ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮਾਘੀ ਮੇਲੇ ਤੇ ਪਹੁੰਚ ਕੀਤਾ ਕਈ ਵਿਕਾਸ ਸਕੀਮਾਂ ਦਾ ਐਲਾਨ

Last Updated: Jan 14 2018 17:37

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਮਾਘੀ ਮੇਲੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਵਿਖੇ ਨਤਮਸਤਕ ਹੋ 40 ਮੁਕਤਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸਦੇ ਬਾਅਦ ਉਨ੍ਹਾਂ ਵੱਲੋਂ ਮੁਕਤਸਰ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਨਾਲ ਮਿਲ ਕੇ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮਨਪ੍ਰੀਤ ਬਾਦਲ ਨੇ ਮੁਕਤਸਰ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦੇ ਵਿੱਚ ਜਲਾਲਾਬਾਦ ਰੋਡ ਤੇ ਬਣਨ ਵਾਲੇ ਰੇਲਵੇ ਪੁੱਲ, ਮੁਕਤਸਰ ਸਟੇਡੀਅਮ ਨੂੰ ਅੱਪਗ੍ਰੇਡ ਕਰਨਾ ਅਤੇ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਨੂੰ ਅੱਪਗ੍ਰੇਡ ਕਰਨਾ ਆਦਿ ਮੁੱਖ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਸ਼ਹੀਦੀ ਜੋੜ ਮੇਲਿਆਂ ਨੂੰ ਰਾਜਨੀਤੀ ਤੋਂ ਪਾਸੇ ਰੱਖਣ ਦੇ ਮਕਸਦ ਨਾਲ ਕਾਨਫਰੰਸ ਨਾ ਕਰਨ ਦਾ ਫੈਸਲਾ ਕੀਤਾ ਗਿਆ ਸੀ। 

ਇਸਦੇ ਨਾਲ ਹੀ ਅਕਾਲੀ ਦਲ ਬਾਦਲ ਵੱਲੋਂ ਕੀਤੀ ਜਾਣ ਵਾਲੀ ਕਾਨਫਰੰਸ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਪ੍ਰੋਗਰਾਮ ਰਾਜਨੀਤੀ ਤੋਂ ਪਾਸੇ ਰੱਖੇ ਜਾਣ ਤਾਂ ਚੰਗਾ ਹੋਵੇਗਾ। ਬਾਦਲ ਨੇ ਕਿਹਾ ਕਿ ਸਰਕਾਰ ਵੱਲੋਂ ਮੁਕਤਸਰ ਸ਼ਹਿਰ ਵਿੱਚ ਕੂੜੇ-ਕਰਕਟ ਦੇ ਨਿਪਟਾਰੇ ਲਈ ਇੱਕ ਪ੍ਰੋਜੈਕਟ ਦੀ ਸ਼ੁਰੂਆਤ ਕਰ ਉਸਦੇ ਲਈ ਸਾਰੇ ਫੰਡ ਦਿੱਤੇ ਜਾਣਗੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰੇਗੀ ਅਤੇ ਕਿਸਾਨੀ ਕਰਜ਼ਾ ਮਾਫ ਕਰਨ ਦੇ ਨਾਲ-ਨਾਲ ਪਰਾਲੀ ਸਾੜਨ ਦੀ ਸਮੱਸਿਆ ਦਾ ਵੀ ਪੱਕਾ ਹੱਲ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ, ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ, ਸਾਬਕਾ ਵਿਧਾਇਕ ਬੀਬੀ ਕਰਨ ਬਰਾੜ, ਸਾਬਕਾ ਵਿਧਾਇਕ ਭਾਈ ਹਰਨਿਰਪਾਲ ਕੁੱਕੂ, ਯੂਥ ਆਗੂ ਹਨੀ ਫੱਤਣਵਾਲਾ ਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਆਦਿ ਹਾਜ਼ਰ ਸਨ।