ਨਸ਼ੀਲੇ ਪਦਾਰਥ ਵੇਚਣ ਵਾਲਿਆਂ ਵਿਰੁੱਧ ਸਿਹਤ ਵਿਭਾਗ ਹੋਇਆ ਸਖਤ..!!

Last Updated: Jun 13 2018 19:14

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਜਿਸਦੇ ਚੱਲਦਿਆਂ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਜ਼ੀਰਾ ਗੇਟ ਵਿੱਚ ਸਥਿਤ ਇੱਕ ਮੈਡੀਕਲ ਸਟੋਰ ਤੋਂ ਕਰੀਬ 7300 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਰੱਗ ਇੰਸਪੈਕਟਰ ਫਿਰੋਜ਼ਪੁਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਜ਼ੀਰਾ ਗੇਟ ਵਿਖੇ ਇੱਕ ਮੈਡੀਕਲ ਸਟੋਰ ਚਾਲਕ ਪਿਛਲੇ ਲੰਮੇ ਸਮੇਂ ਤੋਂ ਨਸ਼ੀਲੇ ਪਦਾਰਥ ਵੇਚਣ ਦਾ ਕਾਰੋਬਾਰ ਕਰ ਰਿਹਾ ਹੈ।

ਡਰੱਗ ਇੰਸਪੈਕਟਰ ਨੇ ਦਾਅਵਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਸੂਚਨਾ ਮਿਲਦਿਆਂ ਸਾਰ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੂੰ ਨਾਲ ਲੈ ਕੇ ਜਦੋਂ ਉਕਤ ਮੈਡੀਕਲ ਸਟੋਰ 'ਤੇ ਛਾਪੇਮਾਰੀ ਕੀਤੀ ਗਈ ਤਾਂ ਉੱਥੋਂ ਟੀਮ ਨੂੰ ਕਰੀਬ 7300 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਡਰੱਗ ਇੰਸਪੈਕਟਰ ਮੁਤਾਬਿਕ ਮੈਡੀਕਲ ਸਟੋਰ ਚਾਲਕ ਭੱਜਣ ਵਿੱਚ ਸਫਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੈਡੀਕਲ ਸਟੋਰ ਚਾਲਕ ਵਿਰੁੱਧ ਥਾਣਾ ਸਿਟੀ ਫਿਰੋਜ਼ਪੁਰ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।