ਪੂਰਾ ਕਰਜਾ ਮੁਆਫ ਹੋਣ ਤੱਕ ਜਾਰੀ ਰਹੇਗਾ ਸੰਘਰਸ਼: ਭਾਕਿਯੂ

Tinku Garg
Last Updated: Jan 14 2018 19:26

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਹੰਬਲਵਾਸ ਵਿੱਚ ਰੋਸ ਰੈਲੀ ਕਰਕੇ ਕਰਜਾ ਮੁਆਫੀ ਨੂੰ ਲੈ ਕੇ ਸ਼ੁਰੂ ਹੋਣ ਵਾਲੇ ਅੰਦੋਲਨ ਦੇ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿੱਚ ਹੋਈ ਰੈਲੀ 'ਚ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਕਰਜਾ ਮੁਆਫੀ ਦੇ ਨਾਂ 'ਤੇ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਨਾ ਦੇ ਬਰਾਬਰ ਰਾਹਤ ਦਿੱਤੀ ਹੈ, ਜੋ ਕਿ ਕਿਸਾਨਾਂ ਦੇ ਜ਼ਖਮਾਂ 'ਤੇ ਨਮਕ ਛਿੜਕਣ ਦੇ ਬਰਾਬਰ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨੂੰ ਪੂਰਾ ਕਰਜਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ। ਪਰ ਹੁਣ ਸ਼ਰਤਾਂ ਲਾ ਕੇ ਇਸ ਵਾਅਦੇ ਤੋਂ ਪਿੱਛੇ ਹੱਟ ਰਹੇ ਹਨ। ਸਰਕਾਰ ਨੂੰ ਉਸਦੇ ਵਾਅਦੇ ਯਾਦ ਕਰਵਾਉਣ ਲਈ ਯੂਨੀਅਨ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡ ਕੁਆਟਰਾਂ ਦੇ ਸਾਹਮਣੇ 22 ਜਨਵਰੀ ਤੋਂ ਅੰਦੋਲਨ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਨੇ ਇਸ ਅੰਦੋਲਨ ਦੇ ਬਾਅਦ ਵੀ ਕਿਸਾਨਾਂ ਦਾ ਪੂਰਾ ਕਰਜਾ ਮੁਆਫ ਨਹੀਂ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਹੋਵੇਗਾ।