ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਦੇਸ਼ ਵਾਸੀਆਂ ਨੂੰ ਕੀਤਾ ਜਾਵੇਗਾ ਲਾਮਬੰਦ : ਚਰਨ ਸਿੰਘ

Last Updated: Jan 14 2018 17:56

ਚਮਕ ਭਵਨ ਵਿਖੇ ਸੀ.ਪੀ.ਆਈ (ਐਮ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਚਰਨ ਸਿੰਘ ਵਿਰਦੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਦੀ ਲੋਕ ਮਾਰੂ ਨੀਤੀਆਂ ਅਤੇ ਲਗਾਤਾਰ ਵਧ ਰਹੀ ਫ਼ਿਰਕਾਪ੍ਰਸਤੀ ਵਿਰੁੱਧ ਲੋਕਾਂ 'ਚ ਰੋਸ ਵਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀ.ਪੀ.ਆਈ (ਐਮ) ਕੇਂਦਰ ਸਰਕਾਰ ਦੀ ਨੀਤੀਆਂ ਦਾ ਵਿਰੋਧ ਕਰਦੀ ਆ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਨਤਕ ਅਦਾਰਿਆਂ ਨੂੰ ਖ਼ਤਮ ਕਰਨ ਦੇ ਮਨਸੂਬੇ ਨਾਲ ਉਨ੍ਹਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਤੇ ਕੋਡੀਆਂ ਦੇ ਭਾਅ ਲੋਕਾਂ ਦੀ ਖ਼ੂਨ ਪਸੀਨੇ ਦੀ ਕਮਾਈ ਨੂੰ ਕਾਰਪੋਰੇਟ ਘਰਾਨਿਆਂ ਵਿੱਚ ਲੁਟਾਇਆ ਜਾ ਰਿਹਾ ਹੈ।
 
ਕਾਮਰੇਡ ਵਿਰਦੀ ਨੇ ਕਿਹਾ ਕਿ ਚੋਣਾਂ 'ਚ ਕੀਤਾ ਕੋਈ ਵੀ ਵਾਅਦਾ ਸਰਕਾਰ ਨੇ ਪੂਰਾ ਨਹੀਂ ਕੀਤਾ। ਕਿਸੇ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ ਸਗੋਂ ਬੇ-ਰੁਜਗਾਰਾਂ ਦੀ ਲਾਇਨ ਹੋਰ ਲੰਮੀ ਹੋ ਗਈ ਅਤੇ ਮਹਿੰਗਾਈ ਰੁਕਣ ਦਾ ਨਾ ਨਹੀਂ ਲੈ ਰਹੀ। ਦਿਹਾੜੀਦਾਰ ਮਨੁੱਖ ਲਈ ਪੇਟ ਭਰਨਾ, ਬੱਚਿਆਂ ਦੀਆਂ ਫ਼ੀਸਾਂ, ਦਵਾਈਆਂ ਦਾ ਪ੍ਰਬੰਧ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ। ਕਿਸਾਨ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਨੇ ਨਰਿੰਦਰ ਮੋਦੀ 'ਤੇ ਸਵਾਲ ਕਰਦਿਆਂ ਕਿਹਾ ਕਿ ਤੁਸੀਂ ਦੇਸ਼ ਦੇ ਕਿਸਾਨਾਂ ਨਾਲ ਚੋਣਾਂ ਸਮੇਂ ਵਾਅਦਾ ਕਰਦੇ ਸੀ ਕਿ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਾਂਗੇ ਤੇ ਉਨ੍ਹਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਆਖ਼ਰ ਕੀ ਬਣਿਆਂ ਉਨ੍ਹਾਂ ਵਾਅਦਿਆਂ ਦਾ? 

ਵਿਰਦੀ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਹਰ ਹਰਬਾ ਵਰਤਿਆਂ ਜਾ ਰਿਹਾ ਹੈ। ਦੇਸ਼ ਅੰਦਰ ਫ਼ਿਰਕਾਪ੍ਰਸਤੀ ਵਾਲਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਲੜਾਉਣ ਦੇ ਯਤਨ ਕੀਤੇ ਜਾ ਰਹੇ ਹਨ। ਕੇਂਦਰ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਨੂੰ ਪਛਾੜਨ ਦੇ ਲਈ ਤਿੱਖੇ ਲੋਕ ਸੰਘਰਸ਼ਾਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸੱਚ ਉਜਾਗਰ ਕਰਨ ਵਾਲੀ ਪੱਤਰਕਾਰ 'ਤੇ ਦਰਜ ਕੀਤੇ ਪਰਚੇ ਦੀ ਵੀ ਪਾਰਟੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। 

ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਸਥਾਨਕ ਪ੍ਰਸ਼ਾਸਨ ਦੀਆਂ ਚੋਣਾਂ ਨਿਰਪੱਖ ਤੌਰ 'ਤੇ ਕਰਾਉਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਸੂਬਾਈ ਜਥੇਬੰਦੀ ਦੀ ਕਾਨਫ਼ਰੰਸ 23, 24 25 ਜਨਵਰੀ ਨੂੰ ਮਹਿਲਪੁਰ ਵਿਖੇ ਹੋਣ ਜਾ ਰਹੀ ਹੈ। ਇਸ ਸਮੇਂ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਵਿਜੇ ਮਿਸਰਾ, ਸੂਬਾ ਸਕੱਤਰੇਤ ਮੈਂਬਰ ਕਾਮਰੇਡ ਰਘੂਨਾਥ , ਸੂਬਾ ਸਕੱਤਰੇਤ ਮੈਂਬਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਤੇ ਸੂਬਾ ਸਕੱਤਰੇਤ ਮੈਂਬਰ ਆਦਿ ਨੇ ਮੀਟਿੰਗ 'ਚ ਆਪਣੇ ਵਿਚਾਰ ਪੇਸ਼ ਕੀਤੇ।