ਪੁਲਿਸ ਦਾ ਦਾਅਵਾ, ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ.!!!

Gurpreet Singh Josan
Last Updated: Mar 14 2018 12:37

ਥਾਣਾ ਕੁੱਲਗੜੀ ਅਤੇ ਥਾਣਾ ਮੱਖੂ ਪੁਲਿਸ ਨੇ ਨਾਕੇਬੰਦੀ ਅਤੇ ਗਸ਼ਤ ਦੇ ਦੌਰਾਨ ਦੋ ਵਿਅਕਤੀਆਂ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧ ਵਿੱਚ ਪੁਲਿਸ ਨੇ ਦੋਵਾਂ ਵਿਅਕਤੀਆਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਕੁੱਲਗੜੀ ਦੇ ਸਹਾਇਕ ਸਬ ਇੰਸਪੈਕਟਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਬੀਤੀ ਸ਼ਾਮ ਕਰੀਬ ਪੌਣੇ 6 ਵਜੇ ਆਪਣੀ ਪੁਲਿਸ ਪਾਰਟੀ ਸਮੇਤ ਫ਼ਿਰੋਜ਼ਪੁਰ-ਜ਼ੀਰਾ ਰੋਡ 'ਤੇ ਸਥਿਤ ਪਿੰਡ ਸ਼ੇਰਖਾਂ ਵਿਖੇ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਨੂੰ ਇੱਕ ਸ਼ੱਕੀ ਵਿਅਕਤੀ ਵਿਖਾਈ ਦਿੱਤਾ।

ਪੁਲਿਸ ਨੇ ਦਾਅਵਾ ਕਰਦਿਆਂ ਦੱਸਿਆ ਕਿ ਜਦੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਬਲਵੰਤ ਸਿੰਘ ਪੁੱਤਰ ਬੋਹੜਾ ਵਾਸੀ ਪਿੰਡ ਸ਼ੇਰਖਾਂ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਮੱਖੂ ਦੇ ਏਐਸਆਈ ਜੁਗਰਾਜ ਸਿੰਘ ਨੇ ਦਾਅਵਾ ਕਰਦਿਆਂ ਦੱਸਿਆ ਕਿ ਬੀਤੀ ਸ਼ਾਮ ਕਰੀਬ ਸਾਢੇ 6 ਵਜੇ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕੋਲੋਂ 1100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

ਪੁਲਿਸ ਨੇ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਸਮੇਤ ਫੜੇ ਗਏ ਵਿਅਕਤੀ ਨੇ ਆਪਣਾ ਨਾਮ ਪਰਮਜੀਤ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ ਮਿੱਠੇ ਵਾਲਾ ਦੱਸਿਆ ਹੈ। ਪੁਲਿਸ ਮੁਤਾਬਿਕ ਉਕਤ ਪਰਮਜੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਦਾ ਆ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਉਕਤ ਦੋਵੇਂ ਵਿਅਕਤੀਆਂ ਵਿਰੁੱਧ ਐਨਡੀਪੀਐਸ ਐਕਟ ਦੀਆਂ ਅਲੱਗ-ਅਲੱਗ ਧਰਾਵਾਂ ਤਹਿਤ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।