ਡਰੱਗ ਸਮਗਲਿੰਗ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸਤਲੁਜ ਦਰਿਆ 'ਚ ਰਾਤ ਸਮੇਂ ਕਿਸ਼ਤੀਆਂ ਚਲਾਉਣ 'ਤੇ ਪੂਰਨ ਪਾਬੰਦੀ..!

Gurpreet Singh Josan
Last Updated: Jun 13 2018 13:22

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾਕਟਰ ਰਿਚਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਡਾਕਟਰ ਰਿਚਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਬਾਰਡਰ ਏਰੀਏ ਵਿੱਚ ਪੈਂਦੇ ਸਤਲੁਜ ਦਰਿਆ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ 'ਤੇ ਪੂਰਨ ਪਾਬੰਦੀ ਦਾ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਦਰਿਆਵਾਂ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਪਾਕਿਸਤਾਨ ਪਾਸੋਂ ਡਰੱਗ ਸਮਗਲਿੰਗ ਕਰਨ ਲਈ ਕਿਸ਼ਤੀਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਇਸ ਡਰੱਗ ਸਮਗਲਿੰਗ ਨੂੰ ਰੋਕਣ ਲਈ ਅਤੇ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਇਹ ਪਾਬੰਦੀ ਦਾ ਹੁਕਮ ਜਾਰੀ ਕੀਤਾ ਗਿਆ ਹੈ। ਏ.ਡੀ.ਸੀ. ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸੀਮਨ ਦਾ ਅਨ-ਅਧਿਕਾਰਤ ਤੌਰ 'ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਨਕਲੀ ਅਤੇ ਅਨ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਨ-ਅਧਿਕਾਰਤ ਤੌਰ 'ਤੇ ਵੇਚੇ ਜਾਂ ਖ਼ਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿੱਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਨਸਲ ਖ਼ਰਾਬ ਹੋਣ ਦਾ ਖ਼ਦਸ਼ਾ ਹੈ, ਕਿਉਂਕਿ ਅਜਿਹੇ ਸਮਾਨ ਦੀ ਪੈਡਿਗਰੀ ਬਾਰੇ ਕੁੱਝ ਪਤਾ ਨਹੀਂ ਹੁੰਦਾ।

ਇਸ ਨਾਲ ਪਸ਼ੂ ਧੰਨ ਦੀ ਪ੍ਰੋਡਕਟੀਵਿਟੀ 'ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਇਸ ਲਈ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਸ਼ੂ ਪਾਲਣ ਵਿਭਾਗ ਦੀਆਂ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ, ਡਿਸਪੈਂਸਰੀਆਂ ਤੇ ਪੋਲੀ-ਕਲੀਨਿਕ, ਰੂਰਲ ਵੈਟਰਨਰੀ ਹਸਪਤਾਲਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈੱਡ ਅਤੇ ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫ਼ੀਸ਼ਲ ਇਨਸੈਮੀਨੇਸ਼ਨ ਸੈਂਟਰਾਂ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪ੍ਰੋਸੈੱਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਜਾ ਰਹੇ ਬੋਵਾਇਨ ਸੀਮਨ ਨੂੰ ਵਰਤ ਰਹੇ ਹੋਣ, ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ਆਦਿ 'ਤੇ ਲਾਗੂ ਨਹੀਂ ਹੋਵੇਗਾ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾਕਟਰ ਰਿਚਾ ਨੇ ਦੱਸਿਆ ਕਿ ਇਹ ਪਾਬੰਦੀ ਦੇ ਹੁਕਮ 31 ਜੁਲਾਈ 2018 ਤੱਕ ਲਾਗੂ ਰਹਿਣਗੇ।