ਵੋਟ ਬਣਵਾਉਣਾ ਤੇ ਉਸਦਾ ਸਹੀ ਇਸਤੇਮਾਲ ਕਰਨਾ ਦੇਸ਼ ਦੇ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼: ਸਹਾਇਕ ਕਮਿਸ਼ਨਰ

Last Updated: Jan 13 2018 16:20

ਸਕੂਲੀ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਗਰੁਕ ਕਰਨ ਦੇ ਉਦੇਸ਼ ਨਾਲ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਦੀ ਅਗਵਾਈ 'ਚ ਇੰਟਰਐਕਟਿਵ ਸਕੂਲ ਇੰਗੇਜ਼ਮੈਂਟ ਪ੍ਰੋਗਰਾਮ ਤਹਿਤ ਪਿੰਡ ਕੋਟਲਾ ਬਜਵਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਕੁਇਜ਼ ਮੁਕਾਬਲੇ ਕਰਵਾਏ ਗਏ। ਸਮਾਰੋਹ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਆਨੰਦ ਸਾਗਰ ਸ਼ਰਮਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਰੋਹ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਸਬੰਧੀ ਵਿਸ਼ੇਸ਼ ਤੌਰ 'ਤੇ ਜਾਗਰੁਕ ਕੀਤਾ ਗਿਆ।  

ਸਮਾਰੋਹ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਆਨੰਦ ਸਾਗਰ ਸ਼ਰਮਾ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਇੰਟਰਐਕਟਿਵ ਸਕੂਲ ਇੰਗੇਜ਼ਮੈਂਟ ਪ੍ਰੋਗਰਾਮ ਤਹਿਤ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ। ਜਿਸਦੇ ਤਹਿਤ 15 ਸਾਲ ਤੋਂ 17 ਸਾਲ ਤੱਕ ਦੀ ਉਮਰ ਦੇ 9ਵੀਂ ਤੋਂ 12ਵੀਂ ਜਮਾਤ ਦੇ ਸਕੂਲੀ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ। ਭਾਰਤ ਦੇਸ਼-ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੈ ਅਤੇ ਦੇਸ਼ ਦੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਨੂੰ ਵੋਟ ਦਾ ਅਧਿਕਾਰ ਦੇਕੇ ਅਜਿਹੀ ਤਾਕਤ ਦਿੱਤੀ ਗਈ ਹੈ, ਜਿਸਦੀ ਬਿਨਾ ਕਿਸੇ ਦਬਾਅ, ਡਰ, ਭੈਅ ਤੇ ਲਾਲਚ ਤੋਂ ਇਸਤੇਮਾਲ ਕਰਕੇ ਆਪਣੇ ਦੇਸ਼ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾ ਸਕਦੇ ਹਾਂ। ਇਸ ਲਈ ਦੇਸ਼ ਦੇ ਹਰੇਕ ਨਾਗਰਿਕ ਦਾ ਪਹਿਲਾ ਫਰਜ਼ ਬਣਦਾ ਹੈ ਕਿ ਉਹ ਆਪਣੀ ਵੋਟ ਜਰੂਰ ਬਣਵਾਉਣ ਅਤੇ ਵੋਟ ਬਣਵਾਉਣ ਦੇ ਬਾਅਦ ਉਸਦਾ ਇਸਤੇਮਾਲ ਵੀ ਕਰਨ।

ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਵੱਲੋਂ ਨਾਗਰਿਕਾਂ ਨੂੰ ਦਿੱਤੇ ਗਏ ਵੋਟ ਦੇ ਅਧਿਕਾਰ ਦੇ ਇਸਤੇਮਾਲ ਤੋਂ ਕਦੇ ਵੀ ਅਵੇਸਲਾ ਨਹੀਂ ਹੋਣਾ ਚਾਹੀਦਾ ਕਿਉਂਕਿ ਵੋਟ ਬਣਵਾਉਣਾ ਤੇ ਉਸਦਾ ਸਹੀ ਇਸਤੇਮਾਲ ਕਰਨਾ ਜਿੱਥੇ ਸਾਡਾ ਸੰਵਿਧਾਨਕ ਹੱਕ ਹੈ ਉੱਥੇ ਹੀ ਸਮਾਜ ਪ੍ਰਤੀ ਸਾਡੀ ਜਿੰਮੇਵਾਰੀ ਵੀ ਬਣਦੀ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੋਂ ਵੋਟਾਂ ਸਬੰਧੀ ਸਵਾਲ ਵੀ ਪੁੱਛੇ ਗਏ ਜਿਸ ਵਿੱਚ ਵਿੱਚ ਲਗਭਗ 227 ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਵਿੱਚੋਂ 12ਵੀਂ ਜਮਾਤ ਦੀ ਵਿਦਿਆਰਥਣ ਰਮਨਦੀਪ ਕੌਰ ਪਹਿਲੇ, 10ਵੀਂ ਜਮਾਤ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਦੂਜੇ ਤੇ 11ਵੀਂ ਜਮਾਤ ਦਾ ਵਿਦਿਆਰਥੀ ਸਤਨਾਮ ਸਿੰਘ ਤੀਜੇ ਸਥਾਨ 'ਤੇ ਰਿਹਾ। ਕੁਇਜ਼ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਸਹਾਇਤ ਕਮਿਸ਼ਨਰ ਆਨੰਦ ਸਾਗਰ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸਰਟੀਫਿਕੇਟ ਵੰਡੇ।