ਡੀਸੀ ਦਫ਼ਤਰ ਕਾਮਿਆਂ ਨੇ ਫੂਕੀ ਕੈਪਟਨ ਸਰਕਾਰ ਦੀ ਅਰਥੀ.!!!

Last Updated: Feb 02 2018 17:23

ਅੱਜ ਦੂਜੇ ਦਿਨ ਵੀ ਪੰਜਾਬ ਰਾਜ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਸੂਬਾ ਕਮੇਟੀ ਵੱਲੋਂ ਲਏ ਫੈਸਲੇ ਮੁਤਾਬਿਕ ਡੀ.ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਲੋਂ ਮੁਕੰਮਲ ਤੌਰ 'ਤੇ ਕੰਮਕਾਜ ਬੰਦ ਕਰਕੇ ਹੜਤਾਲ ਕੀਤੀ ਗਈ ਅਤੇ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਆਪਣੇ ਮੋਢਿਆਂ 'ਤੇ ਕੈਪਟਨ ਸਰਕਾਰ ਦੀ ਅਰਥੀ ਚੁੱਕ ਕੇ ਨਾਅਰੇਬਾਜੀ ਕੀਤੀ ਗਈ ਅਤੇ ਕੰਪਲੈਕਸ ਦੇ ਸਾਹਮਣੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਪੀ.ਐਸ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਅਤੇ ਡੀਸੀ ਦਫ਼ਤਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਥਿੰਦ ਨੇ ਦੱਸਿਆ ਕਿ ਇਹ ਹੜਤਾਲ ਇਕੱਲੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਦੇ ਹਿੱਤਾਂ ਲਈ ਹੀ ਨਹੀਂ, ਬਲਕਿ ਭਵਿੱਖ ਵਿਚ ਸਰਕਾਰੀ ਨੌਕਰੀ ਦੇ ਲਈ ਆਉਣ ਵਾਲੇ ਯੁਵਕਾਂ ਦੇ ਲਈ ਵੀ ਹੈ।

ਉਨ੍ਹਾਂ ਆਖਿਆ ਕਿ ਉਹ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦਾ ਪਿੱਟ ਸਿਆਪਾ ਕਰ ਰਹੇ ਹਨ, ਪਰ ਕੋਈ ਵੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣ ਲਈ ਤਿਆਰ ਨਹੀਂ। ਇਸ ਮੌਕੇ 'ਤੇ ਆਗੂਆਂ ਨੇ ਐਲਾਣ ਕਰਦਿਆਂ ਕਿਹਾ ਕਿ ਜਿਨ੍ਹਾਂ ਚਿਰ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਪੂਰਾ ਨਹੀਂ ਕਰਦੀ, ਉਨ੍ਹਾਂ ਸਮਾਂ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ। ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਦਰਸ਼ਨ ਕੌਰ, ਰਜਨੀਸ਼ ਕੁਮਾਰ, ਬਲਵਿੰਦਰ ਕੁਮਾਰ, ਕ੍ਰਿਸ਼ਨ ਕੁਮਾਰ, ਬਿੰਦੂ ਬਾਲਾ, ਦਲਬੀਰ ਸਿੰਘ, ਕੇਵਲ ਕ੍ਰਿਸ਼ਨ, ਰਾਜਿੰਦਰ ਕੁਮਾਰ, ਅਮਰੀਕ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

ਕਾਮਿਆਂ ਦੀ ਹੜਤਾਲ, ਲੋਕ ਪ੍ਰੇਸ਼ਾਨ

ਬੀਤੇ ਕੱਲ੍ਹ ਤੋਂ ਦੋ ਦਿਨਾਂ ਹੜਤਾਲ 'ਤੇ ਚੱਲ ਰਹੇ ਡੀਸੀ ਦਫ਼ਤਰ ਕਾਮਿਆਂ ਦੇ ਕਾਰਨ ਡੀਸੀ ਦਫ਼ਤਰ ਕੰਮ ਕਰਵਾਉਣ ਆਏ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਕਰਮ ਸਿੰਘ ਨੇ ਦੱਸਿਆ ਕਿ ਉਹ ਡੀਸੀ ਦਫ਼ਤਰ ਵਿਖੇ ਆਨਲਾਈਨ ਫਾਈਲ ਸਬਮਿਟ ਕਰਵਾਉਣ ਲਈ ਆਇਆ ਸੀ, ਪਰ ਮੁਲਾਜ਼ਮ ਹੜਤਾਲ 'ਤੇ ਹੋਣ ਦੇ ਕਾਰਨ ਉਸ ਦੀ ਫਾਈਲ ਸਬਮਿਟੀ ਨਹੀਂ ਹੋਈ। ਵਿਕਰਮ ਨੇ ਦੱਸਿਆ ਕਿ ਬੀਤੇ ਦੋ ਦਿਨਾਂ ਤੋਂ ਉਹ ਡੀਸੀ ਦਫ਼ਤਰ ਵਿਖੇ ਚੱਕਰ ਲਗਾ ਰਿਹਾ ਹੈ, ਪਰ ਮੁਲਾਜ਼ਮ ਦੀ ਹੜਤਾਲ ਅਤੇ ਸੀਟ 'ਤੇ ਨਾ ਮਿਲਣ ਕਾਰਨ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੀਪਇੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦਾਦੇ ਦੀ ਪੈਨਸ਼ਨ ਦੇ ਫਾਰਮ ਜਮ੍ਹਾ ਕਰਵਾਉਣ ਲਈ ਆਏ ਸਨ, ਪਰ ਹੜਤਾਲ ਦੇ ਚੱਲਦਿਆਂ ਉਨ੍ਹਾਂ ਦਾ ਕੋਈ ਕੰਮ ਡੀਸੀ ਦਫ਼ਤਰ ਵਿਖੇ ਨਹੀਂ ਹੋ ਸਕਿਆ। ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਛੇਤੀ ਤੋਂ ਛੇਤੀ ਹੱਲ ਕੀਤੀਆਂ ਜਾਣ ਤਾਂ ਜੋ ਲੋਕ ਆਪਣੇ ਕੰਮ ਕਰਵਾ ਸਕਣ।