ਤੰਬਾਕੂ ਪਦਾਰਥਾਂ ਦਾ ਇਸਤੇਮਾਲ ਕਰਨ ਤੋਂ ਰੋਕਣ 'ਚ ਸਕੂਲੀ ਵਿਦਿਆਰਥੀ ਨਿਭਾ ਸਕਦੇ ਹਨ ਅਹਿੰਮ ਰੋਲ: ਡਾ. ਨਵਜੋਤ ਕੌਰ

Jatinder Singh
Last Updated: May 16 2018 18:08

ਤੰਬਾਕੂ ਪਦਾਰਥਾਂ ਦਾ ਇਸਤੇਮਾਲ ਕਰਨ ਨਾਲ ਇਨਸਾਨੀ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਤੰਬਾਕੂ ਖਾਣ ਕਾਰਨ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਸਕੂਲੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ਸਿਵਲ ਸਰਜਨ ਡਾ. ਹਰਮਿੰਦਰ ਕੌਰ ਸੋਢੀ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਸਿਹਤ ਅਫਸਰ ਡਾ. ਨਵਜੋਤ ਕੌਰ ਦੀ ਅਗਵਾਈ ਵਿੱਚ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਤੰਬਾਕੂ ਕੰਟ੍ਰੋਲ ਪ੍ਰੋਗਰਾਮ ਅਤੇ ਤੰਬਾਕੂ ਕੰਟ੍ਰੋਲ ਐਕਟ ਸਬੰਧੀ ਜਾਣਕਾਰੀ ਦਿੰਦੇ ਹੋਏ ਤੰਬਾਕੂ ਪਦਾਰਥਾਂ ਦੀ ਵਰਤੋ ਨਾਲ ਮੂੰਹ, ਗਲੇ ਅਤੇ ਫੇਫੜਿਆਂ ਦੇ ਕੈਂਸਰ ਵਰਗੀ ਹੋਣ ਵਾਲੀ ਬੀਮਾਰੀ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫਸਰ ਡਾ. ਨਵਜੋਤ ਕੌਰ ਨੇ ਦੱਸਿਆ ਕਿ ਤੰਬਾਕੂ ਕੰਟ੍ਰੋਲ ਪ੍ਰੋਗਰਾਮ ਦੇ ਤਹਿਤ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਤੰਬਾਕੂ ਪਦਾਰਥ ਖਾਣ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ ਹੈ। ਇਸ ਪ੍ਰੋਗਰਾਮ ਅਧੀਨ ਸਕੂਲੀ ਵਿਦਿਆਰਥੀਆਂ ਦਰਮਿਆਨ ਤੰਬਾਕੂ ਦੇ ਮਾੜੇ ਪ੍ਰਭਾਵਾਂ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਕਰੀਬ 50 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਬੱਚਿਆਂ ਵੱਲੋਂ ਤੰਬਾਕੂ ਤੋਂ ਬਚਾਅ ਸਬੰਧੀ ਅਤੇ ਤੰਬਾਕੂ ਸੇਵਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਪੋਸਟਰ ਤਿਆਰ ਕੀਤੇ ਗਏ। ਇਸ ਮੁਕਾਬਲੇ ਵਿੱਚ ਪਹਿਲੇ, ਦੂਜੇ ਅਤੇ ਤੀਜੇ ਨੰਬਰ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਅਤੇ ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਅਮਰਜੀਤ ਸਿੰਘ ਸੋਹੀ ਵੱਲੋਂ ਵਿਸ਼ੇਸ਼ ਤੌਰ 'ਤੇ ਨਵਾਜ਼ਿਆ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਤੰਬਾਕੂ ਪਦਾਰਥਾਂ ਦਾ ਲਗਾਤਾਰ ਇਸਤੇਮਾਲ ਕਰਨ ਦੇ ਨਾਲ ਮੂੰਹ, ਗਲੇ ਅਤੇ ਫੇਫੜਿਆਂ ਦੇ ਕੈਂਸਰ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਤੰਬਾਕੂ ਪਦਾਰਥ ਮੂੰਹ, ਗਲੇ ਅਤੇ ਫੇਫੜਿਆਂ ਦੇ ਕੈਂਸਰ ਦਾ ਮੁੱਖ ਕਾਰਨ ਬਣਦਾ ਹੈ। ਕੈਂਸਰ ਵਰਗੀ ਭਿਆਨਕ ਬੀਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਤੰਬਾਕੂ ਪਦਾਰਥਾਂ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ ਹੈ। ਬਲਕਿ ਤੰਬਾਕੂ ਪਦਾਰਥਾਂ ਦੀ ਵਰਤੋ ਕਰਨ ਵਾਲੇ ਹੋਰਨਾਂ ਲੋਕਾਂ ਨੂੰ ਇਸਦੇ ਇਨਸਾਨੀ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਦੇ ਹੋਏ ਤੰਬਾਕੂ ਪਦਾਰਥਾਂ ਦਾ ਇਸਤੇਮਾਲ ਕਰਨ ਤੋਂ ਰੋਕਣਾ ਚਾਹੀਦਾ ਹੈ। ਸਕੂਲੀ ਵਿਦਿਆਰਥੀ ਤੰਬਾਕੂ ਪਦਾਰਥਾਂ ਦੀ ਵਰਤੋ ਕਰਨ ਵਾਲੇ ਵਿਅਕਤੀਆਂ ਨੂੰ ਰੋਕਣ 'ਚ ਅਹਿੰਮ ਰੋਲ ਅਦਾ ਕਰ ਸਕਦੇ ਹਨ।