ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਪਿੰਡ ਭਨਵਾਲ ਦਾ ਕੀਤਾ ਦੌਰਾ

Last Updated: Jun 14 2018 13:02

ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਅਗੇਤੀ ਝੋਨੇ ਦੀ ਲਵਾਈ 20 ਤੋਂ ਪਹਿਲਾਂ ਨਾ ਕਰਨ, ਸੰਤੁਲਤ ਖਾਦਾਂ ਦੀ ਵਰਤੋਂ ਅਤੇ ਮੱਕੀ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਭਨਵਾਲ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਇਸ ਕੈਂਪ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ। ਇਸ ਮੌਕੇ ਖੇਤੀਬਾੜੀ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰੀ ਸਕੀਮ "ਫਸਲਾਂ ਦੀ ਰਹਿੰਦ ਖੂੰਹਦ ਦਾ ਪ੍ਰਬੰਧ" ਤਹਿਤ ਸੁਪਰ ਐਸਐਮਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਚੌਪਰ.ਕਟਰ ਕਮ ਸ਼ਰੈਡਰ, ਉਲਟਾਵੀਂ ਹੱਲ, ਡਿਜੀਟਲ ਡਰਿਲ ਅਤੇ ਰੋਟਾਵੇਟਰ ਦੀ ਖ੍ਰੀਦ ਕਰਨ ਤੇ 50% ਉਪਦਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਅਤੇ ਚਾਹਵਾਨ ਕਿਸਾਨ 15 ਤਰੀਕ ਨੂੰ ਸ਼ਾਮ 5 ਵਜੇ ਤੱਕ ਸਬੰਧਤ ਖੇਤੀਬਾੜੀ ਦਫਤਰਾਂ ਵਿੱਚ ਬਿਨੈਪੱਤਰ ਦਾਖਲ ਕਰਵਾਉਣ। ਉਨ੍ਹਾਂ ਕਿਹਾ ਕਿ ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਵੱਟਾਂ ਉੱਪਰ ਚੋਗ ਕੇ ਬਿਜਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ ਕੀਤੇ ਨਦੀਨ ਨਾਸ਼ਕਾਂ ਦਾ ਛਿੜਕਾਅ ਸਮੇਂ ਸਿਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਵਾਲੇ ਰਕਬੇ ਨੂੰ ਹੋਰਨਾਂ ਫਸਲਾਂ ਹੇਠ ਲਿਆਉਣ ਦੇ ਮੰਤਵ ਲਈ ਨਾਬਾਰਡ ਦੀ ਮਦਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਅਡੈਪਟਬਿਲਟੀ ਫੰਡ ਫਾਰ ਕਲਾਈਮੇਟ ਚੇਂਜ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਝੋਨੇ ਹੇਠੋਂ ਰਕਬਾ ਕੱਢ ਕੇ ਦਾਲਾਂ, ਤੇਲ ਬੀਜ ਅਤੇ ਮੱਕੀ ਹੇਠ ਰਕਬਾ ਲਿਆਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 23500/- ਦੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।