ਸੂਬਾ ਸਰਕਾਰ ਮੁਲਾਜ਼ਮ ਜੱਥੇਬੰਦੀਆਂ ਨਾਲ ਗੱਲਬਾਤ ਤੋਂ ਕਤਰਾ ਰਹੀ ਹੈ ਕੰਨੀ.!!!

Gurpreet Singh Josan
Last Updated: Jan 13 2018 16:28

ਪੰਜਾਬ ਦੇ ਮੁਲਾਜ਼ਮ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਕੈਨਾਲ ਕਾਲੌਨੀ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਕਾਂਗਰਸ ਸਰਕਾਰ ਨੇ ਵੋਟਾਂ ਸਮੇਂ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਸਰਕਾਰ ਮੁਲਾਜ਼ਮ ਜੱਥੇਬੰਦੀਆਂ ਨਾਲ ਗੱਲਬਾਤ ਤੋਂ ਕੰਨੀ ਕਤਰਾ ਰਹੀ ਹੈ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਕੰਟਰੈਕਚੂਅਲ, ਡੈਲੀਵੇਜ਼, ਆਊਟ ਸੋਰਸਿੰਗ ਇੰਪਲਾਈਜ਼ ਐਕਟ 2006 ਵਿੱਚ ਬੇਲੋੜੇ ਅੜਿੱਕੇ ਬੰਦ ਕਰਦਿਆਂ 3 ਸਾਲ ਦੀ ਸੇਵਾ ਵਾਲੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, 1 ਜਨਵਰੀ 2004 ਤੋਂ ਬਾਅਦ ਲੱਗੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਛੇਵੇਂ ਪੇ ਕਮਿਸ਼ਨ ਨੂੰ ਸਮਾਂਬੱਧ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਪੇਅ ਬਕਾਇਆ ਕਿਸ਼ਤਾਂ ਰਿਲੀਜ਼ ਕੀਤੀਆਂ ਜਾਣ, ਕੋਰਟਾਂ ਦੇ ਫੈਸਲੇ ਮੁਤਾਬਿਕ ਬਰਾਬਰ ਕੰਮ, ਬਰਾਬਰ ਤਨਖਾਹ ਦਾ ਫੈਸਲਾ ਲਾਗੂ ਕੀਤਾ ਜਾਵੇ।

ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਨੇ ਆਖਿਆ ਕਿ ਜੇਕਰ ਸਰਕਾਰ ਨੇ ਜਲਦੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਸੂਬਾ ਕਮੇਟੀ ਦੇ ਆਦੇਸ਼ ਅਨੁਸਾਰ 17 ਜਨਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਦਫਤਰ ਫਿਰੋਜ਼ਪੁਰ ਦੇ ਸਾਹਮਣੇ ਰੈਲੀ ਕਰਕੇ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੁੱਟੋ, ਪ੍ਰਮੋਦ ਕੁਮਾਰ ਗੋਗਾ, ਰਾਜੀਵ ਹਾਂਡਾ, ਪ੍ਰੇਮ ਕਾਮਰਾ, ਚੰਦਰ ਮੋਹਨ, ਸੰਜੀਵ ਟੰਡਨ, ਸੰਜੀਵ ਕੁਮਾਰ, ਮਨਜੀਤ ਸਿੰਘ, ਸਤਨਾਮ ਸਿੰਘ, ਅਨਬੇਲਗਨ, ਕ੍ਰਿਸ਼ਨ ਲੂਣਾ, ਅਮਰੀਕ ਸਿੰਘ, ਬਾਊ ਸਿੰਘ, ਪਵਿੱਤਰ ਸਿੰਘ, ਸੁਖਵਿੰਦਰ ਸਿੰਘ, ਗੁਰਜੰਟ ਸਿੰਘ, ਬਲਬੀਰ ਸਿੰਘ ਗੋਖੀਵਾਲਾ, ਸ਼ੇਰ ਸਿੰਘ, ਜੋਗਿੰਦਰ ਸਿੰਘ, ਬਲਦੇਵ ਸਿੰਘ ਬਹਾਦਰ, ਰਮੇਸ਼ ਕੁਮਾਰ, ਜੋਗਿੰਦਰ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।