39 ਯੋਗ ਬਿਨੈਕਾਰਾਂ ਦੀਆਂ ਅਰਜ਼ੀਆਂ ਕਰਜ਼ਾ ਮਨਜ਼ੂਰ ਕਰਨ ਲਈ ਬੈਂਕਾਂ ਨੂੰ ਭੇਜੀਆਂ

Mahesh Kumar
Last Updated: Jun 14 2018 12:20

ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ' ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਕਰਜ਼ਾ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਦੀ ਇੰਟਰਵਿਊ ਲਈ ਗਈ, ਜਿਨ੍ਹਾਂ ਵਿੱਚੋਂ 39 ਯੋਗ ਬਿਨੈਕਾਰਾਂ ਦੀਆਂ ਅਰਜ਼ੀਆਂ ਵੱਖ-ਵੱਖ ਬੈਂਕਾਂ ਨੂੰ ਬਿਨੈਕਾਰਾਂ ਦੀ ਲੋੜ ਅਨੁਸਾਰ ਕਰਜ਼ਾ ਮਨਜ਼ੂਰ ਕਰਨ ਲਈ ਭੇਜੀਆਂ ਗਈਆਂ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਰਵਿਸ ਯੂਨਿਟ ਲਗਾਉਣ ਲਈ 10 ਲੱਖ ਰੁਪਏ ਅਤੇ ਮੈਨੂਫੈਕਚਰਿੰਗ ਯੂਨਿਟ ਲਗਾਉਣ ਲਈ 25 ਲੱਖ ਰੁਪਏ ਤੱਕ ਦਾ ਕਰਜ਼ਾ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ 15 ਤੋਂ 35 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਸਬੰਧੀ ਜ਼ਿਲ੍ਹਾ ਉਦਯੋਗ ਕੇਂਦਰ, ਹਮੀਰਾ ਰੋਡ, ਕਪੂਰਥਲਾ ਪਾਸੋਂ ਵਧੇਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਪਣੇ ਪੈਰਾਂ 'ਤੇ ਖੜੇ ਕਰਨ ਦਾ ਹੈ। ਇਸ ਮੌਕੇ ਚੀਫ਼ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸਰਵੇਂਦਰ ਸਿੰਘ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਦਰਸ਼ਨ ਕੁੰਡਲ, ਜ਼ਿਲ੍ਹਾ ਉਦਯੋਗ ਕੇਂਦਰ ਦੇ ਫੰਕਸ਼ਨਲ ਮੈਨੇਜਰ ਰਵਿੰਦਰ ਕੁਮਾਰ ਝਿੱਗਣ, ਸੰਦੀਪ ਕੁਮਾਰ ਅਤੇ ਕਿਸ਼ਨ ਦਾਸ ਹਾਜ਼ਰ ਸਨ।