ਡੀ.ਸੀ ਵੱਲੋਂ ਐਮ.ਆਰ. ਟੀਕਾਕਰਣ ਮੁਹਿੰਮ 'ਚ ਹੋਰ ਤੇਜੀ ਲਿਆਉਣ ਦੀ ਹਦਾਇਤ

Last Updated: May 17 2018 17:50

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਡਿਪਟੀ ਕਮਿਸ਼ਨਰ ਰਾਮਵੀਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਮੀਜ਼ਲ ਰੁਬੇਲਾ ਟੀਕਾਕਰਣ ਤੋਂ ਇਲਾਵਾ ਜ਼ਿਲ੍ਹਾ ਸਿਹਤ ਸੋਸਾਇਟੀ ਦੇ ਵੱਖ-ਵੱਖ ਪ੍ਰਾਜੈਕਟਾਂ ਅਤੇ ਯੋਜਨਾਵਾਂ ਦਾ ਰੀਵਿਊ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਰਿਚਾ, ਸਿਵਲ ਸਰਜਨ ਡਾ. ਗੁਰਮਿੰਦਰ ਸਿੰਘ ਵੀ ਹਾਜ਼ਰ ਸਨ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਕਿ ਖ਼ਸਰੇ ਅਤੇ ਰੂਬੇਲਾ ਦੀ ਬਿਮਾਰੀ ਦੀ ਰੋਕਥਾਮ ਲਈ ਸਰਕਾਰ ਵੱਲੋਂ ਲਗਾਏ ਜਾ ਰਹੇ ਐਮ.ਆਰ ਟੀਕੇ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਵਿਭਾਗ ਦਾ ਵੀ ਸਹਿਯੋਗ ਲਿਆ ਜਾਵੇ, ਤਾਂ ਜੋ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਨੇ ਸਿੱਖਿਆ ਸੰਸਥਾਵਾਂ ਦੇ ਮੁਖੀਆਂ ਨੂੰ ਇਸ ਮੁਹਿੰਮ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਸਮੂਹ ਐਸ.ਡੀ.ਐਮਜ਼ ਅਤੇ ਐਸ.ਐਮ.ਓ. ਟੀਕਾਕਰਣ ਮੁਹਿੰਮ ਦੀ ਨਿਗਰਾਨੀ ਕਰਨਗੇ ਤੇ ਉਨ੍ਹਾਂ ਨੂੰ ਇਸ ਸਬੰਧੀ ਰੋਜਾਨਾ ਹੀ ਰਿਪੋਰਟ ਕਰਨਗੇ। ਉਨ੍ਹਾਂ ਨੇ ਇਹ ਵੀ ਆਦੇਸ਼ ਦਿੱਤੇ ਕਿ ਸਕੂਲਾਂ ਵਿੱਚ ਸਵੇਰ ਦੀਆਂ ਸਭਾਵਾਂ, ਪਿੰਡਾਂ ਅਤੇ ਸ਼ਹਿਰਾਂ ਦੇ ਧਾਰਮਿਕ ਸਥਾਨਾਂ ਤੋਂ ਵੀ ਸਿਹਤ ਵਿਭਾਗ ਦੇ ਅਧਿਕਾਰੀ ਐਮ.ਆਰ. ਟੀਕਾਕਰਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਟੀਕਾਕਰਣ ਮੁਹਿੰਮ ਨੂੰ ਸਫਲ ਬਣਾਉਣ ਲਈ ਪੰਚਾਇਤਾਂ, ਬੱਚਿਆਂ ਦੇ ਮਾਤਾ-ਪਿਤਾ ਸਮੇਤ ਸਮੂਹ ਵਿਭਾਗਾਂ ਅਤੇ ਸਾਰੇ ਵਰਗਾਂ ਦਾ ਸਹਿਯੋਗ ਲੈਣ ਲਈ ਕਿਹਾ। ਉਨ੍ਹਾਂ ਨੇ ਦੱਸਿਆ 9 ਮਹੀਨੇ ਤੋਂ ਲੈ ਕੇ 15 ਸਾਲ ਦੇ ਸਾਰੇ ਬੱਚਿਆਂ ਨੂੰ ਇਹ ਟੀਕਾ ਲਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਸੈਂਟਰਾਂ, ਮਾਨਤਾ ਪ੍ਰਾਪਤ ਸਕੂਲ, ਕਰੈਚਾਂ ਅਤੇ ਘਰਾਂ ਵਿੱਚ ਰਹਿ ਰਹੇ 9 ਮਹੀਨੇ ਤੋਂ 15 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਇਹ ਟੀਕਾ ਜ਼ਰੂਰ ਲਗਾਇਆ ਜਾਵੇ। ਉਨ੍ਹਾਂ ਨੇ ਦੱਸਿਆ ਕਿ ਟੀਕਾਕਰਨ ਰਾਹੀਂ ਪੂਰੇ ਦੇਸ਼ 'ਚੋਂ ਪੋਲੀਓ ਵਰਗੀ ਬਿਮਾਰੀ ਦਾ ਖ਼ਾਤਮਾ ਕੀਤਾ ਗਿਆ ਹੈ ਅਤੇ ਹੁਣ ਖ਼ਸਰਾ ਤੇ ਰੁਬੈਲਾ ਵਰਗੀਆਂ ਘਾਤਕ ਬਿਮਾਰੀਆਂ ਦਾ ਵੀ ਖ਼ਾਤਮਾ ਟੀਕਾਕਰਨ ਰਾਹੀਂ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਬੱਚਿਆਂ ਦੇ ਮਾਤਾ-ਪਿਤਾ ਇਸ ਟੀਕੇ ਸਬੰਧੀ ਕੋਈ ਸ਼ਿਕਵਾ ਪ੍ਰਗਟ ਕਰਦੇ ਹਨ ਤਾਂ ਉਨ੍ਹਾਂ ਨੂੰ ਟੀਕੇ ਸਬੰਧੀ ਵਿਸਥਾਰਪੂਰਵਕ ਪੂਰੀ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਉਹ ਆਪਣੇ ਬੱਚਿਆਂ ਨੂੰ ਇਹ ਟੀਕਾ ਲਗਾਉਣ ਲਈ ਤਿਆਰ ਹੋ ਸਕਣ। ਡੀਸੀ ਵੱਲੋਂ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ 'ਚ ਰੋਗੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਨੇ ਜਨਨੀ ਸੁਰੱਖਿਆ ਯੋਜਨਾਂ, ਸਕੂਲ ਸਿਹਤ, ਰਾਸ਼ਟਰੀ ਰੂਰਲ ਹੈਲਥ ਮਿਸ਼ਨ, ਨੈਸ਼ਨਲ ਵੈਕਟਰ ਬੋਰਨ ਡਜੀਜ਼ ਸਮੇਤ ਸਰਕਾਰ ਦੀਆਂ ਵੱਖ-ਵੱਖ ਸਿਹਤ ਯੋਜਨਾਵਾਂ ਸਬੰਧੀ ਵੀ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਰਕਾਰ ਵੱਲੋਂ ਅਤੇ ਉਨ੍ਹਾਂ ਵੱਲੋਂ ਜਾਰੀ ਹੋਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਗੇ।