ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਕੀਤੇ ਜਾਂਦੇ ਉਪਰਾਲਿਆਂ ਦਾ ਲਿਆ ਜਾਇਜ਼ਾ

Tinku Garg
Last Updated: Feb 13 2018 17:50

ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰਧਾਨ ਮੰਤਰੀ ਨਵੇਂ 15 ਨੁਕਾਤੀ ਪ੍ਰੋਗਰਾਮਾਂ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਲਾਗੂ ਕਰਨ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕਰਨ ਲਈ ਪੁੱਜੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਵੱਖ-ਵੱਖ ਯੋਜਨਾਵਾਂ ਦਾ ਲਾਭ ਯੋਗ ਬਿਨੇਪਾਤਰੀਆਂ ਤੱਕ ਪੁੱਜਦਾ ਕਰਨ ਲਈ ਤਿੰਨ ਮਹੀਨਿਆਂ ਮਗਰੋਂ ਪ੍ਰਗਤੀ ਸਮੀਖਿਆ ਕਰਨ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਿਤ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਦਿਆਂ ਸ. ਰਾਏ ਨੇ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਜਾਰੀ ਹੋਣ ਵਾਲੀ ਰਾਸ਼ੀ, ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਅਤੇ ਸਮੱਸਿਆਵਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਹਾਸਲ ਕੀਤੀ।

ਸ. ਰਾਏ ਨੇ ਕਿਹਾ ਕਿ ਮਨਿਓਰਟੀ ਅਫੇਅਰਜ਼ ਮੰਤਰਾਲੇ ਵੱਲੋਂ ਸਮੇਂ-ਸਮੇਂ 'ਤੇ ਜਾਰੀ ਹੋਣ ਵਾਲੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘੱਟ ਗਿਣਤੀ ਸਮੁਦਾਇ ਦੇ ਜੀਵਨ ਪੱਧਰ ਨੂੰ ਵਿੱਤੀ ਤੌਰ 'ਤੇ ਮਜ਼ਬੂਤ ਕਰਨ ਲਈ ਵਿਭਾਗੀ ਪੱਧਰ 'ਤੇ ਪ੍ਰਾਪਤ ਹੋਣ ਵਾਲੇ ਕੇਸਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾਵੇ ਤਾਂ ਜੋ ਲੋੜਵੰਦ ਲੋਕ ਸਵੈ-ਰੁਜ਼ਗਾਰ ਦੇ ਸਮਰੱਥ ਬਣ ਸਕਣ। ਮੀਟਿੰਗ ਦੌਰਾਨ ਮਨਜੀਤ ਸਿੰਘ ਰਾਏ ਨੇ ਮਲੇਰਕੋਟਲਾ ਵਿਖੇ ਉਰਦੂ ਭਾਸ਼ਾ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਅਹਿਮਦਗੜ੍ਹ ਅਤੇ ਮਲੇਰਕੋਟਲਾ ਵਿਖੇ ਚਲਾਏ ਜਾ ਰਹੇ ਆਂਗਣਵਾੜੀ ਕੇਂਦਰਾਂ ਤੋਂ ਇਲਾਵਾ ਜ਼ਿਲ੍ਹੇ ਵਿੱਚ ਵਜੀਫ਼ਾ ਯੋਜਨਾਵਾਂ, ਮੈਰੀਟੋਰੀਅਸ ਸਕੂਲ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਬੈਂਕ ਕਰਜ਼ਿਆਂ, ਸੰਪੂਰਨਾ ਗ੍ਰਾਮ ਰੁਜ਼ਗਾਰ ਯੋਜਨਾ, ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਾ ਯੋਜਨਾ ਸਮੇਤ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ।

ਸ. ਰਾਏ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੀ ਸਥਾਪਨਾ ਦਾ ਮਕਸਦ ਦੇਸ਼ ਅੰਦਰ ਰਹਿ ਰਹੇ ਵੱਖ-ਵੱਖ ਘੱਟ ਗਿਣਤੀ ਸਮੁਦਾਇਆਂ ਦੀ ਭਲਾਈ, ਉਨ੍ਹਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਯੋਜਨਾਵਾਂ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਘੱਟ ਗਿਣਤੀ ਫ਼ਿਰਕਿਆਂ ਦੀ ਭਲਾਈ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚ ਸਕੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬੱਤਰਾ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਕੰਵਲਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਬਲਵਿੰਦਰ ਕੌਰ, ਜ਼ਿਲ੍ਹਾ ਭਲਾਈ ਅਫ਼ਸਰ ਮੁਕੁਲ ਬਾਵਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ, ਡੀ.ਐਸ.ਪੀ ਸੰਦੀਪ ਵਡੇਰਾ, ਤਹਿਸੀਲਦਾਰ ਸੁਰਾਜ ਅਹਿਮਦ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।