ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਇੱਕ ਮੰਗ ਪੱਤਰ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਸੌਂਪਿਆ

Vipan Sharma
Last Updated: Mar 13 2018 20:52

ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਸਮੇਂ ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਵਿਜੈ ਸਾਂਪਲਾ ਕੇਂਦਰੀ ਮੰਤਰੀ, ਸ਼ਵੇਤ ਮਲਿਕ ਮੈਂਬਰ ਪਾਰਲੀਮੈਂਟ ਵੀ ਉਨ੍ਹਾਂ ਦੇ ਨਾਲ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਉਪਰੰਤ ਕੇਂਦਰੀ ਗ੍ਰਹਿ ਮੰਤਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਉਨ੍ਹਾਂ ਨਾਲ ਆਏ ਹੋਰਾਂ ਨੂੰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਨਮਾਨਿਤ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਮੰਗ ਪੱਤਰ ਸੌਂਪਿਆ, ਜਿਸ ਵਿੱਚ 6 ਵਿਸ਼ੇਸ਼ ਮੰਗਾਂ ਦਾ ਜ਼ਿਕਰ ਹੈ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿੱਚ ਆ ਰਹੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਮੰਗ ਕੀਤੀ ਕਿ ਇਸ ਇਤਿਹਾਸਕ ਪੁਰਬ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਖੁੱਲ੍ਹਾ ਲਾਂਘਾ ਦਿੱਤਾ ਜਾਵੇ, ਤਾਂ ਜੋ ਸੰਗਤਾਂ ਗੁਰੂ ਸਾਹਿਬ ਨਾਲ ਸਬੰਧਤ ਅਸਥਾਨ ਦੇ ਖੁੱਲ੍ਹੇ ਦਰਸ਼ਨ ਕਰ ਸਕਣ। ਉਨ੍ਹਾਂ ਨੇ ਮੰਗ ਕੀਤੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਅਪੀਲ ਦਾ ਫੈਸਲਾ ਜਲਦ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰਨਾਂ ਸਿੱਖ ਕੈਦੀਆਂ ਦੀ ਰਿਹਾਈ ਸਬੰਧੀ ਵੀ ਅਪੀਲ ਕੀਤੀ। ਇੱਕ ਹੋਰ ਮੰਗ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜੰਮੂ ਕਸ਼ਮੀਰ ਵਿੱਚ ਵੱਸਦੇ ਸਿੱਖਾਂ ਨੂੰ ਘੱਟ ਗਿਣਤੀ ਦਾ ਦਰਜ਼ਾ ਦੇਣ ਦਾ ਮਾਮਲਾ ਗ੍ਰਹਿ ਮੰਤਰੀ ਕੋਲ ਉਠਾਇਆ। ਉਨ੍ਹਾਂ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਸਿੱਖਾਂ ਨੂੰ ਸਰਕਾਰੀ ਨੌਕਰੀਆਂ ਅਤੇ ਸਰਕਾਰੀ ਸਕੀਮਾਂ ਵਿੱਚ ਨਿਰਪੱਖ ਹਿੱਸਾ ਨਹੀਂ ਮਿਲ ਰਿਹਾ, ਇਸ ਕਰਕੇ ਸਿੱਖਾਂ ਨੂੰ ਜੰਮੂ ਕਸ਼ਮੀਰ ਅੰਦਰ ਘੱਟ ਗਿਣਤੀ ਦਾ ਦਰਜ਼ਾ ਦਿੱਤਾ ਜਾਵੇ। ਉਨ੍ਹਾਂ ਨੇ ਇਹ ਮੰਗ ਵੀ ਕੀਤੀ ਕਿ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਮਾਨ ਜੋ ਦੇਸ਼ ਦੀ ਆਰਮੀ ਵੱਲੋਂ ਉਠਾ ਲਿਆ ਗਿਆ ਸੀ ਨੂੰ ਤੁਰੰਤ ਵਾਪਸ ਕੀਤਾ ਜਾਵੇ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਗੁਰਦੁਆਰਾ ਸਾਹਿਬਾਨ ਵਿੱਚ ਵਰਤਾਏ ਜਾਂਦੇ ਲੰਗਰਾਂ ਤੋਂ ਜੀ.ਐਸ.ਟੀ. ਹਟਾਉਣ ਦੀ ਅਪੀਲ ਕੀਤੀ, ਤਾਂ ਜੋ ਗੁਰੂ ਘਰਾਂ 'ਤੇ ਪੈ ਰਹੇ ਵਾਧੂ ਬੋਝ ਨੂੰ ਰੋਕਿਆ ਜਾ ਸਕੇ। ਭਾਈ ਲੌਂਗੋਵਾਲ ਨੇ ਇੱਕ ਹੋਰ ਮੰਗ ਰਾਹੀਂ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-87 ਦੇ ਤਹਿਤ ਆਉਂਦੇ ਉਨ੍ਹਾਂ ਗੁਰਦੁਆਰਿਆਂ ਨੂੰ ਸੈਕਸ਼ਨ-85 ਅਧੀਨ ਲਿਆਉਣ ਲਈ ਨੋਟੀਫਿਕੇਸ਼ਨ ਕਰਨ ਲਈ ਕਿਹਾ ਜੋ ਯੋਗ ਹਨ। ਉਨ੍ਹਾਂ ਨੇ ਕਿਹਾ ਕਿ 35 ਤੋਂ ਵੱਧ ਇਨ੍ਹਾਂ ਗੁਰਦੁਆਰਿਆਂ ਸਬੰਧੀ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਲਿਖਿਆ ਜਾ ਚੁੱਕਾ ਹੈ। ਇਨ੍ਹਾਂ ਮੰਗਾਂ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਉਨ੍ਹਾਂ ਨੂੰ ਮੁਲਾਕਾਤ ਲਈ ਸਮਾਂ ਦੇਣਗੇ, ਤਾਂ ਜੋ ਇਨ੍ਹਾਂ ਸਾਰੇ ਮਸਲਿਆਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਮੰਗ ਪੱਤਰ ਨੂੰ ਉਹ ਅਗਲੀ ਪ੍ਰਕਿਰਿਆ ਵਿੱਚ ਜ਼ਰੂਰ ਪਾਉਣਗੇ।