ਡੇਂਗੂ ਪ੍ਰਤੀ ਹਰੇਕ ਵਿਅਕਤੀ ਨੂੰ ਜਾਗਰੂਕ ਹੋਣਾ ਚਾਹੀਦਾ ਹੈ: ਡਾ. ਸੀਮਾ

Mahesh Kumar
Last Updated: May 17 2018 17:40

ਡੇਂਗੂ ਪ੍ਰਤੀ ਹਰੇਕ ਵਿਅਕਤੀ ਨੂੰ ਜਾਗਰੂਕ ਹੋਣਾ ਚਾਹੀਦਾ ਹੈ। ਡੇਂਗੂ ਦਾ ਮੱਛਰ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇਹ ਇੱਕ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣ ਜਾਂਦਾ ਹੈ। ਇਸ ਲਈ ਕੂਲਰਾਂ, ਗਮਲਿਆਂ, ਫਰੀਜਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫਤੇ 'ਚ ਇੱਕ ਵਾਰ ਸਾਫ ਕਰਕੇ ਜ਼ਰੂਰ ਸੁਕਾਓ, ਤਾਂ ਜੋ ਮੱਛਰ ਪੈਦਾ ਨਾ ਹੋ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਸੀਮਾ ਸੀਨੀਅਰ ਮੈਡੀਕਲ ਅਫਸਰ ਸੀ.ਐਸ.ਸੀ ਕਾਲਾ ਸੰਘਿਆਂ ਨੇ ਰਾਸ਼ਟਰੀ ਡੇਂਗੂ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਕੀਤਾ। ਡਾ. ਸੀਮਾ ਨੇ ਕਿਹਾ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁੱਫਤ ਕੀਤਾ ਜਾਂਦਾ ਹੈ। ਡਾ. ਰਾਕੇਸ਼ ਨੇ ਦੱਸਿਆ ਕਿ ਤੇਜ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ 'ਚ ਦਰਦ, ਚਮੜੀ 'ਤੇ ਦਾਣੇ, ਅੱਖਾਂ ਦੇ ਪਿੱਛਲੇ ਹਿੱਸੇ ਵਿੱਚ ਦਰਦ ਡੇਂਗੂ ਦੇ ਲੱਛਣ ਹਨ। ਉਨ੍ਹਾਂ ਨੇ ਕਿਹਾ ਕਿ ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿਉ। ਸੋਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦਾ ਇਸਤੇਮਾਲ ਕਰੋ। ਛੱਤਾਂ 'ਤੇ ਰੱਖੀਆਂ ਪਾਣੀ ਦੀਆਂ ਟੈਂਕੀਆ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ, ਟੁੱਟੇ ਬਰਤਨਾਂ ਤੇ ਡਰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲ੍ਹੇ 'ਚ ਨਾ ਰੱਖੋ, ਬੁਖਾਰ ਹੋਣ 'ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ। ਸਿਰਫ ਪੈਰਾਸਿਟਾਮੋਲ ਡਾਕਟਰ ਦੀ ਸਲਾਹ ਨਾਲ ਲਵੋ। ਅਜਿਹੇ ਕੱਪੜੇ ਪਾਓ, ਜਿਸ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ। ਇਸ ਮੌਕੇ ਅਪਥਾਲਮਿਕ ਅਫਸਰ ਰਾਕੇਸ਼ ਬਾਲੀ ਨੇ ਦੱਸਿਆ ਕਿ ਵਿਭਾਗ ਵੱਲੋਂ ਹਰੇਕ ਸ਼ੁੱਕਰਵਾਰ ਨੂੰ ਡ੍ਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਘਰਾਂ ਵਿੱਚ ਵੀ ਆਪਣੇ ਕੂਲਰਾਂ ਤੇ ਪਾਣੀ ਰੱਖਣ ਵਾਲੇ ਬਰਤਨਾਂ ਨੂੰ ਸਾਫ ਕਰਕੇ ਸੌਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਸਕੂਲਾਂ ਵਿੱਚ ਵੀ ਜਾਗਰੂਕਤਾ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਡੇਂਗੂ ਮੱਛਰਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।