ਚਾਰ ਕਾਂਗਰਸੀ ਪਰਿਵਾਰ ਅਕਾਲੀ ਦਲ ਵਿੱਚ ਹੋਏ ਸ਼ਾਮਲ

Last Updated: Jan 14 2018 17:51

ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਬੌੜਹਾਈ ਕਲਾਂ ਦੇ ਚਾਰ ਕਾਂਗਰਸੀ ਪਰਿਵਾਰ ਕਾਂਗਰਸ ਦਾ ਹੱਥ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ, ਜਿਨ੍ਹਾਂ ਦਾ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਾਬਕਾ ਸਰਪੰਚ ਅਮਰ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਜੰਗ ਸਿੰਘ, ਗੁਰਮੀਤ ਸਿੰਘ, ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ, ਕਰਮ ਸਿੰਘ ਆਦਿ ਦੇ ਪਰਿਵਾਰ ਸ਼ਾਮਲ ਹਨ।

ਸਾਬਕਾ ਵਿਧਾਇਕ ਝੂੰਦਾਂ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਅਮਲ ਵਿੱਚ ਨਹੀਂ ਲਿਆਉਂਦੇ ਅਤੇ ਨਾ ਹੀ ਪਾਰਟੀ ਦੇ ਵਰਕਰਾਂ ਦੀ ਕੋਈ ਪੁੱਛ ਪੜਤਾਲ ਹੋ ਰਹੀ ਹੈ। ਇਹੋ ਕਾਰਨ ਨਾਰਾਜ਼ ਕਾਂਗਰਸੀ ਵਰਕਰ ਅਕਾਲੀ ਦਲ ਨਾਲ ਜੁੜ ਰਹੇ ਹਨ। ਝੂੰਦਾਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਖੇਤ ਮਜ਼ਦੂਰ ਅਤੇ ਖੇਤੀਬਾੜੀ ਧੰਦੇ ਨਾਲ ਜੁੜਿਆ ਹਰ ਵਿਅਕਤੀ ਕਾਂਗਰਸ ਪਾਰਟੀ ਤੋਂ ਨਾਰਾਜ਼ ਹੋ ਚੁੱਕਾ ਹੈ, ਇਹੋ ਕਾਰਨ ਥੋੜ੍ਹੇ ਜਿਹੇ ਸਮੇਂ ਦੌਰਾਨ ਹੀ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਦਾ ਸਰਕਾਰ ਪ੍ਰਤੀ ਮੋਹ ਭੰਗ ਹੋ ਚੁੱਕਾ ਹੈ।