ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਸਮਗਲਰ ਪੁਲਿਸ ਅੜਿੱਕੇ.!!!

Gurpreet Singh Josan
Last Updated: Jan 14 2018 17:09

ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਨਸ਼ਾ ਸਮਗਲਰਾਂ, ਸ਼ਰਾਰਤੀ ਅਨਸਰਾਂ ਅਤੇ ਚੋਰਾਂ ਦੇ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਛੇੜੀ ਹੋਈ ਹੈ। ਇਸੇ ਮੁਹਿੰਮ ਦੇ ਚੱਲਦਿਆਂ ਬੀਤੇ ਦਿਨ ਜ਼ਿਲ੍ਹੇ ਦੇ ਤਿੰਨ ਥਾਣਿਆਂ ਦੀ ਪੁਲਿਸ ਨੇ ਤਿੰਨ ਸਮਗਲਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਦਿਆਂ ਉਨ੍ਹਾਂ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਘੱਲ ਖੁਰਦ ਦੇ ਸਹਾਇਕ ਸਬ ਇੰਸਪੈਕਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਪਿੰਡ ਹਰਾਜ ਕੋਲ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਇੱਕ ਵਿਅਕਤੀ ਨੂੰ ਰੋਕਿਆ ਗਿਆ।

ਜਿਸ ਦੀ ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ਵਿੱਚੋਂ 950 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੱਸਿਆ ਕਿ ਗੋਲੀਆਂ ਸਮੇਤ ਫੜੇ ਗਏ ਵਿਅਕਤੀ ਦੀ ਪਛਾਣ ਸੋਮਨਾਥ ਪੁੱਤਰ ਰਾਕੇਸ਼ ਕੁਮਾਰ ਵਾਸੀ ਵਾਰਡ ਨੰਬਰ 2 ਤਲਵੰਡੀ ਭਾਈ ਵਜੋਂ ਹੋਈ ਹੈ। ਦੂਜੇ ਪਾਸੇ ਐਸਟੀਐਫ ਫ਼ਿਰੋਜ਼ਪੁਰ ਯੂਨਿਟ ਦੇ ਏਐਸਆਈ ਸੁਰੇਸ਼ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਆਪਣੀ ਟੀਮ ਸਮੇਤ ਨੇੜੇ ਯਤੀਮਖਾਨਾ ਚੌਂਕ ਫ਼ਿਰੋਜ਼ਪੁਰ ਛਾਉਣੀ ਕੋਲ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਟੀਮ ਨੇ ਐਸ਼ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਪਿੰਡ ਮਾਛੀ ਬੁਗਰਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 240 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

ਇਸੇ ਤਰ੍ਹਾਂ ਹੀ ਸੀਆਈਏ ਸਟਾਫ ਫ਼ਿਰੋਜ਼ਪੁਰ ਦੇ ਸਹਾਇਕ ਸਬ ਇੰਸਪੈਕਟਰ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਜਦੋਂ ਬੀਤੀ ਦੁਪਹਿਰ ਬੱਸ ਅੱਡਾ ਖਾਈ ਫੇਮੇ ਕੀ ਕੋਲ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਸ਼ੱਕ ਦੇ ਤਹਿਤ ਕੁਲਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਜੀਵਾਂ ਅਰਾਈਂ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਕਾਬੂ ਕਰਕੇ ਉਸ ਦੇ ਕੋਲੋਂ 100 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਫੜੇ ਗਏ ਤਿੰਨਾਂ ਸਮਗਲਰਾਂ ਤੋਂ ਜਦੋਂ ਪੁੱਛ-ਗਿੱਛ ਕੀਤੀ ਗਈ ਤਾਂ ਉਹ ਮੰਨੇ ਹਨ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰਦੇ ਆ ਰਹੇ ਹਨ। ਪੁਲਿਸ ਨੇ ਦੱਸਿਆ ਕਿ ਉਕਤ ਸਮਗਲਰਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।