ਹੈਰੋਇਨ ਸਮੇਤ ਦੋ ਸਮਗਲਰ ਗ੍ਰਿਫ਼ਤਾਰ..!!!

Gurpreet Singh Josan
Last Updated: Jan 13 2018 18:23

ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਦੋ ਸਮਗਲਰਾਂ ਨੂੰ ਫ਼ਿਰੋਜ਼ਪੁਰ ਪੁਲਿਸ ਨੇ ਨਾਕੇਬੰਦੀ ਦੌਰਾਨ ਗ੍ਰਿਫ਼ਤਾਰ ਕਰ ਲਿਆ। ਉਕਤ ਦੋਵੇਂ ਸਮਗਲਰਾਂ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਬ ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਪੁਲਿਸ ਪਾਰਟੀ ਸਮੇਤ ਪਿੰਡ ਆਰਿਫਕੇ ਵਿਖੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਇੱਕ ਸ਼ੱਕੀ ਵਿਅਕਤੀ ਆਉਂਦਾ ਹੋਇਆ ਵਿਖਾਈ ਦਿੱਤਾ। ਪੁਲਿਸ ਨੇ ਦੱਸਿਆ ਕਿ ਜਦੋਂ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸਦੇ ਕਬਜ਼ੇ ਵਿੱਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ।

ਪੁਲਿਸ ਨੇ ਦੱਸਿਆ ਕਿ ਹੈਰੋਇਨ ਸਮੇਤ ਫੜੇ ਗਏ ਵਿਅਕਤੀ ਦੀ ਪਛਾਣ ਨਾਇਬ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਪਿੰਡ ਕਿਲੀ ਗੁੱਦਾ ਵਜੋਂ ਹੋਈ ਹੈ। ਇਸੇ ਤਰ੍ਹਾਂ ਸੀਆਈਏ ਸਟਾਫ਼ ਫ਼ਿਰੋਜ਼ਪੁਰ ਦੇ ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਨੇੜੇ ਬਿਜਲੀ ਬੋਰਡ ਦਫ਼ਤਰ ਚੁੰਗੀ ਨੰਬਰ 7 ਕੈਂਟ ਫ਼ਿਰੋਜ਼ਪੁਰ ਵਿਖੇ ਗਸ਼ਤ ਦੇ ਦੌਰਾਨ ਨਸੀਬ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪੱਲਾ ਮੇਘਾ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਵੇਂ ਵਿਅਕਤੀ ਮੰਨੇ ਹਨ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਹੈਰੋਇਨ ਦੀ ਸਮਗਲਿੰਗ ਕਰਨ ਦਾ ਧੰਦਾ ਕਰਦੇ ਆ ਰਹੇ ਹਨ ਅਤੇ ਇਹ ਹੈਰੋਇਨ ਵੀ ਉਹ ਵੇਚਣ ਵਾਸਤੇ ਜਾ ਰਹੇ ਸਨ। ਪੁਲਿਸ ਨੇ ਦੱਸਿਆ ਕਿ ਉਕਤ ਦੋਵੇਂ ਵਿਅਕਤੀਆਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।