ਥਰਮਲ ਪਲਾਂਟ ਬੰਦ ਕਰਨ ਦੇ ਖ਼ਿਲਾਫ਼ ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਨੇ ਜਤਾਇਆ ਰੋਸ

Last Updated: Jan 12 2018 14:48

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਠਿੰਡਾ ਥਰਮਲ ਪਲਾਂਟ ਪੂਰਨ ਤੌਰ 'ਤੇ ਅਤੇ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਕਰਨ ਤੋਂ ਇਲਾਵਾ ਟਰਾਂਸਫ਼ਾਰਮਰ ਵਰਕਸ਼ਾਪਾਂ ਨੂੰ ਬੰਦ ਕੀਤੇ ਜਾਣ ਦੇ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਨੇ ਆਪਣਾ ਸੰਘਰਸ਼ ਤੇਜ਼ ਕਰਦੇ ਹੋਏ ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਸਰਕਲ ਖੰਨਾ ਵੱਲੋਂ ਪ੍ਰਦੇਸ਼ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੇ ਖ਼ਿਲਾਫ਼ ਮੀਟਿੰਗ ਦਾ ਆਯੋਜਨ ਕੀਤਾ। ਬਿਜਲੀ ਮੁਲਾਜ਼ਮਾਂ ਵੱਲੋਂ ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਸਰਕਲ ਖੰਨਾ ਦੇ ਪ੍ਰਧਾਨ ਮੱਖਣ ਸਿੰਘ ਦੀ ਅਗਵਾਈ ਹੇਂਠ ਮੀਟਿੰਗ ਦੌਰਾਨ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਅਤੇ 18 ਜਨਵਰੀ ਨੂੰ ਪ੍ਰਦੇਸ਼ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਕਪੂਰਥਲਾ ਵਿਖੇ ਰਿਹਾਇਸ਼ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ।

ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਟੈਕਨੀਕਲ ਸਰਵਿਸਿਜ਼ ਯੂਨੀਅਨ (ਟੀ.ਐਸ.ਯੂ) ਦੇ ਪ੍ਰਦੇਸ਼ ਪ੍ਰਧਾਨ ਕੁਲਦੀਪ ਸਿੰਘ, ਮੱਖਣ ਸਿੰਘ ਅਤੇ ਸਰਕਲ ਸਕੱਤਰ ਇੰਦਰਜੀਤ ਸਿੰਘ ਅਕਾਲ ਨੇ ਦੱਸਿਆ ਕਿ ਮੀਟਿੰਗ 'ਚ ਖੰਨਾ ਤੋਂ ਇਲਾਵਾ ਸਰਹਿੰਦ, ਮੰਡੀ ਗੋਬਿੰਦਗੜ੍ਹ, ਅਮਲੋਹ ਅਤੇ ਦੋਰਾਹਾ ਡਵੀਜ਼ਨਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ ਹੈ। ਇਸ ਤੋਂ ਇਲਾਵਾ ਜੁਆਇੰਟ ਫੋਰਮ ਪੰਜਾਬ ਵੱਲੋਂ ਦਿੱਤੇ ਗਏ ਪ੍ਰੋਗਰਾਮਾਂ ਨੂੰ ਲਾਗੂ ਕਰਨ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਦੇ ਨਾਲ ਹੀ ਬਠਿੰਡਾ ਅਤੇ ਰੋਪੜ ਥਰਮਲ ਪਲਾਂਟ ਨੂੰ ਬੰਦ ਕਰਨ ਦੀ ਨਿੰਦਾ ਕਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਗਈ ਕਿ ਰੋਪੜ ਅਤੇ ਬਠਿੰਡਾ ਥਰਮਲ ਪਲਾਟਾਂ ਨੂੰ ਸਰਕਾਰੀ ਤੌਰ 'ਤੇ ਚਾਲੂ ਰੱਖਿਆ ਜਾਵੇ।

