਾਜ਼ਮਾਂ ਦਾ ਸੰਘਰਸ਼ ਨਜ਼ਰ ਨਹੀਂ ਆ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੰਤਰੀ ਅਤੇ ਵਿਧਾਇਕ ਮੁਲਾਜ਼ਮਾਂ ਨੂੰ ਖਾਲੀ ਹੱਥ ਨਹੀਂ ਮੋੜਣਗੇ ਅਤੇ 'ਹੁੱਕਾਂ ਬੀ ਹੁੱਕਾਂ ਸਾਡਾ ਵਿਧਾਇਕ ਭੁੱਖਾ' ਦਾ ਨਾਅਰਾ ਲਾਉਣ ਨੂੰ ਮਜਬੂਰ ਨਹੀਂ ਕਰਨਗੇ। ਵੇਖਿਆ ਜਾਵੇ ਤਾਂ ਹੁਣ ਮੁਲਾਜ਼ਮ ਕਾਫ਼ੀ ਜ਼ਿਆਦਾ ਸਰਗਰਮ ਹਨ, ਵੇਖਣਾ ਹੁਣ ਇਹ ਹੋਵੇਗਾ ਕਿ ਆਖਿਰ ਕਦੋਂ ਸੂਬਾ ਸਰਕਾਰ ਉਕਤ ਮੁਲਾਜ਼ਮ ਦੀਆਂ ਮੰਗਾਂ ਨੂੰ ਪ੍ਰਵਾਨ ਕਰਦੀ ਹੈ।