10 ਫਰਵਰੀ ਨੂੰ ਲੱਗੇਗੀ ਕੌਮੀ ਲੋਕ ਅਦਾਲਤ

Last Updated: Jan 11 2018 18:22

ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਨਵੀਂ ਦਿੱਲੀ ਅਤੇ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 10 ਫਰਵਰੀ 2018 ਨੂੰ ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸਤਵਿੰਦਰ ਸਿੰਘ ਚਹਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫ਼ੈਸਲੇ ਲਈ ਸ਼ਾਮਲ ਕੀਤੇ ਜਾਂਦੇ ਹਨ। ਜੋ ਝਗੜਾ ਅਦਾਲਤ ਵਿੱਚ ਨਾ ਚਲਦਾ ਹੋਵੇ ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖ਼ਾਸਤ ਦੇ ਕੇ ਰਾਜ਼ੀਨਾਮੇ ਲਈ ਲਿਆਇਆ ਜਾ ਸਕਦਾ ਹੈ। ਜਿਨ੍ਹਾਂ ਮੁਕੱਦਮਿਆਂ ਵਿੱਚ ਧਿਰਾਂ ਦਾ ਸਮਝੌਤਾ ਹੋ ਜਾਵੇਗਾ ਉਨ੍ਹਾਂ ਦਾ ਮੌਕੇ 'ਤੇ ਹੀ ਫ਼ੈਸਲਾ ਕੀਤਾ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਲੰਬਿਤ ਪਏ ਕੇਸਾਂ ਦੇ ਜਲਦੀ ਨਿਪਟਾਰੇ ਲਈ ਵੱਖ-ਵੱਖ ਅਦਾਲਤਾਂ ਵਿੱਚ ਵੱਖ-ਵੱਖ ਬੈਂਚ ਬਣਾਏ ਜਾਣਗੇ। ਇਸ ਕੌਮੀ ਲੋਕ ਅਦਾਲਤ ਵਿੱਚ ਬਣਾਏ ਗਏ ਵੱਖ-ਵੱਖ ਬੈਂਚਾਂ ਦੀ ਪ੍ਰਧਾਨਗੀ ਜੱਜ ਸਾਹਿਬ ਕਰਨਗੇ ਅਤੇ ਉਨ੍ਹਾਂ ਦੇ ਨਾਲ ਇੱਕ ਵਕੀਲ ਅਤੇ ਇੱਕ ਸਮਾਜ ਸੇਵਕ ਬਤੌਰ ਮੈਂਬਰਾਨ ਬੈਠਣਗੇ। 

ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ / ਰਾਜ਼ੀਨਾਮੇ ਰਾਹੀ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਉਨ੍ਹਾਂ ਨੇ ਲੋਕ ਅਦਾਲਤਾਂ ਦੇ ਲਾਭ ਦੱਸਦਿਆਂ ਕਿਹਾ ਕਿ ਇਸ ਨਾਲ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ ਅਤੇ ਇਸ ਦੇ ਫ਼ੈਸਲੇ ਨੂੰ ਦੀਵਾਨੀ ਕੋਰਟ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ, ਇਸ ਵਿੱਚ ਫ਼ੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ। ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ ਅਤੇ ਇਸ ਦੇ ਫ਼ੈਸਲੇ ਅੰਤਿਮ ਹੁੰਦੇ ਹਨ।