ਯੂਨੀਅਨ ਆਗੂਆਂ ਨੇ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਪਾਰਟੀ ਵੱਲੋਂ ਪ੍ਰਦੇਸ਼ ਦੇ ਲੋਕਾਂ ਨਾਲ ਵਾਅਦਾ ਕੀਤਾ ਜਾ ਰਿਹਾ ਸੀ ਕਿ ਪਾਰਟੀ ਸੱਤਾ 'ਚ ਆਉਣ ਤੋਂ ਬਾਅਦ ਹਰੇਕ ਘਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਏਗੀ। ਪਰ ਸੱਤਾ ਸੰਭਾਲਣ ਤੋਂ ਬਾਅਦ ਸਰਕਾਰ ਨੇ ਮੁਲਾਜ਼ਮਾਂ ਵਿਰੋਧੀ ਫ਼ੈਸਲੇ ਲੈਣੇ ਸ਼ੁਰੂ ਕਰ ਦਿੱਤੇ ਅਤੇ ਹਰੇਕ ਘਰ ਨੌਕਰੀ ਦੇਣਾ ਤਾਂ ਦੂਰ ਦੀ ਗੱਲ ਰਹੀ ਬਲਕਿ ਨੌਕਰੀ 'ਤੇ ਲੱਗੇ ਮੁਲਾਜ਼ਮਾਂ ਨੂੰ ਖੱਜਲ ਖ਼ੁਆਰ ਕਰਨ 'ਤੇ ਤੁਲੀ ਹੋਈ ਹੈ। ਪ੍ਰਦੇਸ਼ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਇਲਾਕੇ ਦੇ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਬਠਿੰਡਾ ਥਰਮਲ ਪਲਾਂਟ ਨੂੰ ਹਰ ਹਾਲਤ 'ਚ ਚਾਲੂ ਰੱਖਿਆ ਜਾਵੇਗਾ। ਪਰ ਉਨ੍ਹਾਂ ਤਿੰਨ ਮੈਂਬਰੀ ਕਮੇਟੀ ਦੇ ਮੈਂਬਰ ਬਣ ਖ਼ੁਦ ਹੀ ਫ਼ੈਸਲਾ ਦੇ ਦਿੱਤਾ ਕਿ ਰੋਪੜ ਅਤੇ ਬਠਿੰਡਾ ਥਰਮਲ ਪਲਾਂਟ ਬੰਦ ਕਰ ਦਿੱਤੇ ਜਾਣ।

ਯੂਨੀਅਨ ਆਗੂਆਂ ਨੇ ਅੱਗੇ ਕਿਹਾ ਕਿ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰਕੇ ਰਾਜਨੀਤਿਕ ਲੋਕ ਕਥਿਤ ਤੌਰ 'ਤੇ ਸਰਕਾਰੀ ਜ਼ਮੀਨ ਨੂੰ ਹੜੱਪਣਾ ਚਾਹੁੰਦੇ ਹਨ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਵਪਾਰਕ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਇਆ ਜਾਣਾ ਹੈ। ਸਰਕਾਰ ਦੇ ਇਸ ਫ਼ੈਸਲੇ ਦੇ ਖ਼ਿਲਾਫ਼ 18 ਜਨਵਰੀ ਨੂੰ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਰਿਹਾਇਸ਼ ਸਾਹਮਣੇ ਪੂਰੇ ਪੰਜਾਬ ਚੋਂ ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਰੋਸ ਮਾਰਚ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਮੰਗ ਨਾ ਮੰਨੀ ਤਾਂ 7 ਫਰਵਰੀ ਨੂੰ ਪਟਿਆਲਾ ਸਥਿਤ ਪਾਵਰਕਾਮ ਦੇ ਹੈੱਡ ਆਫ਼ਿਸ ਅੱਗੇ ਵਿਸ਼ਾਲ ਧਰਨਾ ਦੇਣ ਤੋਂ ਬਾਅਦ ਮੋਤੀ ਮਹਿਲ ਵੱਲ ਰੋਸ ਮਾਰਚ ਕੀਤਾ ਜਾਵੇਗਾ।

ਇਸ ਮੌਕੇ 'ਤੇ ਗੁਰਦਰਸ਼ਨ ਸਿੰਘ, ਯਾਦਵਿੰਦਰ ਸਿੰਘ, ਦਵਿੰਦਰਜੀਤ ਸਿੰਘ, ਮਹਿੰਦਰਪਾਲ ਸਿੰਘ ਸਰਹਿੰਦ, ਸੁਖਵਿੰਦਰ ਸਿੰਘ ਦੋਰਾਹਾ ਆਦਿ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।