ਮੋਦੀ ਅਤੇ ਕੈਪਟਨ ਸਰਕਾਰ ਵਿਰੁੱਧ ਕੀਤੀ ਗੇਟ ਰੈਲੀ

Gurpreet Singh Josan
Last Updated: Feb 08 2018 17:07

ਮੋਦੀ ਸਰਕਾਰ ਵੱਲੋਂ ਕਥਿਤ ਮੁਲਾਜ਼ਮ ਵਿਰੋਧੀ ਅਤੇ ਲੋਕ ਵਿਰੋਧੀ ਬਜਟ ਪੇਸ਼ ਕਰਨ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਅਤੇ ਲਾਰਾ ਲੱਪਾ ਲਾਓ ਨੀਤੀਆਂ ਵਿਰੁੱਧ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਰਮਨ ਅੱਤਰੀ ਅਤੇ ਸ਼ਾਮ ਲਾਲ ਸਚਦੇਵਾ ਦੀ ਪ੍ਰਧਾਨਗੀ ਵਿੱਚ ਗੇਟ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੇ ਸੂਬਾ ਕਨਵੀਨਰ ਰਵਿੰਦਰ ਲੂਥਰਾ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਮੁਲਾਜ਼ਮਾਂ ਲਈ ਕਿਸੇ ਵੀ ਰਿਆਅਤ ਦਾ ਐਲਾਣ ਨਹੀਂ ਕੀਤਾ ਗਿਆ। ਲੰਮੇ ਸਮੇਂ ਤੋਂ ਮੁਲਾਜ਼ਮਾਂ ਵੱਲੋਂ ਇਨਕਮ ਟੈਕਸ ਵਿੱਚ ਛੂਟ ਦੀ ਉਡੀਕ ਕੀਤੀ ਜਾ ਰਹੀ ਸੀ, ਜੋ 'ਊਠ ਦਾ ਬੱਲ' ਹੀ ਸਾਬਤ ਹੋਈ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਵੀ ਜੁਮਲਾ ਹੀ ਸਾਬਿਤ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਤੋਂ ਵੀ ਸਰਕਾਰ ਭੱਜ ਗਈ ਹੈ ਅਤੇ ਪਹਿਲੇ ਚੱਲਦੇ ਬਜਟ ਵਿੱਚ ਵੀ ਕਟੌਤੀ ਕੀਤੀ ਗਈ ਹੈ। 50 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਬੀਮਾ ਦੇਣ ਦੀ ਗੱਲ ਕੀਤੀ ਗਈ ਹੈ, ਪਰ ਬਜਟ ਵਿੱਚ ਪੈਸੇ ਦੀ ਕੋਈ ਵਿਵਸਥਾ ਨਹੀਂ ਕੀਤੀ ਗਈ। ਦੇਸ਼ ਦੇ ਸਿਹਤ ਅਦਾਰਿਆਂ ਨੂੰ ਤੱਕੜਾ ਕਰਕੇ ਲੋਕਾਂ ਨੂੰ ਸੱਸਤੀਆਂ ਸਿਹਤ ਸਹੂਲਤਾਂ ਦੇਣ ਦੀ ਥਾਂ ਬੀਮਾ ਕੰਪਨੀਆਂ ਦੀ ਲੁੱਟ ਕਰਨ ਲਈ ਦਰਵਾਜੇ ਖੋਲ੍ਹੇ ਜਾ ਰਹੇ ਹਨ। ਪੰਜਾਬ ਦੀ ਕੈਪਟਨ ਸਰਕਾਰ ਦੀ ਗੱਲ ਕਰਦਿਆਂ ਲੂਥਰਾ ਨੇ ਦੱਸਿਆ ਕਿ ਸਰਕਾਰ ਦੇ 10 ਮਹੀਨੇ ਬੀਤ ਗਏ ਹਨ, ਪਰ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ 'ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਨਾ ਹੀ ਅਜੇ ਤੱਕ ਤਨਖਾਹ ਕਮਿਸ਼ਨ ਦੀ ਗੱਲ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨਾ ਡੀਏ ਦੀਆਂ ਕਿਸ਼ਤਾਂ ਅਤੇ ਨਾ ਡੀਏ ਦਾ ਬਕਾਇਆ ਦਿੱਤਾ ਜਾ ਰਿਹਾ ਹੈ। ਚਿਤਾਵਨੀ ਭਰੇ ਲਹਿਜੇ ਵਿੱਚ ਉਨ੍ਹਾਂ ਨੇ ਕਿਹਾ ਕਿ ਜੇਕਰ ਉਕਤ ਸਾਰੀਆਂ ਮੰਗਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ।