ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ਼ ਮੁਹਿੰਮ ਵਿੱਚ ਸ਼ਮੂਲੀਅਤ ਲਈ ਮੈਂਬਰਸ਼ਿਪ ਸ਼ੁਰੂ

Sukhjinder Kumar
Last Updated: Mar 13 2018 19:50

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਆਪਣੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਅੰਦਰ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਇਸ ਨਾਲ ਜੋੜਨ ਲਈ ਇਸ ਮੁਹਿੰਮ ਦੌਰਾਨ ਕਰੀਬ 30 ਹਜਾਰ ਲੋਕਾਂ ਦਾ ਟੀਚਾ ਮਿੱਥਿਆ ਗਿਆ ਹੈ। ਜਿਕਰਯੋਗ ਹੈ ਕਿ 23 ਮਾਰਚ ਨੂੰ ਖਟਕੜ ਕਲਾਂ ਤੋਂ ਸ਼ੁਰੂ ਕੀਤੇ ਜਾ ਰਹੇ ਬਹੁਪੱਖੀ ਪ੍ਰੋਗਰਾਮ 'ਨਸ਼ੇ ਦੀ ਦੁਰਵਰਤੋਂ ਰੋਕਣ ਲਈ ਅਫ਼ਸਰ' (ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼-ਡੇਪੋ) ਲਈ ਹਰੇਕ ਜਿਲ੍ਹੇ ਅੰਦਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪਠਾਨਕੋਟ ਅੰਦਰ ਵੀ ਅੱਜ ਤੋਂ ਇਹ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਡੇਪੋ ਵਲੰਟੀਅਰ ਬਣਨ ਦੇ ਚਾਹਵਾਨ ਫਾਰਮ ਸਾਂਝ ਕੇਂਦਰਾਂ ਜਾਂ ਵੈਬਸਾਈਟ www.ppsaanjh.in ਤੋਂ ਪ੍ਰਾਪਤ ਕਰਕੇ,ਭਰਨ ਉਪਰੰਤ ਆਪਣੇ ਨੇੜਲੇ ਸਾਂਝ ਕੇਂਦਰਾਂ ਵਿੱਚ ਜਮਾਂ ਕਰਵਾ ਸਕਦੇ ਹਨ। ਇਹ ਪ੍ਰਗਟਾਵਾ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫਤਰ 'ਚ ਇੱਕ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ। 

ਮੀਟਿੰਗ ਦੌਰਾਨ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ 23 ਮਾਰਚ ਨੂੰ ਪਠਾਨਕੋਟ ਵਿਖੇ ਅਤੇ ਸਬ-ਡਵੀਜ਼ਨ ਧਾਰ ਕਲਾਂ ਵਿਖੇ ਇੱਕ ਸਹੂੰ ਚੁੱਕ ਸਮਾਰੋਹ ਕਰਵਾਇਆ ਜਾਵੇਗਾ। ਉਨ੍ਹਾਂ ਡੇਪੋ ਪ੍ਰਤੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲਈ 18 ਸਾਲ ਤੋਂ ਉੱਪਰ ਉਮਰ ਦਾ ਕੋਈ ਵੀ ਵਿਅਕਤੀ ਵਾਲੰਟੀਅਰ ਵਜੋਂ ਨਾਂ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਾਲੰਟੀਅਰਾਂ ਵੱਲੋਂ ਸਵੈ-ਇੱਛਾ ਨਾਲ ਸੇਵਾ ਕੀਤੀ ਜਾਵੇਗੀ ਅਤੇ ਇਸ ਲਈ ਕੋਈ ਮਾਣ-ਭੱਤਾ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਹਰ ਇੱਕ ਡੇਪੋ ਵਲੰਟੀਅਰ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਨਸ਼ਿਆ ਖਿਲਾਫ ਜਾਗਰੁਕਤਾ ਪੈਦਾ ਕਰੇ, ਨਸ਼ੇ 'ਚ ਫਸੇ ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਕੇਂਦਰ ਸਬੰਧੀ ਜਾਣਕਾਰੀ ਦੇਵੇ, ਆਪਣੇ ਇਲਾਕੇ 'ਚ ਖੇਡਾਂ ਜਾਂ ਹੋਰ ਸਕਾਰਾਤਮਕ ਸਰਗਰਮੀਆਂ ਨੂੰ ਉਤਸ਼ਾਹਿਤ ਕਰੇ ਅਤੇ ਜਿਲ੍ਹਾ ਪ੍ਰਸ਼ਾਸਨ ਨਾਲ ਮਿਲਕੇ ਕੰਮ ਕਰੇ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ 'ਤੇ ਸੁਚੱਜੇ ਤਰੀਕੇ ਨਾਲ ਲਾਗੂ ਕਰਨ ਲਈ ਜਿਲ੍ਹਾ ਮਿਸ਼ਨ ਟੀਮਾਂ ਵੀ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇੱਕ ਜਿਲ੍ਹਾ ਪੱਧਰੀ ਟੀਮ ਬਣਾਈ ਜਾਵੇਗੀ ਅਤੇ ਇਸੇ ਤਰ੍ਹਾਂ ਹੀ ਸਬ-ਡਵੀਜ਼ਨ ਪੱਧਰ 'ਤੇ ਵੀ ਟੀਮਾਂ ਬਣਾਈਆਂ ਜਾਣਗੀਆਂ। ਇਸਤੋਂ ਇਲਾਵਾ ਵਾਰਡ ਟੀਮਾਂ ਅਤੇ ਪਿੰਡ ਪੱਧਰ 'ਤੇ ਵੀ ਟੀਮਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਸ਼ਿਆਂ ਨੂੰ ਖ਼ਤਮ ਕਰਨ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਉਹ ਡੇਪੋ ਵਲੰਟੀਅਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਡੇਪੋ ਵਲੰਟੀਅਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ ਅਤੇ ਸ਼ਨਾਖ਼ਤੀ ਕਾਰਡ ਵੀ ਜਾਰੀ ਕੀਤੇ ਜਾਣਗੇ।