ਹੈਰੋਇਨ ਅਤੇ ਡੋਡਿਆਂ ਸਮੇਤ ਦੋ ਕਾਬੂ

Gurpreet Singh Josan
Last Updated: Feb 14 2018 14:36

ਸੀਆਈਏ ਸਟਾਫ਼ ਫ਼ਿਰੋਜ਼ਪੁਰ ਅਤੇ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਾਕੇਬੰਦੀ ਅਤੇ ਗਸ਼ਤ ਦੇ ਦੌਰਾਨ ਦੋ ਵਿਅਕਤੀਆਂ ਨੂੰ ਡੋਡਿਆਂ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ ਵਿੱਚ ਉਕਤ ਦੋਵੇਂ ਵਿਅਕਤੀਆਂ ਦੇ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ਼ ਫ਼ਿਰੋਜ਼ਪੁਰ ਦੇ ਸਹਾਇਕ ਸਬ ਇੰਸਪੈਕਟਰ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਭਗਵਾਨਪੁਰਾ ਦਾ ਰਹਿਣ ਵਾਲਾ ਇੱਕ ਵਿਅਕਤੀ ਜੋ ਪੋਸਤ ਆਦਿ ਦਾ ਧੰਦਾ ਕਰਦਾ ਹੈ ਅਤੇ ਹੁਣ ਵੀ ਉਸ ਨੇ ਆਪਣੇ ਘਰ ਭੁੱਕੀ ਪੋਸਤ ਡੋਡੇ ਰੱਖੇ ਹੋਏ ਹਨ।

ਪੁਲਿਸ ਨੇ ਦੱਸਿਆ ਕਿ ਮੁਖ਼ਬਰ ਤੋਂ ਸੂਚਨਾ ਮਿਲਦਿਆਂ ਹੀ ਜਦੋਂ ਪਿੰਡ ਭਗਵਾਨਪੁਰਾ ਵਿਖੇ ਛਾਪੇਮਾਰੀ ਕੀਤੀ ਗਈ ਤਾਂ ਉੱਥੋਂ ਬਲਦੇਵ ਸਿੰਘ ਨੂੰ 20 ਕਿੱਲੋ ਭੁੱਕੀ ਪੋਸਤ ਡੋਡੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਜਦੋਂ ਬਲਦੇਵ ਸਿੰਘ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਇਹ ਧੰਦਾ ਕਰਦਾ ਆ ਰਿਹਾ ਹੈ। ਇਸੇ ਤਰ੍ਹਾਂ ਏਐਸਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਬੰਡਾਲਾ ਪੁਲ ਕੋਲ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ਤੇ ਇੱਕ ਵਿਅਕਤੀ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲੈਣ ਉਪਰੰਤ ਉਸ ਦੇ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।

ਪੁਲਿਸ ਨੇ ਦੱਸਿਆ ਕਿ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨੇ ਆਪਣਾ ਨਾਮ ਰਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਅਗਲੋਂ ਕਲਾਂ ਥਾਣਾ ਵਲਟੋਆ ਜ਼ਿਲ੍ਹਾ ਤਰਨਤਾਰਨ ਦੱਸਿਆ ਹੈ। ਪੁਲਿਸ ਨੇ ਦੱਸਿਆ ਕਿ ਉਕਤ ਬਲਦੇਵ ਸਿੰਘ ਪੁੱਤਰ ਕਿਰਪਾਲ ਸਿੰਘ ਅਤੇ ਰਵਿੰਦਰ ਸਿੰਘ ਦੇ ਖਿਲਾਫ ਐਨਡੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।