ਮੋਦੀ ਅਤੇ ਕੈਪਟਨ ਸਰਕਾਰ ਡੁੱਬਦੀ ਕਿਸਾਨੀ ਵੱਲ ਤੁਰੰਤ ਗ਼ੌਰ ਕਰੇ: ਆਗੂ

Gurpreet Singh Josan
Last Updated: Jan 29 2018 15:03

ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਸ਼ਿਵਤਾਰ ਸਿੰਘ ਝਾੜੀ ਵਾਲਾ ਦੀ ਪ੍ਰਧਾਨਗੀ ਹੇਠ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਹੋਈ। ਜਿਸ ਵਿੱਚ ਬਹੁਤ ਸਾਰੇ ਕਿਸਾਨਾਂ ਨੇ ਸ਼ਮੂਲੀਅਤ ਕਰਦਿਆਂ ਕਿਸਾਨੀ ਮੰਗਾਂ ਤੇ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੋਟਰਾਂ 'ਤੇ ਮੀਟਰ ਲਗਾਉਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ। ਕਿਸਾਨ ਆਗੂ ਸ਼ਿਵਤਾਰ ਸਿੰਘ, ਗੁਰਮੀਤ ਸਿੰਘ ਮੋਠਾਂ ਵਾਲਾ ਨੇ ਕਿਹਾ ਕਿ ਕਿਸਾਨ ਤਾਂ ਆਰਥਿਕ ਤੰਗੀਆਂ ਕਾਰਨ ਪਹਿਲੋਂ ਹੀ ਖ਼ੁਦਕੁਸ਼ੀਆਂ ਦੇ ਰਾਹ ਪਏ ਹਨ, ਪਰ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਹੱਕ ਦੇਣ ਦੀ ਬਜਾਏ ਨਵੇਂ-ਨਵੇਂ ਟੈਕਸ ਲਗਾ ਕੇ ਉਨ੍ਹਾਂ ਦਾ ਕਚੂਮਰ ਕੱਢ ਰਹੀਆਂ ਹਨ। ਡੀਜ਼ਲ ਅਤੇ ਪੈਟ੍ਰੋਲ ਦੇ ਵੱਧਦੇ ਰੇਟਾਂ ਬਾਰੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਰੇਟ ਵੀ ਘੱਟ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਆਉਂਦੀ 13 ਮਾਰਚ ਨੂੰ ਦਿੱਲੀ ਵਿਖੇ ਸਰਕਾਰ ਨੂੰ ਘੇਰਨ ਅਤੇ ਅਣਮਿਥੇ ਸਮੇਂ ਲਈ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।